ਤਾਜਾ ਖਬਰਾਂ
ਚੰਡੀਗੜ੍ਹ 9 ਜਨਵਰੀ:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਈਸਰਵਾਲ, ਜ਼ਿਲ੍ਹਾ ਜਲੰਧਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਵਿਰੁੱਧ ਥਾਣਾ ਸਿਟੀ ਫਗਵਾੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਦੋਸ਼ੀ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਉਸਦੇ ਮਾਪਿਆਂ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਅਦਾਲਤੀ ਕੰਪਲੈਕਸ ਫਗਵਾੜਾ ਬੁਲਾਇਆ ਸੀ। ਇਸ ਮੁਲਾਕਾਤ ਦੌਰਾਨ ਦੋਸ਼ੀ ਨੇ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ ਧਮਕਾਇਆ ਕਿ ਜੇਕਰ ਭੁਗਤਾਨ ਨਾ ਕੀਤਾ ਗਿਆ ਤਾਂ ਉਸ ਦੇ ਮਾਪਿਆਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। ਇਸ ਦਬਾਅ ਹੇਠ ਸ਼ਿਕਾਇਤਕਰਤਾ ਨੇ ਮੌਕੇ ’ਤੇ ਦੋਸ਼ੀ ਨੂੰ 2,000 ਰੁਪਏ ਰਿਸ਼ਵਤ ਵਜੋਂ ਦੇ ਦਿੱਤੇ।
ਇਸ ਤੋਂ ਬਾਅਦ ਸ਼ਿਕਾਇਤਕਰਤਾ ਆਪਣੇ ਮਾਪਿਆਂ ਨਾਲ ਪੁਲਿਸ ਥਾਣਾ ਸਿਟੀ ਫਗਵਾੜਾ ਗਿਆ, ਜਿੱਥੇ ਉਸਦੇ ਮਾਪਿਆਂ ਦੀ ਹੋਰ ਤਫ਼ਤੀਸ਼ ਕੀਤੀ ਗਈ, ਉਕਤ ਦੋਸ਼ੀ ਸਹਾਇਕ ਸਬ-ਇੰਸਪੈਕਟਰ ਨੇ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਲਈ 10,000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕੀਤੀ। ਜਦੋਂ ਸ਼ਿਕਾਇਤਕਰਤਾ ਨੇ ਪੂਰੀ ਰਕਮ ਦੇਣ ਵਿੱਚ ਅਸਮਰੱਥਾ ਪ੍ਰਗਟਾਈ ਤਾਂ ਦੋਸ਼ੀ ਅਧਿਕਾਰੀ ਨੇ ਰਿਸ਼ਵਤ ਵਜੋਂ ਹੋਰ 2,000 ਰੁਪਏ ਦੇ ਦਿੱਤੇ ਅਤੇ ਬਾਕੀ ਰਕਮ ਬਾਅਦ ਵਿੱਚ ਅਦਾ ਕਰਨ ਲਈ ਕਿਹਾ ਗਿਆ।
ਬੁਲਾਰੇ ਨੇ ਅੱਗੇ ਦੱਸਿਆ ਕਿ ਦੋਸ਼ੀ ਏ.ਐਸ.ਆਈ. ਨੇ ਸ਼ਿਕਾਇਤਕਰਤਾ ਨੂੰ ਦੁਬਾਰਾ ਰਾਵਲਪਿੰਡੀ ਪੁਲਿਸ ਸਟੇਸ਼ਨ ਦੇ ਨੇੜੇ ਬੁਲਾਇਆ ਅਤੇ 2,000 ਰੁਪਏ ਰਿਸ਼ਵਤ ਲੈ ਲਈ ਅਤੇ ਉਸਨੂੰ ਬਾਕੀ ਰਕਮ ਦੇਣ ਲਈ ਹਦਾਇਤ ਕੀਤੀ । ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਨਿਯਮਤ ਜ਼ਮਾਨਤ ਮਿਲਣ ਤੋਂ ਬਾਅਦ ਵੀ ਦੋਸ਼ੀ ਰਿਸ਼ਵਤ ਦੀ ਰਕਮ ਦੀ ਬਕਾਇਆ ਰਕਮ ਦੀ ਮੰਗ ਕਰਦਾ ਰਿਹਾ। ਇਸ ਤਰ੍ਹਾਂ, ਦੋਸ਼ੀ ਨੇ ਸ਼ਿਕਾਇਤਕਰਤਾ ਤੋਂ ਤਿੰਨ ਕਿਸ਼ਤਾਂ ਵਿੱਚ 6000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਸੀ।
ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5000 ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Get all latest content delivered to your email a few times a month.