ਤਾਜਾ ਖਬਰਾਂ
ਪੰਜਾਬ ਵਿੱਚ ਗੁਰਬਾਣੀ ਦੀ ਬੇਅਦਬੀ ਨਾਲ ਜੁੜੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਬਾਬਾ ਬਕਾਲਾ ਸਾਹਿਬ ਦੇ ਨੇੜਲੇ ਪਿੰਡ ਸਠਿਆਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਗੁਰਦੁਆਰਾ ਧੇੜੇਆਣਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮਾਂ ਵੱਲੋਂ ਗੁਰਦੁਆਰਾ ਸਾਹਿਬ ਵਿੱਚੋਂ ਪਾਵਨ ਸਰੂਪ ਦੇ ਅੰਗ ਕੱਢ ਕੇ ਗਲੀ ਵਿੱਚ ਖਿਲਾਰ ਦਿੱਤੇ ਗਏ। ਇਸ ਤੋਂ ਪਹਿਲਾਂ ਉਨ੍ਹਾਂ ਵੱਲੋਂ ਗੁਰਦੁਆਰਾ ਸਾਹਿਬ ਦੇ ਸੀਸੀਟੀਵੀ ਕੈਮਰਿਆਂ ਦੀਆਂ ਤਾਰਾਂ ਵੀ ਕੱਟ ਦਿੱਤੀਆਂ ਗਈਆਂ, ਤਾਂ ਜੋ ਘਟਨਾ ਦੀ ਰਿਕਾਰਡਿੰਗ ਨਾ ਹੋ ਸਕੇ।
ਇਸ ਦਰਦਨਾਕ ਘਟਨਾ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਪ੍ਰਤੀਕਿਰਿਆ ਜਤਾਈ ਹੈ। ਉਨ੍ਹਾਂ ਪਿੰਡ ਸਠਿਆਲਾ ਸਥਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿੱਚ ਹੋਈ ਇਸ ਘਟਨਾ ਦੀ ਕੜੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਲਗਾਤਾਰ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਗੰਭੀਰ ਚਿੰਤਾ ਦਾ ਵਿਸ਼ਾ ਹਨ।
ਧਾਮੀ ਨੇ ਕਿਹਾ ਕਿ ਗੁਰਬਾਣੀ ਮਨੁੱਖਤਾ ਨੂੰ ਸਹੀ ਜੀਵਨ ਜੀਉਣ ਦਾ ਰਾਹ ਦਿਖਾਉਂਦੀ ਹੈ ਅਤੇ ਇਸ ਦੀ ਬੇਅਦਬੀ ਨਾਲ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਘਟਨਾਵਾਂ ਪਿੱਛੇ ਵੱਡੀ ਸਾਜ਼ਿਸ਼ ਹੋ ਸਕਦੀ ਹੈ ਅਤੇ ਦੋਸ਼ੀਆਂ ਨੂੰ ਬੇਨਕਾਬ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਬੇਅਦਬੀ ਦੇ ਮਾਮਲੇ ਵਿੱਚ ਸ਼ਾਮਲ ਦੋਸ਼ੀਆਂ ਦਾ ਜਲਦ ਪਤਾ ਲਗਾ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਨਾਲ ਹੀ ਉਨ੍ਹਾਂ ਗੁਰਦੁਆਰਾ ਸਾਹਿਬਾਂ ਦੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰਦੁਆਰਿਆਂ ਵਿੱਚ ਪਹਿਰੇਦਾਰੀ ਅਤੇ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਜਾਣ, ਤਾਂ ਜੋ ਅਜਿਹੀਆਂ ਦੁੱਖਦਾਈ ਘਟਨਾਵਾਂ ਨੂੰ ਰੋਕਿਆ ਜਾ ਸਕੇ।
Get all latest content delivered to your email a few times a month.