ਤਾਜਾ ਖਬਰਾਂ
ਸ਼ਾਹੀ ਸ਼ਹਿਰ ਪਟਿਆਲਾ ਦੇ ਮੇਹਾਸ ਗੇਟ ਇਲਾਕੇ ਵਿੱਚ ਬੀਤੇ ਕੱਲ੍ਹ ਉਸ ਵੇਲੇ ਦਹਿਸ਼ਤ ਫੈਲ ਗਈ, ਜਦੋਂ ਪੰਜਾਬ ਪੁਲਿਸ ਦੇ ਇੱਕ ਮੁਲਾਜ਼ਮ ਦਾ ਸ਼ਰੇਆਮ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ (30) ਵਜੋਂ ਹੋਈ ਹੈ, ਜੋ ਕਿ ਪ੍ਰੀਤ ਕਲੋਨੀ ਦਾ ਵਸਨੀਕ ਸੀ ਅਤੇ ਸਿਵਲ ਲਾਈਨ ਥਾਣੇ ਵਿੱਚ ਤਾਇਨਾਤ ਸੀ। ਹਮਲੇ ਦੌਰਾਨ ਅਮਨਦੀਪ ਦਾ ਭਰਾ ਨਵੀ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ, ਜੋ ਇਸ ਵੇਲੇ ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ।
ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ
ਜਾਣਕਾਰੀ ਮੁਤਾਬਕ ਅਮਨਦੀਪ ਸਿੰਘ ਰਾਤ ਵੇਲੇ ਆਪਣੇ ਭਰਾ ਨਾਲ ਮੇਹਾਸ ਗੇਟ ਗਿਆ ਸੀ। ਉੱਥੇ ਕਿਸੇ ਗੱਲ ਨੂੰ ਲੈ ਕੇ ਉਨ੍ਹਾਂ ਦਾ ਇੱਕ ਨੌਜਵਾਨ ਨਾਲ ਝਗੜਾ ਹੋ ਗਿਆ। ਗੁੱਸੇ ਵਿੱਚ ਆਏ ਨੌਜਵਾਨ ਨੇ ਫ਼ੋਨ ਕਰਕੇ ਆਪਣੇ ਕਰੀਬ ਅੱਧਾ ਦਰਜਨ ਸਾਥੀਆਂ ਨੂੰ ਮੌਕੇ 'ਤੇ ਸੱਦ ਲਿਆ। ਹਮਲਾਵਰਾਂ ਨੇ ਦੋਵਾਂ ਭਰਾਵਾਂ 'ਤੇ ਬੇਰਹਿਮੀ ਨਾਲ ਹਮਲਾ ਕਰ ਦਿੱਤਾ। ਚਸ਼ਮਦੀਦਾਂ ਅਨੁਸਾਰ, ਇੱਕ ਹਮਲਾਵਰ ਨੇ ਅਮਨਦੀਪ ਦੇ ਸਿਰ 'ਤੇ ਭਾਰੀ ਪੱਥਰ ਨਾਲ ਵਾਰ ਕੀਤਾ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਸੁਖਬੀਰ ਬਾਦਲ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਘਟਨਾ 'ਤੇ ਚਿੰਤਾ ਪ੍ਰਗਟ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਜਤਾਈ ਹੈ। ਉਨ੍ਹਾਂ ਕਿਹਾ ਕਿ ਦਿਨ-ਦਿਹਾੜੇ ਬਾਜ਼ਾਰ ਵਿੱਚ ਇੱਕ ਪੁਲਿਸ ਮੁਲਾਜ਼ਮ ਦਾ ਇਸ ਤਰ੍ਹਾਂ ਕਤਲ ਹੋਣਾ ਸੂਬੇ ਦੀ ਕਾਨੂੰਨ ਵਿਵਸਥਾ 'ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਨੇ ਜ਼ਖ਼ਮੀ ਭਰਾ ਦੀ ਜਲਦ ਸਿਹਤਯਾਬੀ ਲਈ ਅਰਦਾਸ ਵੀ ਕੀਤੀ।
ਪੁਲਿਸ ਦੀ ਕਾਰਵਾਈ
ਕੋਤਵਾਲੀ ਥਾਣੇ ਦੇ ਐੱਸ.ਐੱਚ.ਓ. ਸੰਜੇ ਸੰਭਾਵਾਲ ਨੇ ਦੱਸਿਆ ਕਿ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਛਾਣ ਲਗਭਗ ਹੋ ਚੁੱਕੀ ਹੈ। ਪੁਲਿਸ ਦਾ ਦਾਅਵਾ ਹੈ ਕਿ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦੀ ਹੀ ਸਲਾਖਾਂ ਪਿੱਛੇ ਭੇਜ ਦਿੱਤਾ ਜਾਵੇਗਾ।
Get all latest content delivered to your email a few times a month.