ਤਾਜਾ ਖਬਰਾਂ
ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਵਿੱਚ ਸਰਪੰਚਾਂ ਅਤੇ ਪੰਚਾਂ ਦੀਆਂ ਖਾਲੀ ਪਈਆਂ ਆਸਾਮੀਆਂ ਨੂੰ ਭਰਨ ਲਈ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ 05 ਜਨਵਰੀ 2026 ਨੂੰ ਸਰਕਾਰੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਨੋਟੀਫਿਕੇਸ਼ਨ ਅਨੁਸਾਰ, ਜ਼ਿਲ੍ਹਾ ਗੁਰਦਾਸਪੁਰ ਵਿੱਚ ਕਲਾਨੌਰ ਮੋਜੋਵਾਲ, ਕਲਾਨੌਰ ਪੁਰਾਣੀ, ਕਲਾਨੌਰ ਪੀ.ਏ.ਪੀ, ਕਲਾਨੌਰ ਚੱਕਰੀ, ਕਲਾਨੌਰ ਢੱਕੀ ਅਤੇ ਕਲਾਨੌਰ ਜ਼ੈਲਦਾਰਾ ਗ੍ਰਾਮ ਪੰਚਾਇਤਾਂ ਵਿੱਚ ਚੋਣਾਂ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ ਜ਼ਿਲ੍ਹਾ ਤਰਨਤਾਰਨ ਅਧੀਨ ਕਾਜ਼ੀ ਕੋਟ (70) (ਨਾਲਾਗੜ੍ਹ-69), ਕੱਕਾ ਕੰਡਿਆਲਾ (63), ਪੰਡੋਰੀ ਗੋਲਾ (79) ਅਤੇ ਮਾੜੀ ਕੰਬੋਕੇ (68) ਗ੍ਰਾਮ ਪੰਚਾਇਤਾਂ ਵਿੱਚ ਵੀ ਸਰਪੰਚ ਅਤੇ ਪੰਚਾਂ ਦੀਆਂ ਆਸਾਮੀਆਂ ਲਈ ਮਤਦਾਨ ਹੋਵੇਗਾ।
ਚੋਣ ਪ੍ਰੋਗਰਾਮ ਮੁਤਾਬਕ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੰਤਿਮ ਮਿਤੀ 08 ਜਨਵਰੀ 2026 (ਵੀਰਵਾਰ) ਨਿਰਧਾਰਤ ਕੀਤੀ ਗਈ ਹੈ। ਵੋਟਿੰਗ 18 ਜਨਵਰੀ 2026 (ਐਤਵਾਰ) ਨੂੰ ਹੋਵੇਗੀ, ਜਦਕਿ ਵੋਟਾਂ ਦੀ ਗਿਣਤੀ ਉਸੇ ਦਿਨ ਚੋਣ ਅਮਲ ਮੁਕੰਮਲ ਹੋਣ ਤੋਂ ਤੁਰੰਤ ਬਾਅਦ ਸੰਬੰਧਤ ਪੋਲਿੰਗ ਸਟੇਸ਼ਨਾਂ ’ਤੇ ਕੀਤੀ ਜਾਵੇਗੀ।
ਚੋਣਾਂ ਦੇ ਐਲਾਨ ਦੇ ਨਾਲ ਹੀ ਸੰਬੰਧਤ ਗ੍ਰਾਮ ਪੰਚਾਇਤਾਂ ਦੇ ਰੈਵੀਨਿਊ ਖੇਤਰਾਂ ਵਿੱਚ ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ, ਜੋ ਚੋਣ ਪ੍ਰਕਿਰਿਆ ਦੇ ਸੰਪੂਰਨ ਹੋਣ ਤੱਕ 19 ਜਨਵਰੀ 2026 ਤੱਕ ਬਰਕਰਾਰ ਰਹੇਗਾ।
ਰਾਜ ਚੋਣ ਕਮਿਸ਼ਨ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਅਤੇ ਤਰਨਤਾਰਨ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰਾਂ ਨੂੰ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
Get all latest content delivered to your email a few times a month.