ਤਾਜਾ ਖਬਰਾਂ
ਨਾਭਾ ਦੀ ਪੁੱਡਾ ਕਲੋਨੀ ਦੇ ਰਹਿਣ ਵਾਲੇ ਪੰਜਾਬ ਪੁਲਿਸ ਦੇ ਹੈੱਡ ਕਾਂਸਟੇਬਲ ਅਮਨਦੀਪ ਸਿੰਘ ਦੇ ਕਤਲ ਮਾਮਲੇ ਵਿੱਚ ਪਟਿਆਲਾ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਨਾਮਜ਼ਦ ਕੀਤੇ ਗਏ ਮੁਲਜ਼ਮਾਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐੱਸ.ਐੱਸ.ਪੀ. ਪਟਿਆਲਾ ਵਰੁਣ ਸ਼ਰਮਾ ਨੇ ਪੁਸ਼ਟੀ ਕੀਤੀ ਹੈ ਕਿ ਇਹ ਵਾਰਦਾਤ ਪੈਸਿਆਂ ਦੇ ਆਪਸੀ ਲੈਣ-ਦੇਣ ਅਤੇ ਬਹਿਸਬਾਜ਼ੀ ਕਾਰਨ ਵਾਪਰੀ ਸੀ।
ਇਨ੍ਹਾਂ ਮੁਲਜ਼ਮਾਂ ਦੀ ਹੋਈ ਪਛਾਣ
ਥਾਣਾ ਕੋਤਵਾਲੀ ਪੁਲਿਸ ਨੇ ਮ੍ਰਿਤਕ ਦੇ ਪਿਤਾ ਰਜਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਭਾਰਤੀ ਨਿਆਂ ਸੰਹਿਤਾ (BNS) ਦੀਆਂ ਧਾਰਾਵਾਂ 103, 109, 191(3) ਅਤੇ 190 ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਪਛਾਣੇ ਗਏ ਮੁਲਜ਼ਮਾਂ ਵਿੱਚ:
ਆਸੀਸ ਉਰਫ਼ ਆਸ਼ੀ, ਸਰਵ ਕੁਮਾਰ, ਰਿੱਕੀ ਅਤੇ ਉਸ ਦਾ ਲੜਕਾ (ਵਾਸੀ ਬੌੜਾਂ ਗੇਟ, ਨਾਭਾ) ਸਮੇਤ ਕੁਝ ਹੋਰ ਅਣਪਛਾਤੇ ਨੌਜਵਾਨ ਸ਼ਾਮਲ ਹਨ।
ਪਰਿਵਾਰ ਦਾ ਰੋਸ: ਗ੍ਰਿਫ਼ਤਾਰੀ ਤੱਕ ਸਸਕਾਰ ਤੋਂ ਇਨਕਾਰ
ਮ੍ਰਿਤਕ ਅਮਨਦੀਪ ਸਿੰਘ, ਜੋ ਕਿ ਆਪਣੇ ਪਿੱਛੇ ਪਤਨੀ ਅਤੇ ਇੱਕ ਛੋਟਾ ਬੱਚਾ ਛੱਡ ਗਿਆ ਹੈ, ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਦੀ ਪਰੇਡ ਵਿੱਚ ਸ਼ਾਮਲ ਹੋਣਾ ਸੀ। ਪਰਿਵਾਰ ਵਿੱਚ ਇਸ ਵੇਲੇ ਗਹਿਰਾ ਸੋਗ ਅਤੇ ਪ੍ਰਸ਼ਾਸਨ ਖ਼ਿਲਾਫ਼ ਗੁੱਸਾ ਹੈ। ਪੀੜਤ ਪਰਿਵਾਰ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਹ ਮ੍ਰਿਤਕ ਦਾ ਪੋਸਟਮਾਰਟਮ ਅਤੇ ਸਸਕਾਰ ਨਹੀਂ ਹੋਣ ਦੇਣਗੇ। ਪਰਿਵਾਰ ਨੇ ਸਵਾਲ ਚੁੱਕਦਿਆਂ ਕਿਹਾ, "ਜੇ ਪੁਲਿਸ ਮੁਲਾਜ਼ਮ ਹੀ ਸੁਰੱਖਿਅਤ ਨਹੀਂ, ਤਾਂ ਆਮ ਜਨਤਾ ਦਾ ਕੀ ਬਣੇਗਾ?"
ਐੱਸ.ਪੀ. ਪਟਿਆਲਾ ਵੱਲੋਂ ਜਲਦ ਕਾਰਵਾਈ ਦਾ ਭਰੋਸਾ
ਵਾਰਦਾਤ ਵਾਲੀ ਥਾਂ ਦਾ ਜਾਇਜ਼ਾ ਲੈਣ ਪਹੁੰਚੇ ਐੱਸ.ਪੀ. ਜਸਵੀਰ ਸਿੰਘ ਨੇ ਦੇਰ ਰਾਤ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪੁਲਿਸ ਕੋਲ ਮੁਲਜ਼ਮਾਂ ਖ਼ਿਲਾਫ਼ ਪੁਖ਼ਤਾ ਸਬੂਤ ਮੌਜੂਦ ਹਨ। ਉਨ੍ਹਾਂ ਦੱਸਿਆ ਕਿ ਫ਼ਰਾਰ ਚਾਰ ਹੋਰ ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਦੀਆਂ ਵੱਖ-ਵੱਖ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ ਅਤੇ ਜਲਦ ਹੀ ਸਾਰੇ ਦੋਸ਼ੀ ਸਲਾਖਾਂ ਪਿੱਛੇ ਹੋਣਗੇ। ਜ਼ਿਕਰਯੋਗ ਹੈ ਕਿ ਇਸ ਹਮਲੇ ਵਿੱਚ ਅਮਨਦੀਪ ਦਾ ਭਰਾ ਨਵਦੀਪ ਸਿੰਘ ਵੀ ਜ਼ਖ਼ਮੀ ਹੋਇਆ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ।
Get all latest content delivered to your email a few times a month.