ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਧਰਮ ਦੀ ਆੜ ਲੈ ਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਿਆਸੀ ਤੌਰ ’ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਦਾਅਵਾ ਕੀਤਾ ਕਿ ਸੁਖਬੀਰ ਬਾਦਲ ਖਿਲਾਫ਼ ਝੂਠੇ ਬਦਲਾਖੋਰੀ ਦੇ ਕੇਸ ਘੜ ਕੇ ਜਾਂਚਾਂ ਸ਼ੁਰੂ ਕਰਵਾਈਆਂ ਜਾ ਰਹੀਆਂ ਹਨ।
ਅਕਾਲੀ ਆਗੂਆਂ ਨੇ ਕਿਹਾ ਕਿ ਜਦੋਂ ਸਿਆਸੀ ਤੌਰ ’ਤੇ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਮਜ਼ੋਰ ਨਹੀਂ ਕੀਤਾ ਜਾ ਸਕਿਆ, ਤਾਂ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹੋਇਆ ਹਮਲਾ ਵੀ ਰਾਜ ਸਰਕਾਰ ਦੀ ਸਾਜ਼ਿਸ਼ ਦਾ ਨਤੀਜਾ ਸੀ। ਉਹਨਾਂ ਦੱਸਿਆ ਕਿ ਇਸ ਹਮਲੇ ਤੋਂ ਬਚ ਜਾਣ ਮਗਰੋਂ ਹੁਣ ਲੁਧਿਆਣਾ ਅਤੇ ਬਠਿੰਡਾ ਵਿੱਚ ਆਮਦਨ ਕਰ ਦੇ ਵਕੀਲਾਂ ਦੇ ਮਾਮਲਿਆਂ ਨੂੰ ਬਹਾਨਾ ਬਣਾ ਕੇ ਅਕਾਲੀ ਦਲ ਦੇ ਪ੍ਰਧਾਨ ਨੂੰ ਤੰਗ-ਪਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਗਰੇਵਾਲ ਅਤੇ ਡਾ. ਚੀਮਾ ਨੇ ਦੋਸ਼ ਲਗਾਇਆ ਕਿ ਇਹ ਸਾਰਾ ਮਾਮਲਾ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਕਾਲੀ ਦਲ ਦੀ ਲੀਡਰਸ਼ਿਪ ਪ੍ਰਤੀ ਨਿੱਜੀ ਰੰਜਿਸ਼ ਦਾ ਨਤੀਜਾ ਹੈ। ਉਹਨਾਂ ਕਿਹਾ ਕਿ ਅਜਿਹੀਆਂ ਚਾਲਾਂ ਨਾਲ ਸੁਖਬੀਰ ਸਿੰਘ ਬਾਦਲ ਨੂੰ ਡਰਾਇਆ ਨਹੀਂ ਜਾ ਸਕਦਾ ਅਤੇ ਆਪ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਅਕਾਲੀ ਦਲ ਪੂਰੀ ਤਰ੍ਹਾਂ ਬੇਨਕਾਬ ਕਰੇਗਾ।
ਅਕਾਲੀ ਦਲ ਨੇ 328 ਸਰੂਪਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਨਿਯੁਕਤ ਚਾਰਟਡ ਅਕਾਊਂਟੈਂਟ ਦੀ ਗ੍ਰਿਫਤਾਰੀ ਦੀ ਵੀ ਤੀਖੀ ਨਿੰਦਾ ਕੀਤੀ। ਆਗੂਆਂ ਨੇ ਕਿਹਾ ਕਿ ਇਸ ਕਾਰਵਾਈ ਦਾ ਅਸਲ ਮਕਸਦ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨਾ ਬਣਾਉਣਾ ਹੈ, ਜਦਕਿ ਮੁੱਖ ਮੁਲਜ਼ਮ ਜਸਪ੍ਰੀਤ ਸਿੰਘ ਨਾ ਤਾਂ ਸ਼੍ਰੋਮਣੀ ਕਮੇਟੀ ਦਾ ਕਰਮਚਾਰੀ ਹੈ ਅਤੇ ਨਾ ਹੀ ਉਸਦਾ ਅਕਾਲੀ ਦਲ ਨਾਲ ਕੋਈ ਸਬੰਧ ਹੈ। ਉਲਟ ਉਹ ਇਸ ਸਮੇਂ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਹੈ।
ਆਗੂਆਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਨਿੱਜੀ ਖੁੰਝਲਾਹਟ ਇਸ ਗੱਲ ਤੋਂ ਵੀ ਸਾਹਮਣੇ ਆਉਂਦੀ ਹੈ ਕਿ ਉਸਨੂੰ ਬਿਕਰਮ ਸਿੰਘ ਮਜੀਠੀਆ ਕੋਲੋਂ ਹਲਫ਼ਨਾਮਾ ਦੇ ਕੇ ਮਾਫ਼ੀ ਮੰਗਣੀ ਪਈ ਸੀ। ਉਹਨਾਂ ਦੱਸਿਆ ਕਿ ਮਜੀਠੀਆ ਖਿਲਾਫ਼ ਪਹਿਲਾਂ ਝੂਠੀ ਐਫਆਈਆਰ ਦਰਜ ਕੀਤੀ ਗਈ, ਫਿਰ ਉਹਨਾਂ ਦੀ ਸੁਰੱਖਿਆ ਘਟਾਈ ਗਈ। ਹੁਣ ਜਦੋਂ ਕੇਂਦਰੀ ਏਜੰਸੀਆਂ ਦੀ ਰਿਪੋਰਟ ਅਨੁਸਾਰ ਮਜੀਠੀਆ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਵੱਲੋਂ ਖ਼ਤਰਾ ਹੈ, ਤਾਂ ਵੀ ਜੇਲ੍ਹ ਅੰਦਰ ਉਹਨਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਾਈ ਜਾ ਰਹੀ।
ਅਕਾਲੀ ਦਲ ਨੇ ਮੰਗ ਕੀਤੀ ਕਿ ਬਿਕਰਮ ਸਿੰਘ ਮਜੀਠੀਆ ਨੂੰ ਨਾਭਾ ਜੇਲ੍ਹ ਤੋਂ ਕਿਸੇ ਹੋਰ ਸੁਰੱਖਿਅਤ ਜੇਲ੍ਹ ਵਿੱਚ ਤਬਦੀਲ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਮਜੀਠੀਆ ਨੂੰ ਕੋਈ ਨੁਕਸਾਨ ਪਹੁੰਚਦਾ ਹੈ, ਤਾਂ ਇਸ ਦੀ ਪੂਰੀ ਜ਼ਿੰਮੇਵਾਰੀ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ’ਤੇ ਹੋਵੇਗੀ।
ਇਸ ਮੌਕੇ ਡਾ. ਦਲਜੀਤ ਸਿੰਘ ਚੀਮਾ ਨੇ ਐਲਾਨ ਕੀਤਾ ਕਿ ਅਕਾਲੀ ਦਲ ਦਾ ਇੱਕ ਵਫ਼ਦ ਜਲਦ ਹੀ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ, ਸ਼੍ਰੋਮਣੀ ਕਮੇਟੀ ਅਤੇ ਆਵਾਜ਼ ਉਠਾਉਣ ਵਾਲੇ ਮੀਡੀਆ ਕਰਮਚਾਰੀਆਂ ਨੂੰ ਨਿਸ਼ਾਨਾ ਬਣਾਉਣ ਸਬੰਧੀ ਸਾਰੇ ਘਟਨਾਕ੍ਰਮ ਤੋਂ ਉਨ੍ਹਾਂ ਨੂੰ ਅਗਾਹ ਕਰਵਾਏਗਾ।
ਡਾ. ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂ ਸਾਹਿਬਾਨ ਸਬੰਧੀ ਕੀਤੀਆਂ ਟਿੱਪਣੀਆਂ ਅਤੇ ਦਿੱਲੀ ਦੀ ਵਿਰੋਧੀ ਧਿਰ ਦੀ ਆਗੂ ਆਤਿਸ਼ੀ ਮਾਰਲੇਨਾ ਖਿਲਾਫ਼ ਕਾਰਵਾਈ ਨਾ ਕਰਨ ਦੀ ਵੀ ਸਖ਼ਤ ਨਿੰਦਾ ਕੀਤੀ। ਉਹਨਾਂ ਕਿਹਾ ਕਿ ਆਤਿਸ਼ੀ ਖਿਲਾਫ਼ ਕੇਸ ਦਰਜ ਕਰਨ ਅਤੇ ਉਸਨੂੰ ਪਾਰਟੀ ਤੋਂ ਕੱਢਣ ਦੀ ਬਜਾਏ, ਉਹਨਾਂ ਲੋਕਾਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਜਿਨ੍ਹਾਂ ਨੇ ਸੋਸ਼ਲ ਮੀਡੀਆ ’ਤੇ ਉਸਦੀ ਕਲਿੱਪ ਸਾਂਝੀ ਕੀਤੀ ਸੀ।
ਪ੍ਰੈੱਸ ਕਾਨਫਰੰਸ ਦੌਰਾਨ ਸੀਨੀਅਰ ਆਗੂ ਹੀਰਾ ਸਿੰਘ ਗਾਬੜੀਆ, ਜਨਮੇਜਾ ਸਿੰਘ ਸੇਖੋਂ, ਸਿਕੰਦਰ ਸਿੰਘ ਮਲੂਕਾ, ਗੁਲਜ਼ਾਰ ਸਿੰਘ ਰਣੀਕੇ, ਤੇਜਿੰਦਰ ਸਿੰਘ ਮਿੱਡੂਖੇੜਾ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਮੌਜੂਦ ਸਨ।
Get all latest content delivered to your email a few times a month.