ਤਾਜਾ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜੀਲੈਂਡ ਵਿੱਚ ਸਿੱਖ ਭਾਈਚਾਰੇ ਵੱਲੋਂ ਪੂਰੀ ਸ਼ਾਂਤੀ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦੇ ਵਿਰੋਧ ’ਤੇ ਗਹਿਰੀ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਕੁਝ ਸਥਾਨਕ ਲੋਕਾਂ ਵੱਲੋਂ ਨਗਰ ਕੀਰਤਨ ਰੋਕਣ ਦੀ ਕੋਸ਼ਿਸ਼ ਸਿੱਖਾਂ ਦੀ ਧਾਰਮਿਕ ਆਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਦੀ ਕਦੇ ਵੀ ਆਗਿਆ ਨਹੀਂ ਦਿੱਤੀ ਜਾ ਸਕਦੀ।
ਐਡਵੋਕੇਟ ਧਾਮੀ ਨੇ ਦੱਸਿਆ ਕਿ ਨਿਊਜੀਲੈਂਡ ਵਿੱਚ ਇਹ ਦੂਜੀ ਵਾਰ ਵਾਪਰਿਆ ਹੈ ਜਦੋਂ ਸਿੱਖਾਂ ਦੀ ਇੱਕ ਪਵਿੱਤਰ ਧਾਰਮਿਕ ਪਰੰਪਰਾ ਦਾ ਵਿਰੋਧ ਕੀਤਾ ਗਿਆ, ਜੋ ਉਥੇ ਵਸਦੀ ਸਿੱਖ ਸੰਗਤ ਲਈ ਬਹੁਤ ਨਿਰਾਸ਼ਾਜਨਕ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਦੁਨੀਆ ਭਰ ਵਿੱਚ ਸ਼ਾਂਤੀ, ਸੇਵਾ ਅਤੇ ਆਪਸੀ ਭਾਈਚਾਰੇ ਦੀ ਮਿਸਾਲ ਪੇਸ਼ ਕਰਦਾ ਆ ਰਿਹਾ ਹੈ, ਪਰ ਇਸ ਤਰ੍ਹਾਂ ਦੇ ਘਟਨਾ-ਕ੍ਰਮ ਨਫ਼ਰਤੀ ਸੋਚ ਨੂੰ ਉਜਾਗਰ ਕਰਦੇ ਹਨ।
SGPC ਪ੍ਰਧਾਨ ਨੇ ਸਪਸ਼ਟ ਕੀਤਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਇੱਕ ਮਹੱਤਵਪੂਰਨ ਅਤੇ ਪਵਿੱਤਰ ਰਵਾਇਤ ਹੈ, ਜੋ ਸੇਵਾ, ਸਾਂਝ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੀ ਹੈ। ਇਸ ਦਾ ਵਿਰੋਧ ਸਿਰਫ਼ ਸਿੱਖ ਧਰਮ ਹੀ ਨਹੀਂ, ਸਗੋਂ ਸਮਾਜਕ ਏਕਤਾ ਅਤੇ ਧਾਰਮਿਕ ਸਹਿਣਸ਼ੀਲਤਾ ਲਈ ਵੀ ਖ਼ਤਰਾ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਦੇਸ਼ ਵਿੱਚ ਵਸਦਾ ਸਿੱਖ ਭਾਈਚਾਰਾ ਹਮੇਸ਼ਾ ਉਥੋਂ ਦੇ ਕਾਨੂੰਨਾਂ ਅਤੇ ਸਥਾਨਕ ਸਭਿਆਚਾਰ ਦਾ ਸਤਿਕਾਰ ਕਰਦਾ ਆਇਆ ਹੈ ਅਤੇ ਸਥਾਨਕ ਲੋਕਾਂ ਨਾਲ ਮਿਲਜੁਲ ਕੇ ਰਹਿੰਦਾ ਹੈ। ਇਸ ਦੇ ਬਾਵਜੂਦ ਜੇਕਰ ਮਿਥ ਕੇ ਕਿਸੇ ਧਰਮ ਦੀ ਪਾਲਣਾ ਵਿੱਚ ਰੁਕਾਵਟ ਪਾਈ ਜਾਵੇ, ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਐਡਵੋਕੇਟ ਧਾਮੀ ਨੇ ਨਿਊਜੀਲੈਂਡ ਅਤੇ ਭਾਰਤ ਸਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਯਕੀਨੀ ਬਣਾਈ ਜਾਵੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 21 ਦਸੰਬਰ 2025 ਨੂੰ ਦੱਖਣੀ ਆਕਲੈਂਡ ਦੇ ਮੈਨੂਰੇਵਾ ਉਪਨਗਰ ਵਿੱਚ ਗੁਰਦੁਆਰਾ ਨਾਨਕਸਰ ਠਾਠ ਈਸ਼ਰ ਦਰਬਾਰ ਤੋਂ ਸਜਿਆ ਨਗਰ ਕੀਰਤਨ ਜਦੋਂ ਵਾਪਸੀ ਕਰ ਰਿਹਾ ਸੀ, ਤਾਂ 70-80 ਸਥਾਨਕ ਨੌਜਵਾਨਾਂ ਵੱਲੋਂ ਹੰਗਾਮਾ ਕਰਦੇ ਹੋਏ ਨਗਰ ਕੀਰਤਨ ਨੂੰ ਰੋਕਿਆ ਗਿਆ ਸੀ। ਇਸ ਦੌਰਾਨ ਉਨ੍ਹਾਂ ਵੱਲੋਂ ਨਾਅਰੇਬਾਜ਼ੀ ਅਤੇ ਹੌਕਾ ਡਾਂਸ ਕਰਕੇ ਸਿੱਖ ਸੰਗਤ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਨਾਲ ਉਥੇ ਤਣਾਅਪੂਰਨ ਸਥਿਤੀ ਬਣ ਗਈ ਸੀ।
Get all latest content delivered to your email a few times a month.