ਤਾਜਾ ਖਬਰਾਂ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਹੱਦੀ ਹਲਕੇ ਖੇਮਕਰਨ ਵਿੱਚ 137 ਕਰੋੜ ਰੁਪਏ ਦੀ ਲਾਗਤ ਨਾਲ ਪੇਂਡੂ ਲਿੰਕ ਸੜਕ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਹੱਦੀ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ 209 ਪੇਂਡੂ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ, ਜੋ ਕੁੱਲ 275 ਕਿਲੋਮੀਟਰ ਖੇਤਰ ਨੂੰ ਕਵਰ ਕਰਨਗੀਆਂ।
ਨੀਂਹ ਪੱਥਰ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਰਹੱਦੀ ਇਲਾਕਿਆਂ ਦੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ ਸੀ, ਪਰ ਮੌਜੂਦਾ ਸਰਕਾਰ ਇਨ੍ਹਾਂ ਖੇਤਰਾਂ ਵਿੱਚ ਬੁਨਿਆਦੀ ਢਾਂਚਾ ਮਜ਼ਬੂਤ ਕਰਨ, ਉਦਯੋਗਿਕ ਨਿਵੇਸ਼ ਵਧਾਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ‘ਤੇ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸੜਕਾਂ, ਸਕੂਲਾਂ, ਖੇਡ ਮੈਦਾਨਾਂ ਅਤੇ ਉਦਯੋਗਾਂ ਰਾਹੀਂ ਹਰ ਖੇਤਰ ਦਾ ਸੰਤੁਲਿਤ ਵਿਕਾਸ ਯਕੀਨੀ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਦੀ ਨਵੀਂ ਉਦਯੋਗਿਕ ਨੀਤੀ ਤਹਿਤ ਸਰਹੱਦੀ ਅਤੇ ਕੰਢੀ ਖੇਤਰਾਂ ਵਿੱਚ ਉਦਯੋਗ ਸਥਾਪਤ ਕਰਨ ਵਾਲੇ ਉਦਯੋਗਪਤੀਆਂ ਨੂੰ 25 ਫੀਸਦੀ ਵਾਧੂ ਪ੍ਰੋਤਸਾਹਨ ਦਿੱਤਾ ਜਾ ਰਿਹਾ ਹੈ। ਭੂਗੋਲਿਕ ਅਤੇ ਸੁਰੱਖਿਆ ਸੰਬੰਧੀ ਚੁਣੌਤੀਆਂ ਕਾਰਨ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਰਗੇ ਜ਼ਿਲ੍ਹਿਆਂ ਵਿੱਚ ਪਹਿਲਾਂ ਘੱਟ ਨਿਵੇਸ਼ ਹੋਇਆ ਸੀ, ਪਰ ਹੁਣ ਸਰਕਾਰ ਇਨ੍ਹਾਂ ਖੇਤਰਾਂ ਨੂੰ ਵਿਕਾਸ ਦੇ ਮੁੱਖ ਧਾਰੇ ਨਾਲ ਜੋੜ ਰਹੀ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਚਾਹੁੰਦੀ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਹੁਣ ਤੱਕ 63 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ।
ਸਿੰਚਾਈ ਪ੍ਰਣਾਲੀ ਵਿੱਚ ਸੁਧਾਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਹਿਰੀ ਪ੍ਰਣਾਲੀ ਨੂੰ ਮੁੜ ਜੀਵੰਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਗਏ ਹਨ। ਜਿੱਥੇ ਪਹਿਲਾਂ ਸਿਰਫ 21 ਫੀਸਦ ਨਹਿਰੀ ਪਾਣੀ ਦੀ ਵਰਤੋਂ ਹੁੰਦੀ ਸੀ, ਉਥੇ ਹੁਣ ਇਹ ਅੰਕੜਾ 68 ਫੀਸਦ ਤੱਕ ਪਹੁੰਚ ਗਿਆ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸਨੂੰ 85 ਫੀਸਦ ਤੱਕ ਲਿਜਾਣ ਦਾ ਟੀਚਾ ਹੈ। ਇਸ ਤੋਂ ਇਲਾਵਾ 6,900 ਕਿਲੋਮੀਟਰ ਨਹਿਰਾਂ ਅਤੇ 18,349 ਜਲ ਮਾਰਗਾਂ ਨੂੰ ਮੁੜ ਚਾਲੂ ਕੀਤਾ ਗਿਆ ਹੈ, ਜਿਸ ਨਾਲ 1,365 ਪਿੰਡਾਂ ਤੱਕ ਪਹਿਲੀ ਵਾਰ ਨਹਿਰੀ ਪਾਣੀ ਪਹੁੰਚਿਆ ਹੈ।
ਸਿੱਖਿਆ ਖੇਤਰ ਵਿੱਚ ਹੋ ਰਹੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਰਾਜ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ, ਜਿੱਥੇ ਸਮਾਰਟ ਕਲਾਸਰੂਮ, ਆਧੁਨਿਕ ਲੈਬ ਅਤੇ ਖੇਡ ਮੈਦਾਨ ਮੁਹੱਈਆ ਕਰਵਾਏ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿੱਚ ਵਿਸ਼ੇਸ਼ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਮਿਲ ਸਕੇ। ਉਨ੍ਹਾਂ ਦੱਸਿਆ ਕਿ ਰਾਸ਼ਟਰੀ ਪ੍ਰਾਪਤੀ ਸਰਵੇਖਣ ਵਿੱਚ ਪੰਜਾਬ ਨੇ ਕੇਰਲਾ ਨੂੰ ਪਿੱਛੇ ਛੱਡ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ।
ਮੁੱਖ ਮੰਤਰੀ ਨੇ ਸਿਹਤ ਅਤੇ ਭਲਾਈ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ਦੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਦੇਣ ਲਈ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਅਤੇ 881 ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਵੀ ਮਿਲ ਰਹੀ ਹੈ।
ਇਸ ਮੌਕੇ ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹਰ ਮਹਿਲਾ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਜਲਦ ਲਾਗੂ ਕੀਤੀ ਜਾਵੇਗੀ ਅਤੇ ਇਸ ਲਈ ਆਉਣ ਵਾਲੇ ਬਜਟ ਵਿੱਚ ਪ੍ਰਬੰਧ ਕੀਤੇ ਜਾਣਗੇ।
ਰਾਜਨੀਤਿਕ ਵਿਰੋਧੀਆਂ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਾਂਗਰਸ ਨੂੰ ਅੰਦਰੂਨੀ ਖਿਚਾਅ ਕਾਰਨ ਵੰਡਿਆ ਹੋਇਆ ਘਰ ਕਰਾਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਕੋਲ ਨਾ ਤਾਂ ਕੋਈ ਸਪਸ਼ਟ ਦ੍ਰਿਸ਼ਟੀਕੋਣ ਹੈ ਅਤੇ ਨਾ ਹੀ ਇੱਕਜੁੱਟਤਾ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਵੀ ਤੰਜ ਕੱਸਦਿਆਂ ਦੋਸ਼ ਲਾਇਆ ਕਿ ਉਨ੍ਹਾਂ ਦੇ ਰਾਜ ਦੌਰਾਨ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਪ੍ਰੋਤਸਾਹਨ ਮਿਲਿਆ ਸੀ।
ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਖੇਮਕਰਨ ਹਲਕੇ ਵਿੱਚ ਇਸ ਪ੍ਰੋਜੈਕਟ ਤਹਿਤ ਸੜਕਾਂ ਦੇ ਨਵੀਨੀਕਰਨ ‘ਤੇ 127 ਕਰੋੜ 84 ਲੱਖ ਰੁਪਏ ਖਰਚ ਕੀਤੇ ਜਾਣਗੇ, ਜਦਕਿ ਅਗਲੇ ਪੰਜ ਸਾਲਾਂ ਵਿੱਚ 9 ਕਰੋੜ 38 ਲੱਖ ਰੁਪਏ ਰੱਖ-ਰਖਾਅ ਲਈ ਖਰਚੇ ਜਾਣਗੇ। ਇਸ ਤੋਂ ਇਲਾਵਾ ਖੇਮਕਰਨ ਹਲਕੇ ਵਿੱਚ 35 ਕਰੋੜ 23 ਲੱਖ ਰੁਪਏ ਦੀ ਲਾਗਤ ਨਾਲ 249 ਕਿਲੋਮੀਟਰ ਤੋਂ ਵੱਧ ਹੋਰ ਲਿੰਕ ਸੜਕਾਂ ਦਾ ਕੰਮ ਵੀ ਚੱਲ ਰਿਹਾ ਹੈ।
ਉਨ੍ਹਾਂ ਅਖੀਰ ਵਿੱਚ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Get all latest content delivered to your email a few times a month.