ਤਾਜਾ ਖਬਰਾਂ
ਇਰਾਨ ਦੇ ਸਰਵਉੱਚ ਨੇਤਾ ਅਯਾਤੁੱਲਾ ਅਲੀ ਖ਼ਾਮੇਨੇਈ ਦੀ ਮੌਤ ਦੀ ਖ਼ਬਰ ਫੈਲਦਿਆਂ ਹੀ ਗੁਆਂਢੀ ਮੁਲਕ ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿੱਚ ਭਿਆਨਕ ਹਿੰਸਾ ਭੜਕ ਉੱਠੀ ਹੈ। ਅਮਰੀਕਾ ਵਿਰੁੱਧ ਗੁੱਸਾ ਜ਼ਾਹਿਰ ਕਰਦਿਆਂ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਸੜਕਾਂ 'ਤੇ ਉਤਰ ਆਏ ਅਤੇ ਦੇਖਦੇ ਹੀ ਦੇਖਦੇ ਵਿਰੋਧ ਪ੍ਰਦਰਸ਼ਨ ਹਿੰਸਕ ਰੂਪ ਧਾਰਨ ਕਰ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ, ਇਸ ਹੰਗਾਮੇ ਦੌਰਾਨ ਅਮਰੀਕੀ ਸੈਨਿਕਾਂ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਹੁਣ ਤੱਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 30 ਤੋਂ ਵੱਧ ਲੋਕ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ।
ਅਮਰੀਕੀ ਦੂਤਾਵਾਸ ਨੂੰ ਘੇਰਿਆ, ਭਾਰੀ ਭੰਨ-ਤੋੜ ਤੇ ਅਗਜ਼ਨੀ
ਚਸ਼ਮਦੀਦਾਂ ਮੁਤਾਬਕ ਉਤੇਜਿਤ ਭੀੜ ਨੇ ਕਰਾਚੀ ਸਥਿਤ ਅਮਰੀਕੀ ਦੂਤਾਵਾਸ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਉੱਥੇ ਜੰਮ ਕੇ ਭੰਨ-ਤੋੜ ਕੀਤੀ। ਪ੍ਰਦਰਸ਼ਨਕਾਰੀਆਂ ਨੇ ਅਮਰੀਕਾ ਵਿਰੋਧੀ ਨਾਅਰੇਬਾਜ਼ੀ ਕਰਦੇ ਹੋਏ ਦੂਤਾਵਾਸ ਕੰਪਲੈਕਸ ਦੇ ਬਾਹਰ ਅੱਗ ਲਗਾ ਦਿੱਤੀ, ਜਿਸ ਕਾਰਨ ਪੂਰੇ ਇਲਾਕੇ ਵਿੱਚ ਕਾਲੇ ਧੂੰਏਂ ਦੇ ਗੁਬਾਰ ਛਾ ਗਏ। ਹਾਲਾਤ ਇੰਨੇ ਨਾਜ਼ੁਕ ਹੋ ਗਏ ਕਿ ਉੱਥੇ ਤਾਇਨਾਤ ਸੁਰੱਖਿਆ ਕਰਮੀਆਂ ਨੂੰ ਪਿੱਛੇ ਹਟਣ ਲਈ ਮਜ਼ਬੂਰ ਹੋਣਾ ਪਿਆ।
ਸੁਰੱਖਿਆ ਬਲਾਂ ਨੇ ਸੰਭਾਲਿਆ ਮੋਰਚਾ, ਇਲਾਕਾ ਛਾਉਣੀ ਵਿੱਚ ਤਬਦੀਲ
ਬੇਕਾਬੂ ਹਾਲਾਤਾਂ ਨੂੰ ਦੇਖਦਿਆਂ ਪਾਕਿਸਤਾਨੀ ਸੁਰੱਖਿਆ ਬਲਾਂ ਅਤੇ ਪੁਲਿਸ ਦੀਆਂ ਵਾਧੂ ਟੁਕੜੀਆਂ ਨੇ ਮੋਰਚਾ ਸੰਭਾਲ ਲਿਆ ਹੈ। ਸੁਰੱਖਿਆ ਬਲਾਂ ਨੇ ਅਮਰੀਕੀ ਦੂਤਾਵਾਸ ਵੱਲ ਜਾਣ ਵਾਲੇ ਸਾਰੇ ਰਸਤੇ ਸੀਲ ਕਰ ਦਿੱਤੇ ਹਨ ਅਤੇ ਭੀੜ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲੇ ਛੱਡੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਇੰਨੀ ਜ਼ਿਆਦਾ ਸੀ ਕਿ ਉਨ੍ਹਾਂ ਨੂੰ ਕਾਬੂ ਕਰਨਾ ਔਖਾ ਹੋ ਰਿਹਾ ਸੀ। ਫਿਲਹਾਲ ਪੂਰੇ ਇਲਾਕੇ ਨੂੰ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।
ਦੇਸ਼ ਭਰ ਵਿੱਚ ਹਾਈ ਅਲਰਟ ਜਾਰੀ
ਖ਼ਾਮੇਨੇਈ ਦੀ ਮੌਤ ਤੋਂ ਬਾਅਦ ਕਰਾਚੀ ਦੇ ਨਾਲ-ਨਾਲ ਪਾਕਿਸਤਾਨ ਦੇ ਹੋਰ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪ੍ਰਸ਼ਾਸਨ ਨੂੰ ਡਰ ਹੈ ਕਿ ਇਹ ਪ੍ਰਦਰਸ਼ਨ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਫੈਲ ਸਕਦੇ ਹਨ, ਜਿਸ ਕਾਰਨ ਸਾਰੇ ਡਿਪਲੋਮੈਟਿਕ ਮਿਸ਼ਨਾਂ (ਰਾਜਦੂਤਾਂ) ਦੀ ਸੁਰੱਖਿਆ ਦੁੱਗਣੀ ਕਰ ਦਿੱਤੀ ਗਈ ਹੈ। ਸਰਕਾਰ ਨੇ ਲੋਕਾਂ ਨੂੰ ਸ਼ਾਂਤੀ ਬਣਾਏ ਰੱਖਣ ਦੀ ਅਪੀਲ ਕੀਤੀ ਹੈ, ਪਰ ਖ਼ਾਮੇਨੇਈ ਦੇ ਸਮਰਥਕਾਂ ਵਿੱਚ ਅਮਰੀਕਾ ਅਤੇ ਇਜ਼ਰਾਈਲ ਪ੍ਰਤੀ ਭਾਰੀ ਰੋਸ ਦੇਖਿਆ ਜਾ ਰਿਹਾ ਹੈ।
Get all latest content delivered to your email a few times a month.