ਤਾਜਾ ਖਬਰਾਂ
ਚੰਡੀਗੜ੍ਹ, 31 ਦਸੰਬਰ:–
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ।
ਸ. ਖੁੱਡੀਆਂ ਨੇ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪ੍ਰਧਾਨ ਗੁਰਦੀਪ ਸਿੰਘ ਬੱਸੀ ਦੀ ਅਗਵਾਈ ਹੇਠ ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਵਫ਼ਦ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕੀਤਾ ਅਤੇ ਐਸੋਸੀਏਸ਼ਨ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਜਲਦੀ ਹੱਲ ਕੀਤਾ ਜਾਵੇਗਾ।
ਐਸੋਸੀਏਸ਼ਨ ਨੇ ਮੀਟਿੰਗ ਦੌਰਾਨ ਸਾਲ 2011 ਵਿੱਚ ਭਰਤੀ ਹੋਏ 400 ਵੈਟਰਨਰੀ ਇੰਸਪੈਕਟਰਾਂ ਦੀ 18 ਮਹੀਨੇ ਦੀ ਸੇਵਾ ਨੂੰ ਰੈਗੂਲਰ ਸਰਵਿਸ ਵਜੋਂ ਵਿਚਾਰਨ, ਤਹਿਸੀਲ ਪੱਧਰ 'ਤੇ ਵੈਟਰਨਰੀ ਇੰਸਪੈਕਟਰਾਂ ਦੀਆਂ 87 ਨਵੀਆਂ ਅਸਾਮੀਆਂ ਸਿਰਜਣ ਅਤੇ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਦੀ ਮੰਗ ਰੱਖੀ। ਸ. ਖੁੱਡੀਆਂ ਦੇ ਭਰੋਸੇ ਤੋਂ ਬਾਅਦ ਐਸੋਸੀਏਸ਼ਨ ਨੇ ਆਪਣੀ ਲੰਬੀ ਦੀ ਪ੍ਰਸਤਾਵਿਤ ਰੈਲੀ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਸ. ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਨੂੰ ਐਸੋਸੀਏਸ਼ਨ ਦੀਆਂ ਮੰਗਾਂ ਸਬੰਧੀ ਤੁਰੰਤ ਬਣਦੀ ਕਾਰਵਾਈ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਹਨ। ਕੈਬਨਿਟ ਮੰਤਰੀ ਨੇ ਐਸੋਸੀਏਸ਼ਨ ਨੂੰ ਮੁੱਖ ਮੁੱਦਿਆਂ ਦੇ ਹੱਲ ਲਈ ਵਿਸ਼ੇਸ਼ ਤੌਰ 'ਤੇ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨਾਲ ਮੀਟਿੰਗ ਕਰਵਾਉਣ ਦਾ ਵੀ ਭਰੋਸਾ ਦਿੱਤਾ।
Get all latest content delivered to your email a few times a month.