ਤਾਜਾ ਖਬਰਾਂ
ਚੰਡੀਗੜ੍ਹ, 11 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 13 ਤੋਂ 15 ਮਾਰਚ, 2026 ਤੱਕ ਹੋਣ ਵਾਲੇ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਦੀਆਂ ਤਿਆਰੀਆਂ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਕਿਹਾ ਕਿ ਇਹ ਸਮਾਗਮ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੀ ਨਵੀਂ ਸ਼ੁਰੂਆਤ ਸਾਬਤ ਹੋਵੇਗਾ। ਉਨ੍ਹਾਂ ਇਸ ਸੰਮੇਲਨ ਨੂੰ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤੀ ਦੇਣ ਅਤੇ ਨੌਜਵਾਨਾਂ ਲਈ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਇਕ ਇਤਿਹਾਸਕ ਕਦਮ ਕਰਾਰ ਦਿੱਤਾ।
ਉੱਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ‘ਪੰਜਾਬ ਮੀਨਜ਼ ਬਿਜ਼ਨਸ–ਪਾਲਿਸੀ ਟੂ ਪ੍ਰੈਕਟਿਸ’ ਵਿਸ਼ੇ ਅਧੀਨ ਕਰਵਾਇਆ ਜਾ ਰਿਹਾ ਹੈ, ਜਿਸਦਾ ਉਦੇਸ਼ ਨੀਤੀਆਂ ਨੂੰ ਜਮੀਨੀ ਹਕੀਕਤ ਵਿੱਚ ਬਦਲਣਾ ਹੈ। ਉਨ੍ਹਾਂ ਦੱਸਿਆ ਕਿ ਨਿਵੇਸ਼ ਖਿੱਚਣ ਲਈ ਸੂਬਾ ਸਰਕਾਰ ਵੱਲੋਂ ਦੇਸ਼ ਦੇ ਵੱਡੇ ਉਦਯੋਗਿਕ ਕੇਂਦਰਾਂ ਜਿਵੇਂ ਗੁਰੂਗ੍ਰਾਮ, ਨਵੀਂ ਦਿੱਲੀ, ਬੈਂਗਲੁਰੂ, ਹੈਦਰਾਬਾਦ, ਚੇਨਈ ਅਤੇ ਮੁੰਬਈ ਵਿੱਚ ਰੋਡ ਸ਼ੋਅ ਕੀਤੇ ਗਏ ਹਨ। ਇਸ ਤੋਂ ਇਲਾਵਾ ਜਾਪਾਨ ਅਤੇ ਦੱਖਣੀ ਕੋਰੀਆ ਵਰਗੇ ਦੇਸ਼ਾਂ ਵਿੱਚ ਵੀ ਨਿਵੇਸ਼ਕਾਂ ਨਾਲ ਸੰਪਰਕ ਸਥਾਪਿਤ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੰਮੇਲਨ ਵਿੱਚ ਉਦਘਾਟਨੀ ਅਤੇ ਸਮਾਪਤੀ ਸਮਾਰੋਹਾਂ ਦੇ ਨਾਲ-ਨਾਲ ਕੰਟਰੀ ਸੈਸ਼ਨ, ਪਲੇਨਰੀ ਮੀਟਿੰਗਾਂ ਅਤੇ ਖੇਤਰ-ਵਿਸ਼ੇਸ਼ ਸੈਸ਼ਨ ਕਰਵਾਏ ਜਾਣਗੇ। ਉਦਯੋਗਿਕ ਤਕਨਾਲੋਜੀ, ਨਵੀਂ ਰਣਨੀਤੀਆਂ ਅਤੇ ਨਿਵੇਸ਼ ਸੰਭਾਵਨਾਵਾਂ ‘ਤੇ ਖਾਸ ਪ੍ਰਦਰਸ਼ਨੀਆਂ ਅਤੇ ਸੈਮੀਨਾਰ ਵੀ ਆਯੋਜਿਤ ਕੀਤੇ ਜਾਣਗੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਹੁਣ ਤੱਕ ਲਗਭਗ 1.50 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਰਾਹੀਂ ਤਕਰੀਬਨ 5.20 ਲੱਖ ਨੌਜਵਾਨਾਂ ਲਈ ਨੌਕਰੀਆਂ ਦੇ ਮੌਕੇ ਬਣਨ ਦੀ ਸੰਭਾਵਨਾ ਹੈ। ਟਾਟਾ ਸਟੀਲ ਅਤੇ ਸਨਾਤਨ ਟੈਕਸਟਾਈਲ ਸਮੇਤ ਕਈ ਪ੍ਰਮੁੱਖ ਕੰਪਨੀਆਂ ਵੱਲੋਂ ਪੰਜਾਬ ਵਿੱਚ ਨਿਵੇਸ਼ ਲਈ ਰੁਚੀ ਦਿਖਾਈ ਗਈ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਉਦਯੋਗਿਕ ਪ੍ਰੋਜੈਕਟਾਂ ਲਈ ਰੈਗੂਲੇਟਰੀ ਮਨਜ਼ੂਰੀਆਂ ਨੂੰ ਸੌਖਾ ਅਤੇ ਤੇਜ਼ ਬਣਾਉਣ ਲਈ ਗ੍ਰੀਨ ਸਟੈਂਪ ਪੇਪਰ ਪ੍ਰਣਾਲੀ ਲਾਗੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਹੁਨਰਮੰਦ ਮਨੁੱਖੀ ਸੰਸਾਧਨ, ਮਜ਼ਬੂਤ ਬੁਨਿਆਦੀ ਢਾਂਚਾ ਅਤੇ ਬਿਜਲੀ ਉਤਪਾਦਨ ਦੀ ਪੂਰੀ ਸਮਰੱਥਾ ਹੈ, ਜੋ ਉਦਯੋਗਿਕ ਵਿਕਾਸ ਲਈ ਮਜ਼ਬੂਤ ਆਧਾਰ ਮੁਹੱਈਆ ਕਰਦੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿੱਚ ਆ ਰਹੀਆਂ ਚੁਣੌਤੀਆਂ ਦੇ ਮੱਦੇਨਜ਼ਰ ਸੂਬੇ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਲਈ ਉਦਯੋਗੀਕਰਨ ਬਹੁਤ ਜ਼ਰੂਰੀ ਹੈ। ਉਨ੍ਹਾਂ ਸੰਭਾਵੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਵੱਡੇ ਪੱਧਰ ‘ਤੇ ਨਿਵੇਸ਼ ਕਰਨ ਦੀ ਅਪੀਲ ਕਰਦਿਆਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਦੀ ਸਹੂਲਤ ਅਤੇ ਸਹਿਯੋਗ ਪ੍ਰਦਾਨ ਕਰੇਗੀ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੰਮੇਲਨ ਦਾ ਅਧਿਕਾਰਿਕ ਲੋਗੋ ਵੀ ਜਾਰੀ ਕੀਤਾ। ਇਸ ਮੌਕੇ ਉਦਯੋਗ ਤੇ ਵਪਾਰ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿੰਹਾ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
Get all latest content delivered to your email a few times a month.