ਤਾਜਾ ਖਬਰਾਂ
ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਸੁਣਾਉਂਦਿਆਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ CBI ਕੇਸ ਵਿੱਚੋਂ ਪੂਰੀ ਤਰ੍ਹਾਂ ਬਰੀ ਕਰ ਦਿੱਤਾ ਹੈ। ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਏਜੰਸੀ ਵੱਲੋਂ ਪੇਸ਼ ਕੀਤੇ ਗਏ ਤੱਥ ਦੋਸ਼ ਸਾਬਤ ਕਰਨ ਲਈ ਕਾਫ਼ੀ ਨਹੀਂ ਹਨ ਅਤੇ ਬਿਨਾਂ ਠੋਸ ਸਬੂਤਾਂ ਦੇ ਕਿਸੇ 'ਤੇ ਦੋਸ਼ ਨਹੀਂ ਮੜ੍ਹੇ ਜਾ ਸਕਦੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਜਤਾਈ ਖ਼ੁਸ਼ੀ; ਕਿਹਾ- 'ਸੱਚ ਦੀ ਜਿੱਤ ਹੋਈ'
ਇਸ ਫੈਸਲੇ ਤੋਂ ਤੁਰੰਤ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਆਪਣੀ ਖ਼ੁਸ਼ੀ ਸਾਂਝੀ ਕੀਤੀ। ਮਾਨ ਨੇ ਲਿਖਿਆ, "ਸੱਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ। ਅਦਾਲਤ ਦੇ ਇਸ ਫੈਸਲੇ ਨੇ ਵਿਰੋਧੀਆਂ ਦੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਕੇਜਰੀਵਾਲ ਜੀ ਅਤੇ ਸਿਸੋਦੀਆ ਜੀ ਦੀ ਇਮਾਨਦਾਰੀ 'ਤੇ ਅੱਜ ਅਦਾਲਤੀ ਮੋਹਰ ਲੱਗ ਗਈ ਹੈ। ਇਨਕਲਾਬ ਜ਼ਿੰਦਾਬਾਦ!"
ਗ੍ਰਿਫ਼ਤਾਰੀ ਤੋਂ ਬਰੀ ਹੋਣ ਤੱਕ ਦਾ ਸਫ਼ਰ
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੂੰ ED ਨੇ 21 ਮਾਰਚ 2024 ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ 26 ਜੂਨ ਨੂੰ ਜੇਲ੍ਹ ਵਿੱਚ ਰਹਿੰਦਿਆਂ ਹੀ CBI ਨੇ ਉਨ੍ਹਾਂ ਨੂੰ ਆਪਣੀ ਹਿਰਾਸਤ ਵਿੱਚ ਲਿਆ ਸੀ। ਲੰਬੀ ਕਾਨੂੰਨੀ ਲੜਾਈ ਤੋਂ ਬਾਅਦ, ਸੁਪਰੀਮ ਕੋਰਟ ਨੇ 12 ਜੁਲਾਈ ਨੂੰ ED ਕੇਸ ਅਤੇ 14 ਜੁਲਾਈ 2024 ਨੂੰ CBI ਕੇਸ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਸੀ। ਅੱਜ ਅਦਾਲਤ ਵੱਲੋਂ ਬਰੀ ਕੀਤੇ ਜਾਣ ਤੋਂ ਬਾਅਦ 'ਆਪ' ਖੇਮੇ ਵਿੱਚ ਜਸ਼ਨ ਦਾ ਮਾਹੌਲ ਹੈ।
ਏਜੰਸੀਆਂ ਦੀ ਕਾਰਵਾਈ 'ਤੇ ਉੱਠੇ ਸਵਾਲ
ਅਦਾਲਤ ਦੇ ਇਸ ਫੈਸਲੇ ਨਾਲ ਜਾਂਚ ਏਜੰਸੀਆਂ ਦੀ ਭਰੋਸੇਯੋਗਤਾ 'ਤੇ ਵੀ ਸਵਾਲ ਖੜ੍ਹੇ ਹੋ ਗਏ ਹਨ। ਅਦਾਲਤ ਨੇ ਸਪੱਸ਼ਟ ਕੀਤਾ ਕਿ ਬਿਨਾਂ ਕਿਸੇ ਪੁਖ਼ਤਾ ਸਬੂਤ ਦੇ ਲਗਾਏ ਗਏ ਇਲਜ਼ਾਮ ਕਾਨੂੰਨੀ ਤੌਰ 'ਤੇ ਟਿਕ ਨਹੀਂ ਸਕੇ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰਨਾਂ ਮਾਮਲਿਆਂ ਵਿੱਚ ਵੀ ਸੱਚਾਈ ਲੋਕਾਂ ਦੇ ਸਾਹਮਣੇ ਆਵੇਗੀ।
Get all latest content delivered to your email a few times a month.