ਤਾਜਾ ਖਬਰਾਂ
ਸ਼੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾ ਸਿੰਘ ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਵੱਲੋਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਲਈ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ ਅਗਵਾਈ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਕੀਤੀ। ਮੀਟਿੰਗ ਵਿੱਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਸ਼੍ਰੀ ਮੁਕਤਸਰ ਸਾਹਿਬ ਨਾਲ ਸੰਬੰਧਤ ਵਰਕਰਾਂ ਅਤੇ ਹੈਲਪਰਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।
ਮੀਟਿੰਗ ਦੌਰਾਨ ਜਥੇਬੰਦੀ ਵੱਲੋਂ 2026 ਲਈ ਨਵੀਂ ਮੈਂਬਰਸ਼ਿਪ ਮੁਹਿੰਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ ਹਰ ਆਂਗਣਵਾੜੀ ਵਰਕਰ ਅਤੇ ਹੈਲਪਰ ਨੂੰ ਜਥੇਬੰਦੀ ਨਾਲ ਜੋੜਨਾ ਹੈ, ਤਾਂ ਜੋ ਕੋਈ ਵੀ ਕਰਮਚਾਰੀ ਆਪਣੇ ਹੱਕਾਂ ਦੀ ਲੜਾਈ ਵਿੱਚ ਅਕੇਲਾ ਨਾ ਰਹਿ ਜਾਵੇ। ਇਸ ਮੌਕੇ ਜਥੇਬੰਦੀ ਵੱਲੋਂ ਨਵਾਂ ਸਾਲਾਨਾ ਕੈਲੰਡਰ ਵੀ ਰਸਮੀ ਤੌਰ ‘ਤੇ ਜਾਰੀ ਕੀਤਾ ਗਿਆ।
ਮੀਟਿੰਗ ਵਿੱਚ ਆਂਗਣਵਾੜੀ ਵਰਕਰਾਂ ਦੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ‘ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ ਬੀਬੀ ਹਰਗੋਬਿੰਦ ਕੌਰ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਵੱਲੋਂ ਆਂਗਣਵਾੜੀ ਵਰਕਰਾਂ, ਹੈਲਪਰਾਂ, ਆਸ਼ਾ ਵਰਕਰਾਂ ਅਤੇ ਮਿਡ-ਡੇ ਮੀਲ ਵਰਕਰਾਂ ਦਾ ਮਾਣ-ਭੱਤਾ ਦੁੱਗਣਾ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਸਰਕਾਰ ਬਣਨ ਤੋਂ ਚਾਰ ਸਾਲ ਬੀਤ ਜਾਣ ਬਾਵਜੂਦ ਵੀ ਇਹ ਵਾਅਦੇ ਪੂਰੇ ਨਹੀਂ ਹੋਏ।
ਉਨ੍ਹਾਂ ਮੰਗ ਕੀਤੀ ਕਿ ਪ੍ਰਾਈਵੇਟ ਕੰਪਨੀਆਂ ਤੋਂ ਰਾਸ਼ਨ ਖਰੀਦਣ ਦੀ ਪ੍ਰਣਾਲੀ ਤੁਰੰਤ ਖਤਮ ਕਰਕੇ ਸਰਕਾਰੀ ਪ੍ਰਣਾਲੀ ਨੂੰ ਮੁੜ ਲਾਗੂ ਕੀਤਾ ਜਾਵੇ। ਇਸਦੇ ਨਾਲ ਹੀ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦੀ ਗਿਣਤੀ ਘਟਣ ‘ਤੇ ਚਿੰਤਾ ਜ਼ਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਤਿੰਨ ਤੋਂ ਛੇ ਸਾਲ ਦੀ ਉਮਰ ਦੇ ਬੱਚਿਆਂ ਨੂੰ ਸਕੂਲਾਂ ਵਿੱਚ ਭੇਜਣ ਦੀ ਥਾਂ ਆਂਗਣਵਾੜੀ ਕੇਂਦਰਾਂ ਵਿੱਚ ਹੀ ਸਿੱਖਿਆ ਦਿੱਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਅਧਿਆਪਕ ਦਾ ਦਰਜਾ ਦਿੱਤਾ ਜਾਵੇ।
ਬੀਬੀ ਹਰਗੋਬਿੰਦ ਕੌਰ ਨੇ ਸਪੱਸ਼ਟ ਕੀਤਾ ਕਿ ਜੇ ਸਰਕਾਰ ਨੇ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ‘ਤੇ ਧਿਆਨ ਨਾ ਦਿੱਤਾ ਤਾਂ ਜਥੇਬੰਦੀ ਵੱਲੋਂ ਆਉਣ ਵਾਲੇ ਸਮੇਂ ਵਿੱਚ ਤਿੱਖਾ ਸੰਘਰਸ਼ ਅਤੇ ਐਜੀਟੇਸ਼ਨ ਕੀਤਾ ਜਾਵੇਗਾ।
Get all latest content delivered to your email a few times a month.