ਤਾਜਾ ਖਬਰਾਂ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, Takht Sri Kesgarh Sahib ਵਿਖੇ ਮਨਾਏ ਗਏ ਹੋਲੇ ਮਹੱਲੇ ਦੇ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਇਕੱਠੀ ਹੋਈ ਸਿੱਖ ਸੰਗਤ ਨੂੰ ਸੰਬੋਧਨ ਕਰਦਿਆਂ Sri Akal Takht Sahib ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਹੋਲਾ ਮਹੱਲਾ ਸਿੱਖ ਕੌਮ ਦੀ ਵਿਲੱਖਣ ਪਛਾਣ, ਚੜ੍ਹਦੀ ਕਲਾ ਅਤੇ ਖਾਲਸਾਈ ਰੂਹ ਦਾ ਪ੍ਰਤੀਕ ਹੈ। ਉਨ੍ਹਾਂ ਜ਼ੋਰ ਦੇ ਕੇ ਆਖਿਆ ਕਿ ਸਿੱਖ ਰਵਾਇਤਾਂ ਗੁਰਬਾਣੀ ਅਨੁਸਾਰ ਹਨ ਅਤੇ ਇੱਕ ਦੂਜੇ ਨੂੰ ਰੰਗ ਲਗਾਉਣ ਜਾਂ ਅਜਿਹੀਆਂ ਰਸਮਾਂ ਸਿੱਖੀ ਮਰਯਾਦਾ ਦਾ ਹਿੱਸਾ ਨਹੀਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਬਖ਼ਸ਼ੀ ਵਿਲੱਖਣਤਾ ਨੇ ਹੀ ਕੌਮ ਨੂੰ ਇਤਿਹਾਸ ਵਿੱਚ ਮਜ਼ਬੂਤੀ ਨਾਲ ਖੜ੍ਹਾ ਕੀਤਾ ਅਤੇ ਗੁਲਾਮੀ ਦੀਆਂ ਜ਼ੰਜੀਰਾਂ ਤੋੜਨ ਦੀ ਤਾਕਤ ਦਿੱਤੀ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖਾਂ ਨੇ ਦੇਸ਼ ਦੀ ਸਰਹੱਦਾਂ ਦੀ ਰੱਖਿਆ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਸਭ ਤੋਂ ਵੱਧ ਸ਼ਹਾਦਤਾਂ ਸਿੱਖ ਕੌਮ ਦੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇ ਕੋਈ ਤਾਕਤ ਸਿੱਖਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰੇਗੀ ਤਾਂ ਇਸ ਦਾ ਅਸਰ ਦੇਸ਼ ਦੀ ਮਜ਼ਬੂਤੀ ‘ਤੇ ਵੀ ਪਵੇਗਾ। ਉਨ੍ਹਾਂ ਲੰਮੇ ਸਮੇਂ ਤੋਂ ਨਜ਼ਰਬੰਦ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਭਾਈ ਜਗਤਾਰ ਸਿੰਘ ਹਵਾਰਾ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਪ੍ਰੋ. ਦੇਵਿੰਦਰਪਾਲ ਸਿੰਘ ਭੁੱਲਰ ਦੇ ਮਾਮਲਿਆਂ ਦਾ ਜ਼ਿਕਰ ਕੀਤਾ ਅਤੇ ਕਿਹਾ ਕਿ ਇਨ੍ਹਾਂ ਦੀ ਰਿਹਾਈ ਸਿੱਖ ਕੌਮ ਦੀ ਸਾਂਝੀ ਭਾਵਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਹੋ ਰਹੀਆਂ ਮੁਕਾਬਲਾ ਹਤਿਆਵਾਂ ਚਿੰਤਾਜਨਕ ਹਨ ਅਤੇ ਕਾਨੂੰਨ ਦਾ ਰਾਜ ਬਣਾਇਆ ਰੱਖਣਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਸਿੱਖ ਪਛਾਣ ਦੇ ਮਸਲੇ ‘ਤੇ ਗੱਲ ਕਰਦਿਆਂ ਜਥੇਦਾਰ ਗੜਗੱਜ ਨੇ ਦ੍ਰਿੜਤਾ ਨਾਲ ਕਿਹਾ ਕਿ ਸਿੱਖ ਕੌਮ ਵਿਲੱਖਣ ਹੈ ਅਤੇ ਹਮੇਸ਼ਾ ਰਹੇਗੀ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਸਿੱਖਾਂ ਨੂੰ ਹੋਰ ਧਾਰਾਵਾਂ ਵਿੱਚ ਮਿਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਪਰ ਸਿੱਖ ਗੁਰੂ ਸਾਹਿਬਾਨ ਦੇ ਅਨੁਯਾਈ ਹੋਣ ਦੇ ਨਾਤੇ ਆਪਣੀ ਨਿਆਰੀ ਪਛਾਣ ਨਾਲ ਕਦੇ ਸਮਝੌਤਾ ਨਹੀਂ ਕਰਨਗੇ। ਉਨ੍ਹਾਂ 1984 ਦੀਆਂ ਘਟਨਾਵਾਂ ਅਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਸਮੇਤ ਹੋਰਾਂ ਦੀਆਂ ਸ਼ਹਾਦਤਾਂ ਨੂੰ ਕੌਮੀ ਅਧਿਕਾਰਾਂ ਅਤੇ ਅਸਮੀਤਾ ਨਾਲ ਜੋੜਿਆ ਅਤੇ ਕਿਹਾ ਕਿ ਇਹ ਕੁਰਬਾਨੀਆਂ ਵਿਅਰਥ ਨਹੀਂ ਜਾਣਗੀਆਂ।
ਸਿੱਖਿਆ ਅਤੇ ਧਾਰਮਿਕ ਮਰਯਾਦਾ ਦੇ ਮਸਲਿਆਂ ‘ਤੇ ਬੋਲਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ 1849 ਤੋਂ ਬਾਅਦ ਸਿੱਖ ਰਾਜ ਖਤਮ ਹੋਣ ਨਾਲ ਸਿੱਖਾਂ ਦੀ ਸਿੱਖਿਆ ਪ੍ਰਣਾਲੀ ਨੂੰ ਨੁਕਸਾਨ ਪਹੁੰਚਿਆ ਅਤੇ ਹੁਣ 2049 ਨੂੰ ਧਿਆਨ ਵਿੱਚ ਰੱਖਦਿਆਂ ਕੌਮ ਨੂੰ ਆਪਣੀ ਸਿੱਖਿਆ ਪ੍ਰਣਾਲੀ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਹਰ ਗੁਰਦੁਆਰਾ ਕਮੇਟੀ ਨੂੰ ਅਪੀਲ ਕੀਤੀ ਕਿ ਮੇਹਨਤੀ ਅਤੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਮਦਦ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ Guru Granth Sahib ਦੀ ਬੇਅਦਬੀ ਰੋਕਣ ਲਈ ਵਿਸ਼ੇਸ਼ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ, ਉਨ੍ਹਾਂ ਘੋਸ਼ਣਾ ਕੀਤੀ ਕਿ ਸ਼ਹੀਦ ਭਾਈ ਤਾਰਾ ਸਿੰਘ ਦਾ 300ਵਾਂ ਸ਼ਹੀਦੀ ਦਿਹਾੜਾ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ ਅਤੇ 8 ਤੋਂ 12 ਮਾਰਚ ਤੱਕ ਖ਼ਾਲਸਾਈ ਮਾਰਚ ਸਜਾਇਆ ਜਾਵੇਗਾ, ਜਿਸ ਰਾਹੀਂ ਕੌਮ ਨੂੰ ਇਕਜੁੱਟ ਕਰਨ ਦਾ ਸੰਦੇਸ਼ ਦਿੱਤਾ ਜਾਵੇਗਾ।
Get all latest content delivered to your email a few times a month.