ਤਾਜਾ ਖਬਰਾਂ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਡੇਰਾ ਬਾਬਾ ਨਾਨਕ ਸਥਿਤ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਵਿਖੇ ਮਨਾਏ ਜਾ ਰਹੇ ਸਲਾਨਾ ਜੋੜ ਮੇਲੇ ਮੌਕੇ ਨਤਮਸਤਕ ਹੋਣ ਲਈ ਪਹੁੰਚੇ। ਉਨ੍ਹਾਂ ਨੇ ਇਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕਰਕੇ ਗੁਰੂ ਘਰ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ।
ਮੁੱਖ ਮੰਤਰੀ ਦੇ ਆਗਮਨ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਬਾਬਾ ਸੁਖਦੇਵ ਸਿੰਘ ਜੀ ਬੇਦੀ, ਬਾਬਾ ਅਵਤਾਰ ਸਿੰਘ ਜੀ ਬੇਦੀ ਅਤੇ ਬਾਬਾ ਮਨਜੀਤ ਸਿੰਘ ਸਮੇਤ ਹੋਰ ਪ੍ਰਬੰਧਕਾਂ ਨੇ ਸ੍ਰੀ ਸੈਣੀ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ ਭੇਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ।
ਇਸ ਦੌਰੇ ਦੌਰਾਨ ਭਾਜਪਾ ਦੇ ਕਈ ਆਗੂ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ, ਜਿਨ੍ਹਾਂ ਵਿੱਚ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਵੀ ਸ਼ਾਮਲ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਬਹੁਤ ਵਡਭਾਗਾ ਸਮਝਦੇ ਹਨ ਕਿ ਉਨ੍ਹਾਂ ਨੂੰ ਪਹਿਲੀ ਵਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਆ ਕੇ ਉਨ੍ਹਾਂ ਦੇ ਮਨ ਨੂੰ ਅਤੁੱਲ ਸ਼ਾਂਤੀ ਅਤੇ ਆਤਮਿਕ ਸਕੂਨ ਪ੍ਰਾਪਤ ਹੋਇਆ ਹੈ।
ਕਰਤਾਰਪੁਰ ਸਾਹਿਬ ਲਾਂਘੇ ਸੰਬੰਧੀ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਸੰਗਤਾਂ ਦੀ ਇਸ ਮੰਗ ਨੂੰ ਉਹ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਜ਼ਰੂਰ ਪਹੁੰਚਾਉਣਗੇ।
Get all latest content delivered to your email a few times a month.