IMG-LOGO
ਹੋਮ ਪੰਜਾਬ: ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ...

ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Admin User - Jan 11, 2026 04:47 PM
IMG

ਚੰਡੀਗੜ੍ਹ, 11 ਜਨਵਰੀ 2026 :

ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਇਸ ਸਮਾਜਿਕ ਅਲ੍ਹਾਮਤ ਨੂੰ ਜੜ੍ਹੋਂ ਪੁੱਟਣ ਦਾ ਅਹਿਦ ਲੈਂਦਿਆਂ ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਾ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਇੱਕ ਬਹੁ-ਪੱਖੀ ਪਹੁੰਚ ਅਪਣਾਈ ਹੈ। ਇਸ ਸਮੇਂ ਦੌਰਾਨ ਵਿਜੀਲੈਂਸ ਬਿਊਰੋ ਨੇ ਵੱਖ-ਵੱਖ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ, ਜੋ ਪੰਜਾਬ ਸਰਕਾਰ ਦੇ ਕੁਸ਼ਲ ਤੇ ਜਵਾਬਦੇਹ ਸ਼ਾਸਨ ਨੂੰ ਦਰਸਾਉਂਦਾ ਹੈ।


ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ ਵੱਖ-ਵੱਖ ਵਿਭਾਗਾਂ ਦੇ 144 ਮੁਲਾਜ਼ਮਾਂ ਨੂੰ ਅਤੇ 43 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਂਦਿਆਂ ਵਿਜੀਲੈਂਸ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2025 ਤੱਕ 18 ਗਜ਼ਟਿਡ ਅਧਿਕਾਰੀਆਂ ਅਤੇ 126 ਨਾਨ-ਗਜ਼ਟਿਡ ਕਰਮਚਾਰੀਆਂ ਨੂੰ ਕਾਬੂ ਕੀਤਾ ਹੈ।


ਉਨ੍ਹਾਂ ਖੁਲਾਸਾ ਕੀਤਾ ਕਿ ਇਸ ਸਾਲ ਦੌਰਾਨ ਹੋਰਨਾਂ ਵਿਭਾਗਾਂ ਤੋਂ ਇਲਾਵਾ ਪੰਜਾਬ ਪੁਲਿਸ ਦੇ 43, ਮਾਲ ਵਿਭਾਗ ਦੇ 20, ਬਿਜਲੀ ਵਿਭਾਗ ਦੇ 21, ਪੰਚਾਇਤਾਂ ਅਤੇ ਪੇਂਡੂ ਵਿਕਾਸ ਦੇ 14, ਟਰਾਂਸਪੋਰਟ ਵਿਭਾਗ ਦੇ 9, ਸਥਾਨਕ ਸਰਕਾਰਾਂ ਵਿਭਾਗ ਦੇ 8, ਜੰਗਲਾਤ ਵਿਭਾਗ ਦੇ 5, ਸਿਹਤ ਵਿਭਾਗ ਦੇ 5, ਮੰਡੀ ਬੋਰਡ ਦੇ 3 ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ ਸਿੱਖਿਆ, ਸਹਿਕਾਰਤਾ, ਖੁਰਾਕ ਤੇ ਸਿਵਲ ਸਪਲਾਈ ਅਤੇ ਪ੍ਰਸੋਨਲ ਵਿਭਾਗ ਦੇ ਵੀ ਦੋ-ਦੋ ਮੁਲਾਜ਼ਮਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿੱਚ ਕਾਬੂ ਕੀਤਾ ਹੈ।


ਬਿਊਰੋ ਦੀ ਕਾਰਗੁਜ਼ਾਰੀ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਮੁਲਜ਼ਮਾਂ ਵਿਰੁੱਧ 113 ਅਪਰਾਧਿਕ ਮਾਮਲੇ ਦਰਜ ਕੀਤੇ ਹਨ ਜਿਨ੍ਹਾਂ ਵਿੱਚ 17 ਗਜ਼ਟਿਡ ਅਫਸਰ, 98 ਨਾਨ-ਗਜ਼ਟਿਡ ਕਰਮਚਾਰੀ ਅਤੇ 118 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ। ਇਸ ਤੋਂ ਇਲਾਵਾ 17 ਗਜ਼ਟਿਡ ਅਫਸਰਾਂ, 20 ਨਾਨ-ਗਜ਼ਟਿਡ ਕਰਮਚਾਰੀਆਂ ਅਤੇ 15 ਪ੍ਰਾਈਵੇਟ ਵਿਅਕਤੀਆਂ ਵਿਰੁੱਧ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਦੀ ਜਾਂਚ ਲਈ 38 ਵਿਜੀਲੈਂਸ ਇਨਕੁਆਰੀਆਂ ਵੀ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 4 ਗਜ਼ਟਿਡ ਅਫ਼ਸਰਾਂ , 5 ਨਾਨ-ਗਜ਼ਟਿਡ ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦੇ 10 ਮਾਮਲੇ ਵੀ ਦਰਜ ਕੀਤੇ ਗਏ ਹਨ।


ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਦੇ ਕੇਸਾਂ ਦੀ ਸੁਣਵਾਈ ਕਰਦਿਆਂ ਅਦਾਲਤਾਂ ਦੁਆਰਾ ਦੋਸ਼ੀ ਠਹਿਰਾਏ ਜਾਣ ਦੇ ਚਲਦਿਆਂ 6 ਨਾਨ-ਗਜ਼ਟਿਡ ਕਰਮਚਾਰੀਆਂ ਨੂੰ ਉਨ੍ਹਾਂ ਦੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਦੁਆਰਾ ਸੇਵਾਵਾਂ ਤੋਂ ਬਰਖਾਸਤ ਵੀ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਇਸ ਸਾਲ ਦੌਰਾਨ 65 ਵਿਜੀਲੈਂਸ ਇਨਕੁਆਰੀਆਂ ਦਾ ਸਫਲਤਾਪੂਰਵਕ ਨਿਬੇੜਾ ਵੀ ਕੀਤਾ ਹੈ। 


ਹੋਰ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਵੱਖ-ਵੱਖ ਅਦਾਲਤਾਂ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਬਿਊਰੋ ਵੱਲੋਂ ਦਾਇਰ ਅਤੇ ਲੜੇ ਗਏ 34 ਕੇਸਾਂ ਵਿੱਚ 63 ਮੁਲਜ਼ਮਾਂ ਨੂੰ ਸਜ਼ਾ ਸੁਣਾਈ ਹੈ, ਜਿਨ੍ਹਾਂ ਵਿੱਚ 3 ਗਜ਼ਟਿਡ ਅਫਸਰ, 38 ਨਾਨ-ਗਜ਼ਟਿਡ ਕਰਮਚਾਰੀ ਅਤੇ 22 ਪ੍ਰਾਈਵੇਟ ਵਿਅਕਤੀ ਸ਼ਾਮਲ ਹਨ, ਜਿਨ੍ਹਾਂ ਨੂੰ ਇੱਕ ਸਾਲ ਤੋਂ ਪੰਜ ਸਾਲ ਤੱਕ ਕੈਦ ਦੀਆਂ ਸਜ਼ਾਵਾਂ ਸੁਣਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਅਦਾਲਤਾਂ ਨੇ ਇਨ੍ਹਾਂ ਮਾਮਲਿਆਂ ਵਿੱਚ 5,000 ਰੁਪਏ ਤੋਂ ਲੈ ਕੇ 2,01,000 ਰੁਪਏ ਤੱਕ ਦੇ ਜੁਰਮਾਨੇ ਵੀ ਲਗਾਏ ਹਨ ਜੋ ਕੁੱਲ 18,71,000 ਰੁਪਏ ਬਣਦੇ ਹਨ।


ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਦੌਰਾਨ ਜਾਗਰੂਕਤਾ ਮੁਹਿੰਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਹੈ ਜਿਸ ਤਹਿਤ ਸਮਾਜ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਦੇ ਉਦੇਸ਼ ਨਾਲ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਸੈਮੀਨਾਰ ਅਤੇ ਜਨਤਕ ਮੀਟਿੰਗਾਂ ਕੀਤੀਆਂ ਗਈਆਂ ਅਤੇ ਬਿਊਰੋ ਦੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਸਹੁੰ ਵੀ ਚੁਕਾਈ ਗਈ। ਵਿਜੀਲੈਂਸ ਬਿਊਰੋ ਨੂੰ ਪਿਛਲੇ ਸਾਲ 6158 ਸ਼ਿਕਾਇਤਾਂ ਪ੍ਰਾਪਤ ਹੋਈਆਂ ਜਿਨ੍ਹਾਂ ਵਿੱਚੋਂ 363 ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਰਾਹੀਂ ਪ੍ਰਾਪਤ ਹੋਈਆਂ।


ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਸਾਲ ਦੌਰਾਨ ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਕਈ ਰਸੂਖਵਾਨ ਵਿਅਕਤੀਆਂ ਨੂੰ ਵੀ ਨਾਮਜ਼ਦ/ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਵਿਧਾਇਕ ਰਮਨ ਅਰੋੜਾ, ਆਈਪੀਐਸ ਅਧਿਕਾਰੀ ਹਰਚਰਨ ਸਿੰਘ ਭੁੱਲਰ, ਜਲੰਧਰ ਤੋਂ ਸਹਾਇਕ ਕਮਿਸ਼ਨਰ ਸੀਜੀਐਸਟੀ ਰਵਿੰਦਰ ਕੁਮਾਰ ਸ਼ਰਮਾ, ਬਟਾਲਾ ਤੋਂ ਪੀਸੀਐਸ ਅਧਿਕਾਰੀ ਵਿਕਰਮਜੀਤ ਸਿੰਘ ਪਾਂਥੇ, ਲੁਧਿਆਣਾ ਤੋਂ ਪੀਸੀਐਸ ਅਧਿਕਾਰੀ ਗੁਰਬੀਰ ਸਿੰਘ ਕੋਹਲੀ, ਐਸਬੀਐਸ ਨਗਰ ਤੋਂ ਪੀਸੀਐਸ ਅਧਿਕਾਰੀ ਰਵਿੰਦਰ ਕੁਮਾਰ ਬਾਂਸਲ, ਜਨਰਲ ਮੈਨੇਜਰ ਪਨਸਪ ਅਜੀਤਪਾਲ ਸਿੰਘ ਸੈਣੀ, ਪੀਐਸਪੀਸੀਐਲ ਦੇ ਡਿਪਟੀ ਚੀਫ਼ ਇੰਜੀਨੀਅਰ ਹਰਮਿੰਦਰ ਸਿੰਘ, ਸਬ-ਰਜਿਸਟਰਾਰ ਜਗਤਾਰ ਸਿੰਘ, ਤਹਿਸੀਲਦਾਰ ਰਾਮ ਲਾਲ, ਐਸਐਮਓ ਡਾ. ਸੁਮਿਤ ਸਿੰਘ, ਡੀਐਸਪੀ ਗੁਰਸ਼ੇਰ ਸਿੰਘ ਅਤੇ ਸਿਵਲ ਹਸਪਤਾਲ ਸੁਨਾਮ ਤੋਂ ਡਾ. ਅਮਿਤ ਸਿੰਗਲਾ ਸ਼ਾਮਲ ਹਨ।


ਇਸ ਤੋਂ ਇਲਾਵਾ ਪਿਛਲੇ ਸਾਲ ਦੌਰਾਨ ਕ੍ਰਮਵਾਰ ਫਾਜ਼ਿਲਕਾ, ਐਸਏਐਸ ਨਗਰ, ਅੰਮ੍ਰਿਤਸਰ ਅਤੇ ਕਪੂਰਥਲਾ ਵਿਖੇ ਤਾਇਨਾਤ ਪਰਮਜੀਤ ਸਿੰਘ, ਧਨਵੰਤ ਸਿੰਘ, ਕੁਲਵੰਤ ਸਿੰਘ, ਲਖਬੀਰ ਸਿੰਘ ਅਤੇ ਹਰਦਿਆਲ ਸਿੰਘ (ਸਾਰੇ ਬੀਡੀਪੀਓ), ਅਮਰਜੀਤ ਸਿੰਘ ਵਣ ਰੇਂਜ ਅਫ਼ਸਰ ਹੁਸ਼ਿਆਰਪੁਰ, ਨਰਿੰਦਰਪਾਲ ਸਿੰਘ ਕਾਰਜਕਾਰੀ ਇੰਜੀਨੀਅਰ ਅਤੇ ਕ੍ਰਮਵਾਰ ਨਗਰ ਨਿਗਮ ਜਲੰਧਰ, ਐਮਸੀ ਪਟਿਆਲਾ, ਐਮਸੀ ਬਠਿੰਡਾ, ਐਮਸੀ ਫਗਵਾੜਾ, ਐਮਸੀ ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਟਾਊਨ ਪਲਾਨਰ ​​ਸੁਖਦੇਵ ਵਿਸ਼ਿਸ਼ਟ, ਏਟੀਪੀ ਜਸਪਾਲ ਸਿੰਘ, ਏਟੀਪੀ ਗੁਰਪ੍ਰੀਤ ਸਿੰਘ, ਏਟੀਪੀ ਰਾਜ ਕੁਮਾਰ, ਏਟੀਪੀ ਚਰਨਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ/ਮੁਕੱਦਮਾ ਦਰਜ ਕੀਤਾ ਗਿਆ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.