ਤਾਜਾ ਖਬਰਾਂ
ਸੇਵਾਮੁਕਤ ਆਈਜੀ ਅਮਰ ਸਿੰਘ ਚਾਹਲ ਨਾਲ ਹੋਈ 8 ਕਰੋੜ 10 ਲੱਖ ਰੁਪਏ ਦੀ ਵੱਡੀ ਸਾਈਬਰ ਠੱਗੀ ਦੇ ਮਾਮਲੇ ਵਿੱਚ ਪੁਲਿਸ ਨੂੰ ਅਹਿਮ ਸਫਲਤਾ ਮਿਲੀ ਹੈ। ਸੂਤਰਾਂ ਮੁਤਾਬਕ ਸਾਈਬਰ ਪੁਲਿਸ ਪਟਿਆਲਾ ਨੇ ਮਹਾਰਾਸ਼ਟਰ ਪੁਲਿਸ ਦੀ ਸਾਂਝੀ ਕਾਰਵਾਈ ਦੌਰਾਨ ਦੋ ਮੁੱਖ ਮੁਲਜ਼ਮਾਂ ਨੂੰ ਮਹਾਰਾਸ਼ਟਰ ਤੋਂ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 500 ਤੋਂ ਵੱਧ ਸਿਮ ਕਾਰਡ, ਕਰੀਬ 50 ਮੋਬਾਈਲ ਫੋਨ, 23 ਲੈਪਟਾਪ ਅਤੇ ਹੋਰ ਤਕਨੀਕੀ ਸਾਜ਼ੋ-ਸਾਮਾਨ ਬਰਾਮਦ ਕੀਤਾ ਗਿਆ ਹੈ, ਜਿਸ ਨਾਲ ਸਾਈਬਰ ਠੱਗੀ ਦੇ ਵੱਡੇ ਨੈੱਟਵਰਕ ਦਾ ਖੁਲਾਸਾ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।
ਪੁਲਿਸ ਦੋਵਾਂ ਮੁਲਜ਼ਮਾਂ ਨੂੰ ਮਹਾਰਾਸ਼ਟਰ ਦੀ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ’ਤੇ ਲੈ ਕੇ ਅੱਜ ਰਾਤ ਪਟਿਆਲਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਵੱਲੋਂ ਕੱਲ੍ਹ ਪ੍ਰੈਸ ਕਾਨਫਰੰਸ ਕਰਕੇ ਹੋਰ ਖੁਲਾਸੇ ਕਰਨ ਦੀ ਸੰਭਾਵਨਾ ਹੈ।
ਇਸ ਤੋਂ ਪਹਿਲਾਂ ਜਾਂਚ ਦੌਰਾਨ ਪੁਲਿਸ ਨੇ 25 ਬੈਂਕ ਖਾਤੇ ਫ੍ਰੀਜ਼ ਕਰਕੇ ਕਰੀਬ 3 ਕਰੋੜ ਰੁਪਏ ਦੀ ਟ੍ਰਾਂਜ਼ੈਕਸ਼ਨ ਨੂੰ ਰੋਕਿਆ ਸੀ। ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਠੱਗਾਂ ਨੇ ਆਪਣੇ ਆਪ ਨੂੰ ਬੈਂਕ ਦੇ ਸੀਈਓ ਵਜੋਂ ਪੇਸ਼ ਕਰਕੇ ਨਿਵੇਸ਼ ਦੇ ਨਾਂ ’ਤੇ ਅਮਰ ਸਿੰਘ ਚਾਹਲ ਤੋਂ ਵੱਡੀ ਰਕਮ ਠੱਗੀ। ਇਸ ਗਿਰੋਹ ਦੇ ਤਾਰ ਮਹਾਰਾਸ਼ਟਰ ਨਾਲ ਜੁੜੇ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਤਿੰਨ ਮੁੱਖ ਦੋਸ਼ੀਆਂ ਦੀ ਪਛਾਣ ਪਹਿਲਾਂ ਹੀ ਕੀਤੀ ਜਾ ਚੁੱਕੀ ਸੀ, ਜਿਸ ਤੋਂ ਬਾਅਦ ਪੰਜਾਬ ਪੁਲਿਸ ਦੀਆਂ ਟੀਮਾਂ ਬਾਹਰੀ ਰਾਜਾਂ ਵੱਲ ਰਵਾਨਾ ਹੋਈਆਂ ਸਨ।
ਜ਼ਿਕਰਯੋਗ ਹੈ ਕਿ ਇਸ ਸਾਈਬਰ ਠੱਗੀ ਕਾਰਨ ਮਾਨਸਿਕ ਤਣਾਅ ਵਿੱਚ ਆ ਕੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਨੇ ਕੁਝ ਦਿਨ ਪਹਿਲਾਂ ਆਪਣੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਸੀ। ਉਨ੍ਹਾਂ ਨੂੰ ਤੁਰੰਤ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਆਪ੍ਰੇਸ਼ਨ ਸਫਲ ਹੋਣ ਮਗਰੋਂ ਉਨ੍ਹਾਂ ਦੀ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਪੁਲਿਸ ਨੂੰ ਮੌਕੇ ਤੋਂ 16 ਪੰਨਿਆਂ ਦਾ ਸੁਸਾਈਡ ਨੋਟ ਵੀ ਮਿਲਿਆ ਸੀ, ਜਿਸ ਵਿੱਚ ਉਨ੍ਹਾਂ ਨੇ ਆਨਲਾਈਨ ਧੋਖਾਧੜੀ ਕਾਰਨ ਹੋਏ ਵਿੱਤੀ ਨੁਕਸਾਨ ਅਤੇ ਮਾਨਸਿਕ ਪਰੇਸ਼ਾਨੀ ਦਾ ਜ਼ਿਕਰ ਕੀਤਾ ਹੈ।
2019 ਵਿੱਚ ਸੇਵਾਮੁਕਤ ਹੋਏ ਅਮਰ ਸਿੰਘ ਚਾਹਲ ਪਟਿਆਲਾ ਦੇ ਅਰਬਨ ਅਸਟੇਟ ਇਲਾਕੇ ਵਿੱਚ ਆਪਣੇ ਪਰਿਵਾਰ ਸਮੇਤ ਰਹਿੰਦੇ ਹਨ। ਪੁਲਿਸ ਦਾ ਕਹਿਣਾ ਹੈ ਕਿ ਗ੍ਰਿਫ਼ਤਾਰੀਆਂ ਤੋਂ ਬਾਅਦ ਮਾਮਲੇ ਵਿੱਚ ਹੋਰ ਵੱਡੇ ਖੁਲਾਸੇ ਹੋ ਸਕਦੇ ਹਨ ਅਤੇ ਸਾਈਬਰ ਠੱਗੀ ਦੇ ਪੂਰੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾਵੇਗਾ।
Get all latest content delivered to your email a few times a month.