ਤਾਜਾ ਖਬਰਾਂ
ਮੋਹਾਲੀ ਜ਼ਿਲ੍ਹੇ ਦੇ ਖਰੜ ਵਿੱਚ ਸਥਿਤ ਐਸ.ਡੀ.ਐਮ. ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਅੱਜ ਸਨਸਨੀ ਫੈਲ ਗਈ। ਇਹ ਧਮਕੀ ਇੱਕ ਈਮੇਲ ਰਾਹੀਂ ਭੇਜੀ ਗਈ, ਜਿਸ ਤੋਂ ਬਾਅਦ ਤੁਰੰਤ ਪੁਲਿਸ ਅਤੇ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਧਮਕੀ ਦੀ ਸੂਚਨਾ ਮਿਲਦੇ ਹੀ ਦਫ਼ਤਰ ਵਿੱਚ ਮੌਜੂਦ ਅਧਿਕਾਰੀਆਂ, ਕਰਮਚਾਰੀਆਂ ਅਤੇ ਆਪਣੇ ਕੰਮ ਲਈ ਆਏ ਆਮ ਲੋਕਾਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਤੁਰੰਤ ਬਾਹਰ ਕੱਢ ਲਿਆ ਗਿਆ।
ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਬੰਬ ਰੋਧਕ ਦਸਤਾ ਅਤੇ ਡੌਗ ਸਕੁਐਡ ਨੂੰ ਮੌਕੇ ‘ਤੇ ਬੁਲਾਇਆ ਗਿਆ, ਜਿਨ੍ਹਾਂ ਵੱਲੋਂ ਪੂਰੀ ਇਮਾਰਤ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਸੁਰੱਖਿਆ ਕਾਰਨਾਂ ਕਰਕੇ ਪੂਰੇ ਕੰਪਲੈਕਸ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ।
ਸੂਤਰਾਂ ਮੁਤਾਬਕ ਧਮਕੀ ਭਰੀ ਈਮੇਲ ਐਸ.ਡੀ.ਐਮ. ਦਫ਼ਤਰ ਦੇ ਅਧਿਕਾਰਤ ਈਮੇਲ ਪਤੇ ‘ਤੇ ਭੇਜੀ ਗਈ ਸੀ। ਪੁਲਿਸ ਨੇ ਮਾਮਲੇ ਦੀ ਜਾਂਚ ਲਈ ਸਾਈਬਰ ਸੈੱਲ ਦੀ ਮਦਦ ਲੈਣੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਈਮੇਲ ਕਿੱਥੋਂ ਅਤੇ ਕਿਸ ਨੇ ਭੇਜੀ।
ਮੌਕੇ ‘ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਰੇ ਸੁਰੱਖਿਆ ਪ੍ਰਬੰਧ ਪੱਕੇ ਕਰ ਲਏ ਗਏ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਫਿਲਹਾਲ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਇਹ ਧਮਕੀ ਸਿਰਫ਼ ਸ਼ਰਾਰਤ ਸੀ ਜਾਂ ਕੋਈ ਗੰਭੀਰ ਸਾਜ਼ਿਸ਼, ਜਿਸ ਦਾ ਖੁਲਾਸਾ ਤਲਾਸ਼ੀ ਅਭਿਆਨ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋ ਸਕੇਗਾ।
Get all latest content delivered to your email a few times a month.