ਤਾਜਾ ਖਬਰਾਂ
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਨਿੱਜੀਕਰਨ ਨੂੰ ਲਗਾਤਾਰ ਵਧਾਵਾ ਦਿੱਤਾ ਜਾ ਰਿਹਾ ਹੈ, ਜਿਸ ਦਾ ਸਿੱਧਾ ਨੁਕਸਾਨ ਆਮ ਲੋਕਾਂ, ਗਰੀਬ ਪਰਿਵਾਰਾਂ, ਛੋਟੇ ਕਿਸਾਨਾਂ ਅਤੇ ਮਜ਼ਦੂਰ ਵਰਗ ਨੂੰ ਝੱਲਣਾ ਪਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਬਿਜਲੀ ਸੋਧ ਬਿੱਲ ਲਾਗੂ ਕੀਤਾ ਗਿਆ ਤਾਂ ਬਿਜਲੀ ਸਪਲਾਈ ਪ੍ਰੀਪੇਡ ਰੀਚਾਰਜ ਮਾਡਲ ‘ਤੇ ਆਧਾਰਿਤ ਹੋ ਜਾਵੇਗੀ। ਇਸ ਸਥਿਤੀ ਵਿੱਚ ਜਿੰਨਾ ਰੀਚਾਰਜ, ਉਨੀ ਬਿਜਲੀ ਮਿਲੇਗੀ ਅਤੇ ਰੀਚਾਰਜ ਖਤਮ ਹੋਣ ‘ਤੇ ਤੁਰੰਤ ਬਿਜਲੀ ਕੱਟੀ ਜਾ ਸਕੇਗੀ, ਜੋ ਕਿ ਗਰੀਬ ਵਰਗ ਲਈ ਗੰਭੀਰ ਸਮੱਸਿਆ ਬਣੇਗੀ।
ਇਸੇ ਤਰ੍ਹਾਂ ਬੀਜ ਸੋਧ ਬਿੱਲ ਨੂੰ ਲੈ ਕੇ ਕਿਸਾਨਾਂ ਨੇ ਕਿਹਾ ਕਿ ਇਹ ਬਿੱਲ ਲਾਗੂ ਹੋਣ ਤੋਂ ਬਾਅਦ ਸਿਰਫ਼ ਕੁਝ ਗਿਣਤੀਆਂ ਕਾਰਪੋਰੇਟ ਕੰਪਨੀਆਂ ਹੀ ਬੀਜਾਂ ਦੇ ਵਪਾਰ ‘ਤੇ ਕਬਜ਼ਾ ਕਰ ਲੈਣਗੀਆਂ। ਇਸ ਨਾਲ ਬੀਜਾਂ ਦੀ ਕੀਮਤ ਅਤੇ ਉਪਲਬਧਤਾ ‘ਤੇ ਮਨਮਾਨੀ ਹੋਵੇਗੀ ਅਤੇ ਕਿਸਾਨ ਪੂਰੀ ਤਰ੍ਹਾਂ ਵੱਡੀਆਂ ਕੰਪਨੀਆਂ ‘ਤੇ ਨਿਰਭਰ ਹੋ ਜਾਣਗੇ, ਜੋ ਕਿਸਾਨੀ ਹਿਤਾਂ ਦੇ ਖ਼ਿਲਾਫ਼ ਹੈ।
ਲੇਬਰ ਕੋਡ ਬਿੱਲ ਬਾਰੇ ਕਿਸਾਨਾਂ ਅਤੇ ਮਜ਼ਦੂਰ ਆਗੂਆਂ ਨੇ ਚਿੰਤਾ ਜਤਾਈ ਕਿ ਇਸ ਨਾਲ ਮਜ਼ਦੂਰਾਂ ਦੇ ਹੱਕ ਘਟਣਗੇ ਅਤੇ ਰੋਜ਼ਗਾਰ ਦੀ ਸੁਰੱਖਿਆ ਕਮਜ਼ੋਰ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਸਾਰੇ ਕਾਨੂੰਨ ਮਿਲ ਕੇ ਕਿਸਾਨਾਂ, ਮਜ਼ਦੂਰਾਂ ਅਤੇ ਆਮ ਨਾਗਰਿਕਾਂ ਦੇ ਅਧਿਕਾਰਾਂ ਨੂੰ ਖੋਖਲਾ ਕਰ ਰਹੇ ਹਨ ਅਤੇ ਸਰਕਾਰ ਹਰ ਖੇਤਰ ਨੂੰ ਨਿੱਜੀ ਹੱਥਾਂ ਵਿੱਚ ਸੌਂਪਣ ਦੀ ਕੋਸ਼ਿਸ਼ ਕਰ ਰਹੀ ਹੈ।
ਮੁਕਤਸਰ ਵਿਖੇ ਟਰੈਕਟਰ ਮਾਰਚ ਡੀਸੀ ਦਫ਼ਤਰ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲੰਘਦਾ ਹੋਇਆ ਮੁੜ ਡੀਸੀ ਦਫ਼ਤਰ ‘ਤੇ ਸਮਾਪਤ ਹੋਇਆ। ਇਸ ਦੌਰਾਨ ਕਿਸਾਨਾਂ ਨੇ ਲੋਕਾਂ ਨੂੰ ਨਵੇਂ ਕਾਨੂੰਨਾਂ ਦੇ ਸੰਭਾਵਿਤ ਨੁਕਸਾਨਾਂ ਬਾਰੇ ਜਾਣਕਾਰੀ ਦਿੱਤੀ।
ਤਰਨਤਾਰਨ ਵਿੱਚ ਵੀ SKM ਦੀ ਅਗਵਾਈ ਹੇਠ ਵੱਡੇ ਪੱਧਰ ‘ਤੇ ਟਰੈਕਟਰ ਮਾਰਚ ਕੱਢਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਤਿੰਨ ਕਾਲੇ ਕਾਨੂੰਨਾਂ ਨੂੰ ਸੰਘਰਸ਼ ਰਾਹੀਂ ਰੱਦ ਕਰਵਾਇਆ ਗਿਆ ਸੀ ਪਰ ਹੁਣ ਮੁੜ ਬਿਜਲੀ ਸੋਧ ਬਿੱਲ 2025, ਬੀਜ ਸੋਧ ਬਿੱਲ ਅਤੇ ਮਨਰੇਗਾ ਕਾਨੂੰਨ ਵਿੱਚ ਤਬਦੀਲੀਆਂ ਕਰਕੇ ਲੋਕ ਵਿਰੋਧੀ ਫ਼ੈਸਲੇ ਲਏ ਜਾ ਰਹੇ ਹਨ। ਨਾਲ ਹੀ ਪੰਜਾਬ ਵਿੱਚ ਸਰਕਾਰੀ ਜ਼ਮੀਨਾਂ ਨੂੰ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਦਾ ਦੋਸ਼ ਵੀ ਲਗਾਇਆ ਗਿਆ।
ਅਜਨਾਲਾ ਅਤੇ ਮਲੋਟ ਸਮੇਤ ਹੋਰ ਕਈ ਇਲਾਕਿਆਂ ਵਿੱਚ ਵੀ ਕਿਸਾਨਾਂ ਵੱਲੋਂ ਟਰੈਕਟਰ ਮਾਰਚ ਕੱਢੇ ਗਏ। ਮਲੋਟ ਵਿੱਚ ਮਾਰਚ ਪੁਡਾ ਕਲੋਨੀ ਦੇ ਦੁਸਹਿਰਾ ਗਰਾਉਂਡ ਤੋਂ ਸ਼ੁਰੂ ਹੋ ਕੇ ਜੀਟੀ ਰੋਡ ਰਾਹੀਂ ਦਾਨੇਵਾਲਾ ਚੌਂਕ ਤੱਕ ਗਿਆ ਅਤੇ ਬਠਿੰਡਾ ਚੌਂਕੀ ‘ਚ ਸਮਾਪਤ ਹੋਇਆ। ਇਸ ਦੌਰਾਨ ਕਿਸਾਨ ਜਥੇਬੰਦੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੰਗ ਕੀਤੀ ਕਿ ਕਿਸਾਨ ਵਿਰੋਧੀ ਸਾਰੇ ਬਿੱਲ ਤੁਰੰਤ ਵਾਪਸ ਲਏ ਜਾਣ।
ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਸੁਣਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
Get all latest content delivered to your email a few times a month.