ਤਾਜਾ ਖਬਰਾਂ
ਲੁਧਿਆਣਾ ਵਿੱਚ ਹੋਈ ਸੰਯੁਕਤ ਕਿਸਾਨ ਮੋਰਚਾ (ਪੰਜਾਬ ਚੈਪਟਰ) ਦੀ ਮਹੱਤਵਪੂਰਨ ਮੀਟਿੰਗ ਦੌਰਾਨ ਆਉਣ ਵਾਲੇ ਸੰਘਰਸ਼ੀ ਪ੍ਰੋਗਰਾਮਾਂ ਨੂੰ ਲੈ ਕੇ ਵੱਡੇ ਫੈਸਲੇ ਕੀਤੇ ਗਏ। ਮੀਟਿੰਗ ਦੀ ਅਗਵਾਈ ਸਤਨਾਮ ਸਿੰਘ ਅਜਨਾਲਾ, ਸੁਖਦੇਵ ਸਿੰਘ ਆਰਇਆ ਵਾਲਾ ਅਤੇ ਗੁਰਮੀਤ ਸਿੰਘ ਮਹਿਮਾ ਨੇ ਕੀਤੀ। ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਲੋਕਤੰਤਰਿਕ ਅਧਿਕਾਰਾਂ ਨੂੰ ਕੁਚਲਾ ਜਾ ਰਿਹਾ ਹੈ ਅਤੇ ਸ਼ਾਂਤੀਪੂਰਨ ਧਰਨਿਆਂ ਨੂੰ ਜਬਰ ਨਾਲ ਰੋਕਿਆ ਜਾ ਰਿਹਾ ਹੈ।
ਮੋਰਚੇ ਨੇ ਐਲਾਨ ਕੀਤਾ ਕਿ 6 ਮਾਰਚ ਨੂੰ ਬਠਿੰਡਾ ਵਿੱਚ ਵੱਡਾ ਕਿਸਾਨ ਮਾਰਚ ਕੱਢਿਆ ਜਾਵੇਗਾ। ਇਹ ਮਾਰਚ ਸਰਕਾਰ ਦੀਆਂ ਕਥਿਤ ਦਬਾਅਵਾਦੀ ਨੀਤੀਆਂ ਅਤੇ ਕਿਸਾਨ ਵਿਰੋਧੀ ਕਦਮਾਂ ਦੇ ਖਿਲਾਫ ਹੋਵੇਗਾ। ਕਿਸਾਨ ਆਗੂਆਂ ਨੇ ਦਾਅਵਾ ਕੀਤਾ ਕਿ 5 ਮਾਰਚ 2025 ਨੂੰ ਚੰਡੀਗੜ੍ਹ ਵਿੱਚ ਪ੍ਰਸਤਾਵਿਤ ਮੋਰਚੇ ਨੂੰ ਰੋਕਣ ਲਈ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਅਤੇ ਕਈ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਭੇਜਿਆ ਗਿਆ। ਇਸ ਤੋਂ ਇਲਾਵਾ, ਜਿਉਂਦ ਪਿੰਡ ਵਿੱਚ 700 ਏਕੜ ਜ਼ਮੀਨ ਰਿਲਾਇੰਸ ਕੰਪਨੀ ਨੂੰ ਦੇਣ ਦੇ ਵਿਰੋਧ ‘ਚ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਵੀ ਕਾਰਵਾਈ ਦੇ ਦੋਸ਼ ਲਗਾਏ ਗਏ।
ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਕਿ ਬਠਿੰਡਾ ਵਿੱਚ ਕਿਸਾਨਾਂ ਨੂੰ ਧਰਨਾ ਦੇਣ ਤੋਂ ਰੋਕਿਆ ਗਿਆ, ਜੋ ਲੋਕਤੰਤਰਕ ਪ੍ਰਣਾਲੀ ਲਈ ਚਿੰਤਾਜਨਕ ਹੈ। ਆਗੂਆਂ ਦੇ ਅਨੁਸਾਰ ਪੰਜਾਬ ਨੂੰ “ਪੁਲਿਸ ਸਟੇਟ” ਵੱਲ ਧੱਕਿਆ ਜਾ ਰਿਹਾ ਹੈ ਅਤੇ ਕੇਂਦਰ ਨਾਲ ਮਿਲ ਕੇ ਕਿਸਾਨ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ।
ਇਸ ਤੋਂ ਪਹਿਲਾਂ 24 ਫਰਵਰੀ ਨੂੰ ਕੁਰੂਕਸ਼ੇਤਰ ਵਿੱਚ ਹੋਈ ਸੰਯੁਕਤ ਕਿਸਾਨ ਮੋਰਚਾ (ਭਾਰਤ) ਦੀ ਮੀਟਿੰਗ ਵਿੱਚ ਦੇਸ਼ ਪੱਧਰ ‘ਤੇ ਵੱਡਾ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਸੀ। ਇਸ ਤਹਿਤ 10 ਮਾਰਚ ਤੋਂ 13 ਅਪ੍ਰੈਲ ਤੱਕ “ਕਿਸਾਨ ਬਚਾਓ” ਰੈਲੀਆਂ ਦੇਸ਼ ਭਰ ਵਿੱਚ ਕੀਤੀਆਂ ਜਾਣਗੀਆਂ। ਇਸ ਮੁਹਿੰਮ ਦੀ ਸ਼ੁਰੂਆਤ 10 ਮਾਰਚ ਨੂੰ ਬਰਨਾਲਾ ਵਿੱਚ ਵੱਡੀ ਰੈਲੀ ਨਾਲ ਹੋਵੇਗੀ, ਜਿਸ ਵਿੱਚ ਲਗਭਗ 50 ਹਜ਼ਾਰ ਤੋਂ ਵੱਧ ਕਿਸਾਨਾਂ ਦੀ ਭਾਗੀਦਾਰੀ ਦਾ ਦਾਅਵਾ ਕੀਤਾ ਗਿਆ ਹੈ।
ਕਿਸਾਨ ਜਥੇਬੰਦੀਆਂ ਨੇ ਸਪਸ਼ਟ ਕੀਤਾ ਕਿ ਮੁਕਤ ਵਪਾਰ ਸਮਝੌਤਿਆਂ ਨੂੰ ਰੱਦ ਕਰਵਾਉਣ, ਬੀਜ ਬਿੱਲ 2025 ਅਤੇ ਬਿਜਲੀ ਬਿੱਲ 2025 ਨੂੰ ਵਾਪਸ ਲੈਣ, ਮਨਰੇਗਾ ਕਾਨੂੰਨ ਦੀ ਬਹਾਲੀ, ਕਿਸਾਨਾਂ ਦੀ ਕਰਜ਼ਾ ਮੁਆਫ਼ੀ ਅਤੇ ਪੰਜਾਬ ਦੇ ਪਾਣੀ ਮਸਲੇ ਦਾ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ।
ਇਸ ਤੋਂ ਇਲਾਵਾ, 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਦੇਸ਼ ਭਰ ਵਿੱਚ “ਸਾਮਰਾਜ ਵਿਰੋਧੀ ਦਿਨ” ਮਨਾਇਆ ਜਾਵੇਗਾ। ਇਸ ਸਬੰਧੀ 12 ਮਾਰਚ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਪੰਜਾਬ ਦੀਆਂ ਕਿਸਾਨ, ਮਜ਼ਦੂਰ ਅਤੇ ਮੁਲਾਜ਼ਮ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਰਾਜ ਪੱਧਰੀ ਪ੍ਰੋਗਰਾਮਾਂ ਦੀ ਰਣਨੀਤੀ ਤੈਅ ਕੀਤੀ ਜਾਵੇਗੀ।
Get all latest content delivered to your email a few times a month.