ਤਾਜਾ ਖਬਰਾਂ
ਮੁੱਖ ਮੰਤਰੀ Bhagwant Mann ਨੇ ਜਲੰਧਰ ਵਿੱਚ ਹੁਸ਼ਿਆਰਪੁਰ ਦੇ ਨਿਵਾਸੀਆਂ ਨਾਲ ਹੋਈ ‘ਲੋਕ ਮਿਲਣੀ’ ਦੌਰਾਨ ਕਿਹਾ ਕਿ ਪੰਜਾਬ ਦੀ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਨਿਭਾਉਣਾ ਹੀ ਸਰਕਾਰ ਦਾ ਮੁੱਖ ਮਕਸਦ ਰਹੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਏਜੰਡਾ ਸੂਬੇ ਵਿੱਚ ਤਰੱਕੀ, ਖੁਸ਼ਹਾਲੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ‘ਲੋਕ ਮਿਲਣੀ’ ਜਿਹੀ ਪਹਿਲ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧੀ ਗੱਲਬਾਤ ਦਾ ਇੱਕ ਪ੍ਰਭਾਵਸ਼ਾਲੀ ਮੰਚ ਬਣ ਕੇ ਸਾਹਮਣੇ ਆਈ ਹੈ। ਇਸ ਮੰਚ ਰਾਹੀਂ ਲੋਕ ਆਪਣੀਆਂ ਸ਼ਿਕਾਇਤਾਂ ਸਿੱਧੇ ਸਰਕਾਰ ਦੇ ਸਾਹਮਣੇ ਰੱਖ ਸਕਦੇ ਹਨ ਅਤੇ ਮੌਕੇ ’ਤੇ ਹੀ ਉਨ੍ਹਾਂ ਦਾ ਨਿਪਟਾਰਾ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਵੀ ਇਨ੍ਹਾਂ ਮਿਲਣੀਆਂ ਵਿੱਚ ਮੌਜੂਦ ਰਹਿੰਦੇ ਹਨ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ।
ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਦੱਸਿਆ, ਜਿਸ ਅਧੀਨ ਮਹਿਲਾਵਾਂ ਨੂੰ ਹਰ ਮਹੀਨੇ 1000 ਤੋਂ 1500 ਰੁਪਏ ਤੱਕ ਦੀ ਆਰਥਿਕ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਲਈ ਸਨਮਾਨ ਅਤੇ ਆਰਥਿਕ ਮਜ਼ਬੂਤੀ ਦਾ ਪ੍ਰਤੀਕ ਹੈ। ਇਸ ਤੋਂ ਇਲਾਵਾ ‘ਮੇਰੀ ਰਸੋਈ’ ਯੋਜਨਾ ਦੇ ਤਹਿਤ ਲਗਭਗ 40 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ ਜਾਣਗੀਆਂ, ਜਿਨ੍ਹਾਂ ਵਿੱਚ ਦਾਲ, ਖੰਡ, ਨਮਕ, ਹਲਦੀ ਅਤੇ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ।
ਨੌਜਵਾਨਾਂ ਲਈ ਰੁਜ਼ਗਾਰ ਮੌਕੇ ਪੈਦਾ ਕਰਨ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਪਾਰਦਰਸ਼ੀ ਢੰਗ ਨਾਲ ਹੁਣ ਤੱਕ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਨੌਜਵਾਨਾਂ ਨੂੰ ਰੁਜ਼ਗਾਰ ਦੇ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਹੈ।
ਖੇਤੀਬਾੜੀ ਅਤੇ ਸਿੰਚਾਈ ਪ੍ਰਣਾਲੀ ਵਿੱਚ ਸੁਧਾਰਾਂ ਬਾਰੇ ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਰਾਹੀਂ ਸਿੰਚਾਈ ਦੀ ਹਿੱਸੇਦਾਰੀ 21 ਫੀਸਦੀ ਤੋਂ ਵਧ ਕੇ 68 ਫੀਸਦੀ ਹੋ ਗਈ ਹੈ ਅਤੇ ਸਰਕਾਰ ਦਾ ਟੀਚਾ ਇਸਨੂੰ 85 ਫੀਸਦੀ ਤੱਕ ਲਿਜਾਣਾ ਹੈ। ਇਸ ਲਈ ਹਜ਼ਾਰਾਂ ਕਿਲੋਮੀਟਰ ਲੰਬੇ ਜਲ ਮਾਰਗਾਂ ਦੀ ਮੁਰੰਮਤ ਅਤੇ ਪੁਨਰਜੀਵਿਤ ਕੀਤਾ ਗਿਆ ਹੈ।
ਸਿੱਖਿਆ ਖੇਤਰ ਵਿੱਚ ਸੁਧਾਰਾਂ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਆਧੁਨਿਕ ਸਹੂਲਤਾਂ ਨਾਲ ‘ਸਕੂਲ ਆਫ ਐਮੀਨੈਂਸ’ ਸਥਾਪਿਤ ਕੀਤੇ ਗਏ ਹਨ, ਜਿੱਥੇ ਸਮਾਰਟ ਕਲਾਸਰੂਮ, ਲੈਬਾਰਟਰੀਆਂ ਅਤੇ ਵਿਦਿਆਰਥੀਆਂ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਖਾਸ ਕੋਚਿੰਗ ਪ੍ਰੋਗਰਾਮ ਚਲਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕਈ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਵਿੱਚ ਵੀ ਕਾਮਯਾਬ ਹੋ ਰਹੇ ਹਨ।
ਸਿਹਤ ਖੇਤਰ ਵਿੱਚ ਸੁਧਾਰਾਂ ਬਾਰੇ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਯੋਜਨਾ ਸ਼ੁਰੂ ਕੀਤੀ ਗਈ ਹੈ। ਇਸਦੇ ਨਾਲ ਹੀ ਸੂਬੇ ਭਰ ਵਿੱਚ 881 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਦੇ ਰਹੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਵਿੱਚ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਬਿਜਲੀ ਦੀਆਂ ਦਰਾਂ ਵਿੱਚ ਵੀ ਕਮੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਰਕਾਰ ਨੇ ਸੜਕ ਸੁਰੱਖਿਆ ਲਈ ਵਿਸ਼ੇਸ਼ ਫੋਰਸ ਬਣਾਈ ਹੈ ਜੋ ਹਾਦਸਿਆਂ ਵਿੱਚ ਜਾਨਾਂ ਬਚਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕੰਮ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ 19 ਟੋਲ ਪਲਾਜ਼ਾ ਬੰਦ ਕਰਕੇ ਲੋਕਾਂ ਨੂੰ ਹਰ ਰੋਜ਼ ਲਗਭਗ 64 ਲੱਖ ਰੁਪਏ ਦੀ ਬਚਤ ਕਰਵਾਈ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਇਕੋ ਮਕਸਦ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਨੂੰ ਯਕੀਨੀ ਬਣਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਸਰਕਾਰ ਲਗਾਤਾਰ ਕੰਮ ਕਰਦੀ ਰਹੇਗੀ।
Get all latest content delivered to your email a few times a month.