ਤਾਜਾ ਖਬਰਾਂ
ਚੰਡੀਗੜ੍ਹ, ਦਸੰਬਰ 31-
ਸਾਲ 2025 ਦੌਰਾਨ ਪੰਜਾਬ ਦਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਅਪਾਹਜ ਸੈਨਿਕਾਂ ਦੀ ਭਲਾਈ ਨੂੰ ਸਮਰਪਿਤ ਰਿਹਾ ਹੈ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਤੇ ਕੈਬਿਨਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਤਹਿਤ ਇਸ ਸਾਲ ਰੱਖਿਆ ਸੇਵਾਵਾਂ ਭਲਾਈ ਵਿਭਾਗ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਹਿਮ ਕਦਮ ਚੁੱਕੇ ਗਏ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੂਬੇ ਦੇ ਸੈਨਿਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਸੰਵੇਦਨਸ਼ੀਲਤਾ ਅਤੇ ਸਨਮਾਨ ਨਾਲ ਨਿਭਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ 10 ਸ਼ਹੀਦ ਸੈਨਿਕਾਂ ਦੇ ਵਾਰਸਾਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਮਾਣ ਅਤੇ ਸ਼ੁਕਰਾਨੇ ਦੀ ਨੀਤੀ ਤਹਿਤ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਗਈ ਹੈ।
ਮੰਤਰੀ ਨੇ ਦੱਸਿਆ ਕਿ ਕਾਰਗਿਲ ਦਿਵਸ ਦੇ ਮੌਕੇ ’ਤੇ ਓਪਰੇਸ਼ਨ ਵਿਜੇ ਦੌਰਾਨ ਸ਼ਹੀਦ ਹੋਏ 65 ਸੈਨਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਸ਼ਹਾਦਤ ਅਤੇ ਦੇਸ਼ ਸੇਵਾ ਨੂੰ ਯਾਦ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਅਤੇ ਅਪਾਹਜ ਸੈਨਿਕਾਂ ਨੂੰ ਐਕਸ-ਗ੍ਰੇਸ਼ੀਆ ਗ੍ਰਾਂਟ ਵਜੋਂ 3.66 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ।
ਸ੍ਰੀ ਭਗਤ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੌਰਾਨ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਗੈਲੈਂਟਰੀ ਅਵਾਰਡੀਆਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਵੱਖ-ਵੱਖ ਯੋਜਨਾਵਾਂ ਅਧੀਨ 63.22 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ।
ਮੰਤਰੀ ਨੇ ਕਿਹਾ ਕਿ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀ ਪੈਨਸ਼ਨ ਸਪਰਸ਼ ਪੋਰਟਲ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਜਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪੈਨਸ਼ਨ ਨਾਲ ਸੰਬੰਧਿਤ ਮੁੱਦਿਆਂ ਦੇ ਹੱਲ ਲਈ ਪੰਜਾਬ ਦੇ ਸਾਰੇ ਜ਼ਿਲ੍ਹਾ ਰੱਖਿਆ ਸੇਵਾਵਾਂ ਦਫ਼ਤਰਾਂ ਵਿੱਚ 15 ਦਿਨਾਂ ਦੇ ਸਹਾਇਤਾ ਕੈਂਪ ਵੀ ਲਗਾਏ ਗਏ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵੱਲੋਂ 10 ਅਪਾਹਜ ਸੈਨਿਕਾਂ ਨੂੰ ਇਲੈਕਟ੍ਰਿਕ ਤਿੰਨ-ਪਹੀਆ ਸਕੂਟਰ ਵੰਡੇ ਗਏ ਹਨ, ਤਾਂ ਜੋ ਉਨ੍ਹਾਂ ਦੀ ਆਵਾਜਾਈ ਅਤੇ ਜੀਵਨ ਸਰਲ ਬਣਾਇਆ ਜਾ ਸਕੇ।
ਮੰਤਰੀ ਸ੍ਰੀ ਭਗਤ ਨੇ ਦੋਹਰਾਇਆ ਕਿ ਪੰਜਾਬ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਨਵੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾਣਗੀਆਂ।
Get all latest content delivered to your email a few times a month.