ਤਾਜਾ ਖਬਰਾਂ
ਅੱਜ ਸਵੇਰੇ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਨੂੰ ਜਦੋਂ ਉਹ ਮਹਾਰਾਸ਼ਟਰ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਕੇ ਵਾਪਸ ਪੰਜਾਬ ਆ ਰਹੇ ਸਨ, ਤਦ ਦਿੱਲੀ ਦੇ ਨਿਜ਼ਾਮੂਦੀਨ ਰੇਲਵੇ ਸਟੇਸ਼ਨ 'ਤੇ ਸੰਗਰੂਰ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ। ਇਸ ਘਟਨਾ ਦੇ ਖਿਲਾਫ਼, ਵੱਖ-ਵੱਖ ਜਨਤਕ ਅਤੇ ਜਮਹੂਰੀ ਜਥੇਬੰਦੀਆਂ ਦੇ ਇੱਕ ਵੱਡੇ ਵਫਦ ਨੇ ਐਸਐਸਪੀ ਸੰਗਰੂਰ ਨੂੰ ਮਿਲ ਕੇ ਆਪਣਾ ਕੜਾ ਰੋਸ ਪ੍ਰਗਟ ਕੀਤਾ ਅਤੇ ਮੰਗ ਕੀਤੀ ਕਿ ਮੁਕੇਸ਼ ਮਲੌਦ ਨੂੰ ਫੌਰੀ ਰਿਹਾ ਕੀਤਾ ਜਾਵੇ।
ਇਸ ਦੇ ਬਾਅਦ ਜਥੇਬੰਦੀਆਂ ਦੇ ਆਗੂਆਂ ਨੇ ਐਸਐਸਪੀ ਦਫ਼ਤਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਨਾਅਰੇਬਾਜ਼ੀ ਅਤੇ ਰੋਸ ਮਾਰਚ ਕਰਦਿਆਂ ਪੰਜਾਬ ਸਰਕਾਰ ਅਤੇ ਸੰਗਰੂਰ ਪੁਲਿਸ ਪ੍ਰਸ਼ਾਸਨ ਦੀ ਨਿੰਦਾ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਭੁਪਿੰਦਰ ਸਿੰਘ ਲੌਂਗੋਵਾਲ, ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਸਕੱਤਰ ਗੁਰਵਿੰਦਰ ਸਿੰਘ ਬੌੜਾਂ ਨੇ ਪ੍ਰੈਸ ਨੂੰ ਦੱਸਿਆ ਕਿ ਮੁਕੇਸ਼ ਮਲੌਦ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜਣਾ ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਖਿਲਾਫ਼ ਹੈ।
ਜਥੇਬੰਦੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨਰੇਗਾ ਸੰਬੰਧੀ ਮਸਲਿਆਂ 'ਤੇ ਵਿਸ਼ੇਸ਼ ਇਜਲਾਸ ਕਰਕੇ ਮਜ਼ਦੂਰਾਂ ਨੂੰ ਧੋਖਾ ਦੇ ਰਹੀ ਹੈ ਅਤੇ ਦੂਸਰੇ ਪਾਸੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਦਬਾ ਰਹੀ ਹੈ। ਇਹ ਗਤੀਵਿਧੀ ਪੰਜਾਬ ਸਰਕਾਰ ਦਾ ਦਲਿਤ ਅਤੇ ਮਜ਼ਦੂਰ ਵਿਰੋਧੀ ਚਿਹਰਾ ਬੇਨਕਾਬ ਕਰਦੀ ਹੈ। ਜਥੇਬੰਦੀਆਂ ਨੇ ਚੇਤਾਵਨੀ ਦਿੱਤੀ ਕਿ ਜੇ ਮੁਕੇਸ਼ ਮਲੌਦ ਨੂੰ ਤੁਰੰਤ ਰਿਹਾ ਨਾ ਕੀਤਾ ਗਿਆ, ਤਾਂ ਭਵਿੱਖ ਵਿੱਚ ਇਹ ਵਫਦ ਜੋਰਦਾਰ ਸੰਘਰਸ਼ ਦੇਣ ਲਈ ਤਿਆਰ ਹੈ।
Get all latest content delivered to your email a few times a month.