ਤਾਜਾ ਖਬਰਾਂ
ਲੁਧਿਆਣਾ ਦੇ ਛਾਉਣੀ ਮਹੱਲੇ ਇਲਾਕੇ ਵਿੱਚ 18 ਸਾਲਾ ਲੜਕੀ ਰੋਸ਼ਨੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਕਾਰਨ ਮਾਮਲਾ ਗੰਭੀਰ ਹੋ ਗਿਆ ਹੈ। ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਇਸ ਘਟਨਾ ਨੂੰ ਖੁਦਕੁਸ਼ੀ ਨਹੀਂ ਸਗੋਂ ਕਤਲ ਕਰਾਰ ਦਿੰਦਿਆਂ ਫੈਕਟਰੀ ਮਾਲਕ ਅਤੇ ਠੇਕੇਦਾਰ ਉੱਤੇ ਗੰਭੀਰ ਦੋਸ਼ ਲਗਾਏ ਹਨ। ਜਾਣਕਾਰੀ ਅਨੁਸਾਰ ਰੋਸ਼ਨੀ ਇੱਕ ਫੈਕਟਰੀ ਵਿੱਚ ਪੈਕਿੰਗ ਦਾ ਕੰਮ ਕਰਦੀ ਸੀ ਅਤੇ ਉਹ ਠੇਕੇਦਾਰ ਰੋਹਿਤ ਦੇ ਅਧੀਨ ਕੰਮ ਕਰ ਰਹੀ ਸੀ।
ਪਰਿਵਾਰ ਦਾ ਕਹਿਣਾ ਹੈ ਕਿ ਰੋਸ਼ਨੀ ਦੀ ਮੌਤ ਦੇ ਪਿੱਛੇ ਫੈਕਟਰੀ ਮਾਲਕ ਅਤੇ ਠੇਕੇਦਾਰ ਦੀ ਭੂਮਿਕਾ ਹੋ ਸਕਦੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਰੋਸ਼ਨੀ ਕਦੇ ਵੀ ਘਰ ਵਿੱਚ ਕਿਸੇ ਤਰ੍ਹਾਂ ਦੀ ਮਾਨਸਿਕ ਪਰੇਸ਼ਾਨੀ ਜਾਂ ਦਬਾਅ ਬਾਰੇ ਗੱਲ ਨਹੀਂ ਕਰਦੀ ਸੀ, ਇਸ ਲਈ ਉਹ ਖੁਦਕੁਸ਼ੀ ਨਹੀਂ ਕਰ ਸਕਦੀ। ਇਸ ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਲੁਧਿਆਣਾ ਦੇ ਸਿਵਲ ਹਸਪਤਾਲ ਦੇ ਬਾਹਰ ਇਕੱਠੇ ਹੋ ਕੇ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਇਨਸਾਫ ਦੀ ਮੰਗ ਕਰਦਿਆਂ ਸੜਕ ਜਾਮ ਕਰ ਦਿੱਤੀ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ ਨਾਰੇਬਾਜ਼ੀ ਕੀਤੀ।
ਪਰਿਵਾਰਕ ਮੈਂਬਰਾਂ ਨੇ ਇਹ ਵੀ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਲਾਪਰਵਾਹੀ ਵਰਤੀ ਜਾ ਰਹੀ ਹੈ ਅਤੇ ਅਜੇ ਤੱਕ ਕਿਸੇ ਵੀ ਦੋਸ਼ੀ ਖਿਲਾਫ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੇ ਮੁਤਾਬਕ ਜਿਸ ਫੈਕਟਰੀ ਵਿੱਚ ਰੋਸ਼ਨੀ ਕੰਮ ਕਰਦੀ ਸੀ, ਉਹ ਵੀ ਮੁੜ ਖੋਲ੍ਹ ਦਿੱਤੀ ਗਈ ਹੈ, ਜਿਸ ਕਾਰਨ ਪਰਿਵਾਰ ਵਿੱਚ ਹੋਰ ਵੀ ਗੁੱਸਾ ਹੈ। ਇਸ ਦੌਰਾਨ ਘਟਨਾ ਨਾਲ ਸੰਬੰਧਤ ਇੱਕ ਵੀਡੀਓ ਵੀ ਸਾਹਮਣੇ ਆਉਣ ਦੀ ਗੱਲ ਕਹੀ ਜਾ ਰਹੀ ਹੈ, ਜਿਸ ਵਿੱਚ ਰੋਸ਼ਨੀ ਦੀ ਲਾਸ਼ ਪੱਖੇ ਨਾਲ ਲਟਕਦੀ ਹੋਈ ਦਿਖਾਈ ਦੇ ਰਹੀ ਹੈ।
ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਸ਼ਰੀਰ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ ਅਤੇ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਦਾ ਦਾਅਵਾ ਹੈ ਕਿ ਜਾਂਚ ਦੌਰਾਨ ਜੋ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
Get all latest content delivered to your email a few times a month.