ਤਾਜਾ ਖਬਰਾਂ
ਬਰਨਾਲਾ ਸ਼ਹਿਰ ਦੇ ਆਈਟੀਆਈ ਚੌਕ ਨੇੜੇ ਇੱਕ 17 ਸਾਲਾ ਨਾਬਾਲਿਗ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ ਹੈ। ਮ੍ਰਿਤਕ ਦੀ ਪਛਾਣ ਜਸਪਾਲ ਸਿੰਘ ਉਰਫ਼ ਅੰਕੁਸ਼ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਦਾ ਕਤਲ ਕਰਕੇ ਉਸਦੀ ਲਾਸ਼ ਸੜਕ ਕਿਨਾਰੇ ਸੁੱਟੀ ਗਈ ਹੈ।
ਪਰਿਵਾਰ ਨੇ ਦੱਸਿਆ ਕਿ ਬੀਤੀ ਸ਼ਾਮ ਜਸਪਾਲ ਸਿੰਘ ਨੂੰ ਉਸਦੇ 8-9 ਦੋਸਤਾਂ ਨੇ ਫ਼ੋਨ ਕਰਕੇ ਘਰੋਂ ਬੁਲਾਇਆ ਸੀ। ਇਸ ਤੋਂ ਬਾਅਦ ਰਾਤ ਕਰੀਬ 9 ਵਜੇ ਮ੍ਰਿਤਕ ਦੀ ਮਾਂ ਕਰਮਜੀਤ ਕੌਰ ਨੂੰ ਆਪਣੇ ਪੁੱਤਰ ਦਾ ਫ਼ੋਨ ਆਇਆ, ਜਿਸ ਵਿੱਚ ਉਸਨੇ ਦੱਸਿਆ ਕਿ ਉਹ ਆਈਟੀਆਈ ਚੌਕ ਨੇੜੇ ਇੱਕ ਰੈਸਟੋਰੈਂਟ ਵਿੱਚ ਹੈ ਅਤੇ ਉਸ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਇਸ ਸੂਚਨਾ ਤੋਂ ਬਾਅਦ ਪਰਿਵਾਰ ਤੁਰੰਤ ਮੌਕੇ ’ਤੇ ਪਹੁੰਚਿਆ ਪਰ ਉਨ੍ਹਾਂ ਨੂੰ ਕਿਹਾ ਗਿਆ ਕਿ ਜਸਪਾਲ ਦੀ ਮੌਤ ਸੜਕ ਹਾਦਸੇ ਕਾਰਨ ਹੋ ਗਈ ਹੈ।
ਪਰਿਵਾਰ ਨੇ ਇਸ ਦਾਅਵੇ ਨੂੰ ਨਕਾਰਦੇ ਹੋਏ ਪੁਲਿਸ ’ਤੇ ਦਬਾਅ ਬਣਾਉਣ ਦੇ ਆਰੋਪ ਵੀ ਲਗਾਏ ਹਨ ਕਿ ਉਨ੍ਹਾਂ ਤੋਂ ਜ਼ਬਰਦਸਤੀ ਹਾਦਸੇ ਵਾਲਾ ਬਿਆਨ ਲਿਖਵਾਇਆ ਜਾ ਰਿਹਾ ਹੈ। ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਸਹੀ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ।
ਉੱਧਰ, ਡੀਐਸਪੀ ਬਰਨਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਛੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਤਿੰਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਤਿੰਨ ਹੋਰ ਦੋਸ਼ੀ ਫ਼ਰਾਰ ਹਨ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਬਾਕੀ ਮੁਲਜ਼ਮਾਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਡੀਐਸਪੀ ਨੇ ਇਹ ਵੀ ਦੱਸਿਆ ਕਿ ਮ੍ਰਿਤਕ ਦੀ ਮੈਡੀਕਲ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
Get all latest content delivered to your email a few times a month.