IMG-LOGO
ਹੋਮ ਪੰਜਾਬ: ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 77ਵੇਂ ਗਣਤੰਤਰ ਦਿਵਸ ਮੌਕੇ ਐੱਸ.ਏ.ਐੱਸ....

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ 77ਵੇਂ ਗਣਤੰਤਰ ਦਿਵਸ ਮੌਕੇ ਐੱਸ.ਏ.ਐੱਸ. ਨਗਰ ਵਿਖੇ ਤਿਰੰਗਾ ਲਹਿਰਾਇਆ

Admin User - Jan 26, 2026 04:04 PM
IMG

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਜਨਵਰੀ:

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਸੰਗਰਾਮੀ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਿਹਤਰ ਸਿਹਤ ਸੇਵਾਵਾਂ, ਮਿਆਰੀ ਸਿੱਖਿਆ, ਰੋਜ਼ਗਾਰ ਦੇ ਮੌਕੇ ਅਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ 77ਵੇਂ ਗਣਤੰਤਰ ਦਿਵਸ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ।


ਕੈਬਨਿਟ ਮੰਤਰੀ ਨੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਮੋਹਾਲੀ ਵਿਖੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਆਜ਼ਾਦੀ ਸੰਗਰਾਮੀਆਂ ਨੂੰ ਨਮਨ ਕਰਦਿਆਂ, ਭਾਰਤੀ ਸੰਵਿਧਾਨ ਦੇ ਰਚੇਤਾ ਡਾ. ਬੀ.ਆਰ. ਅੰਬੇਡਕਰ ਦੀ ਦੇਣ ਨੂੰ ਯਾਦ ਕਰਦਿਆਂ, ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਵਾਲੀਆਂ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਯੋਧਿਆਂ ਨੂੰ ਵੀ ਸਲਾਮ ਕੀਤਾ।


ਸ੍ਰੀ ਭਗਤ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਸਰਕਾਰ ਦੇਸ਼ ਦੀ ਪਹਿਲੀ ਸਰਕਾਰ ਹੈ ਜਿਸਨੇ ਦੇਸ਼ ਦੀਆਂ ਸੈਨਾਵਾਂ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਣ ’ਤੇ ਸੂਬੇ ਵੱਲੋਂ ਦਿੱਤੀ ਜਾਣ ਵਾਲੀ ਐਕਸ-ਗ੍ਰੇਸ਼ੀਆ ਰਾਸ਼ੀ ਨੂੰ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕੀਤਾ ਹੈ। ਇਹ ਵਿੱਤੀ ਸਹਾਇਤਾ ਅਗਨੀਵੀਰਾਂ ਲਈ ਵੀ ਲਾਗੂ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮੀਆਂ ਦੀ ਪੈਨਸ਼ਨ ਵਧਾ ਕੇ 11 ਹਜ਼ਾਰ ਰੁਪਏ ਮਹੀਨਾ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਆਸ਼੍ਰਿਤਾਂ ਲਈ ਸਰਕਾਰੀ ਨੌਕਰੀਆਂ ਵਿੱਚ 1 ਫੀਸਦੀ ਰਾਖਵਾਂਕਰਨ ਵੀ ਦਿੱਤਾ ਗਿਆ ਹੈ।


ਸਿਹਤ ਸੇਵਾਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਾਲੀਆ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਨਕਦੀ ਰਹਿਤ ਇਲਾਜ ਦੀ ਸੁਵਿਧਾ ਦਿੱਤੀ ਜਾ ਰਹੀ ਹੈ, ਜੋ ਕਿ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਉਪਲਬਧ ਹੈ। ਇਸ ਯੋਜਨਾ ਵਿੱਚ 2356 ਮੈਡੀਕਲ ਪੈਕੇਜ ਸ਼ਾਮਲ ਹਨ ਤਾਂ ਜੋ ਕੋਈ ਵੀ ਨਾਗਰਿਕ ਇਲਾਜ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ 63 ਹਜ਼ਾਰ ਤੋਂ ਵੱਧ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਗਈਆਂ ਹਨ।


ਕੈਬਨਿਟ ਮੰਤਰੀ ਨੇ ਦ੍ਰਿੜਤਾ ਨਾਲ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਨਿਰਣਾਇਕ ਲੜਾਈ ਦੇ ਦੌਰ ਵਿੱਚ ਪੁੱਜ ਗਈ ਹੈ। ਇਸ ਅਭਿਆਨ ਤਹਿਤ ਲਗਭਗ 45 ਹਜ਼ਾਰ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਪੰਜਾਬ ਸੂਬਾ ਨਸ਼ਿਆਂ ਅਤੇ ਗੈਂਗਸਟਰਵਾਦ ਤੋਂ ਮੁਕਤ ਹੋਵੇਗਾ।


ਉਨ੍ਹਾਂ ਕਿਹਾ ਕਿ ਇੱਕ ਸਮਾਂ ਸੀ ਜਦੋਂ ਪੰਜਾਬ ਦੇਸ਼ ਦੇ ਸਭ ਤੋਂ ਮੋਹਰੀ ਸੂਬਿਆਂ ਵਿੱਚ ਸ਼ਾਮਲ ਸੀ ਅਤੇ ਹੁਣ ਸਰਕਾਰ ਲੋਕ-ਪੱਖੀ ਨੀਤੀਆਂ ਰਾਹੀਂ ਉਸ ਮਰਤਬੇ ਨੂੰ ਮੁੜ ਹਾਸਲ ਕਰਨ, ਪੰਜਾਬ ਨੂੰ ਹਰ ਖੇਤਰ ਵਿੱਚ ਅੱਗੇ ਲਿਜਾਣ ਲਈ ਲਗਾਤਾਰ ਯਤਨਸ਼ੀਲ ਹੈ।


ਉਨ੍ਹਾਂ ਦੱਸਿਆ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਦਾ ਆਯੋਜਨ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕੀਤਾ ਜਾਵੇਗਾ, ਜਿਸ ਵਿੱਚ ਦੇਸ਼ ਅਤੇ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਉਦਯੋਗਪਤੀ ਸ਼ਾਮਲ ਹੋਣਗੇ।


ਵਿੱਤੀ ਉਪਲਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਸ੍ਰੀ ਭਗਤ ਨੇ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਐਕਸਾਈਜ਼ ਤੋਂ 36,948 ਕਰੋੜ, ਜੀ.ਐੱਸ.ਟੀ. ਤੋਂ 81,417 ਕਰੋੜ ਅਤੇ ਸਟੈਂਪ ਡਿਊਟੀ ਅਤੇ ਰਜਿਸਟ੍ਰੇਸ਼ਨ ਤੋਂ 19,016 ਕਰੋੜ ਰੁਪਏ ਦਾ ਮਾਲੀਆ ਹਾਸਲ ਕੀਤਾ ਹੈ, ਜੋ ਕਿ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਕਾਫ਼ੀ ਵੱਧ ਹੈ।


ਉਨ੍ਹਾਂ ਕਿਹਾ ਕਿ ਬਾਗਬਾਨੀ ਖੇਤਰ ਹੇਠਾਂ ਰਕਬਾ ਵਧ ਕੇ 5.91 ਲੱਖ ਹੈਕਟੇਅਰ ਹੋ ਗਿਆ ਹੈ, ਜਿਸ ਨਾਲ ਸੂਬੇ ਵਿੱਚ ਬਾਗਬਾਨੀ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਪੱਖੀ ਨੀਤੀਆਂ ਨਾਲ “ਰੰਗਲਾ ਪੰਜਾਬ” ਬਣਾਉਣ ਦੇ ਸੰਕਲਪ ਨਾਲ ਅੱਗੇ ਵਧ ਰਹੇ ਹਨ।


ਗਣਤੰਤਰ ਦਿਵਸ ਸਮਾਰੋਹ ਦੌਰਾਨ ਡੀ.ਐੱਸ.ਪੀ. ਸਿਟੀ-1 ਪ੍ਰਿਥਵੀ ਸਿੰਘ ਚਾਹਲ ਦੀ ਅਗਵਾਈ ਹੇਠ ਸ਼ਾਨਦਾਰ ਮਾਰਚ ਪਾਸਟ, ਐਨ.ਸੀ.ਸੀ. ਕੈਡਿਟਾਂ ਦੀ ਭਾਗੀਦਾਰੀ, ਸਕੂਲੀ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ, ਸੀ.ਐੱਮ. ਦੀ ਯੋਗਸ਼ਾਲਾ ਰਾਹੀਂ ਸਿਹਤਮੰਦ ਪੰਜਾਬ ਦਾ ਸੁਨੇਹਾ, ਅਤੇ ਲੋਕ-ਭਲਾਈ ਯੋਜਨਾਵਾਂ ’ਤੇ ਆਧਾਰਿਤ ਝਾਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ 13 ਸਿਲਾਈ ਮਸ਼ੀਨਾਂ ਲੋੜਵੰਦਾਂ ਨੂੰ ਦਿੱਤੀਆਂ ਗਈਆਂ ਅਤੇ ਕੈਬਨਿਟ ਮੰਤਰੀ ਵੱਲੋਂ ਪੰਜ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਤਰੀ ਸ਼੍ਰੀ ਭਗਤ ਵੱਲੋਂ ਵਿਲੱਖਣ ਸੇਵਾਵਾਂ ਲਈ 81 ਵਿਅਕਤੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।


ਸਮਾਰੋਹ ਵਿੱਚ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਡਾ. ਸੰਨੀ ਸਿੰਘ ਆਹਲੂਵਾਲੀਆ, ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ; ਨਰਿੰਦਰ ਸਿੰਘ ਸ਼ੇਰਗਿੱਲ, ਚੇਅਰਮੈਨ ਮਿਲਕਫੈਡ; ਪਰਮਿੰਦਰ ਪਾਲ ਸਿੰਘ, ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਅਤੇ ਸ੍ਰੀਮਤੀ ਪ੍ਰਭਜੋਤ ਕੌਰ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਸ਼ਾਮਲ ਸਨ।


ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਿੱਚ ਸਪੈਸ਼ਲ ਡੀ.ਜੀ.ਪੀ. (ਟ੍ਰੈਫਿਕ) ਏ.ਐੱਸ. ਰਾਏ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ, ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੁਰਭੀ ਪ੍ਰਸ਼ਾਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.