IMG-LOGO
ਹੋਮ ਪੰਜਾਬ: ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ 'ਚ ਉਹ ਕੰਮ...

ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ 'ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ

Admin User - Mar 11, 2026 07:53 PM
IMG

ਚੰਡੀਗੜ੍ਹ, 11 ਮਾਰਚ:ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਵਿਧਾਨ ਸਭਾ ਵਿਖੇ ਬਜਟ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤਾ ਗਿਆ ਬਜਟ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਇੱਛਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਅਤੇ ਇਹ ਇੱਕ ਲੋਕ-ਪੱਖੀ ਅਤੇ ਵਿਕਾਸ-ਮੁਖੀ ਬਜਟ ਹੈ।


ਪੰਜਵੇਂ ਸਫ਼ਲ ਬਜਟ 'ਤੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਅਜਿਹੇ ਕੰਮ ਕਰਕੇ ਦਿਖਾਏ ਹਨ, ਜੋ ਪਿਛਲੇ 70 ਸਾਲਾਂ 'ਚ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਪੱਖੀ ਨੀਤੀਆਂ 'ਤੇ ਅਧਾਰਤ ਸ਼ਾਸਨ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।


ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਬਾਰੇ ਬੋਲਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬਾ ਇੱਕ ਵੱਡੀ "ਸਿੱਖਿਆ ਕ੍ਰਾਂਤੀ" ਦਾ ਗਵਾਹ ਬਣਿਆ ਹੈ ਜਿਸ ਵਿੱਚ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਪ੍ਰਦਾਨ ਕਰਨ ਦੇ ਨਾਲ-ਨਾਲ ਹੀ ਵੱਡੇ ਪੱਧਰ 'ਤੇ ਸਿੱਖਿਅਕਾਂ ਦੀ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ ਹਨ ਅਤੇ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਤੇ ਮੁੱਖ ਮੰਤਰੀ ਸਿਹਤ ਯੋਜਨਾ ਵਰਗੀਆਂ ਪਹਿਲਕਦਮੀਆਂ, ਜਿਨ੍ਹਾਂ ਦਾ ਉਦੇਸ਼ ਲੋਕਾਂ ਨੂੰ ਮੁਫ਼ਤ ਡਾਕਟਰੀ ਸੇਵਾਵਾਂ ਪ੍ਰਦਾਨ ਕਰਨਾ ਹੈ, ਨੂੰ ਲਾਗੂ ਕਰਕੇ ਸਿਹਤ ਖੇਤਰ ਨੂੰ ਮਜ਼ਬੂਤੀ ਦਿੱਤੀ ਗਈ ਹੈ।


ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਨੇ ਗੰਨੇ ਦਾ ਭਾਅ ਵਧਾ ਕੇ ਅਤੇ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾ ਕੇ ਖੇਤੀਬਾੜੀ ਖੇਤਰ ਵਿੱਚ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਅੱਗੇ ਕਿਹਾ ਕਿ ਰਾਜ ਸਰਕਾਰ ਨੇ 4000 ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਨੂੰ ਵੀ ਅਪਗ੍ਰੇਡ ਕੀਤਾ ਹੈ ਜਿਸ ਨਾਲ ਸੰਪਰਕ ਵਿੱਚ ਸੁਧਾਰ ਹੋਣ ਦੇ ਨਾਲ-ਨਾਲ ਪੇਂਡੂ ਵਿਕਾਸ ਨੂੰ ਹੁਲਾਰਾ ਮਿਲਿਆ ਹੈ।


ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਵਿੱਚ ਸਾਜ਼ਗਾਰ ਉਦਯੋਗਿਕ ਮਾਹੌਲ ਸਿਰਜਣ ਲਈ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਨੇ ਉਦਯੋਗਿਕ ਆਗੂਆਂ ਨਾਲ ਗੱਲਬਾਤ ਲਈ ਇੱਕ ਢੁਕਵਾਂ ਮੰਚ ਪ੍ਰਦਾਨ ਕੀਤਾ ਅਤੇ ਇਹ ਸੂਬੇ 'ਚ ਨਿਵੇਸ਼ ਨੂੰ ਆਕਰਸ਼ਿਤ ਕਰਨ ਵਿੱਚ ਵਧੇਰੇ ਸਹਾਈ ਸਿੱਧ ਹੋਇਆ, ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਏ।


ਸਮਾਜ ਭਲਾਈ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਮਰੱਥ ਬਣਾਉਣ ਦੇ ਉਦੇਸ਼ ਨਾਲ ਕਈ ਯੋਜਨਾਵਾਂ ਸ਼ੁਰੂ ਕੀਤੀਆਂ ਹਨ। "ਸਾਡੇ ਬੁਜ਼ੁਰਗ, ਸਾਡਾ ਮਾਣ" ਪਹਿਲਕਦਮੀ ਤਹਿਤ ਬਜ਼ੁਰਗ ਨਾਗਰਿਕਾਂ ਲਈ ਵੱਖ-ਵੱਖ ਭਲਾਈ ਪ੍ਰੋਗਰਾਮ ਅਤੇ ਔਰਤਾਂ ਤੇ ਬੱਚਿਆਂ ਦੀ ਭਲਾਈ ਲਈ ਮਿਸ਼ਨ ਜੀਵਨਜੋਤ ਤੋਂ ਇਲਾਵਾ ਵੱਖ-ਵੱਖ ਸਮਾਜਿਕ ਸੁਰੱਖਿਆ ਉਪਾਵਾਂ ਨੇ ਇਹ ਯਕੀਨੀ ਬਣਾਇਆ ਕਿ ਵਿਕਾਸ ਦਾ ਲਾਭ ਹਰ ਘਰ ਤੱਕ ਪਹੁੰਚੇ।


ਕੈਬਨਿਟ ਮੰਤਰੀ ਨੇ ਪਾਣੀ ਦੀ ਸੰਭਾਲ ਅਤੇ ਸਿੰਚਾਈ ਸੁਧਾਰਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਟੇਲਾਂ  ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ, ਜੋ ਧਰਤੀ ਹੇਠਲੇ ਪਾਣੀ 'ਤੇ ਨਿਰਭਰਤਾ ਘਟਾਉਣ ਅਤੇ ਖੇਤੀਬਾੜੀ ਆਰਥਿਕਤਾ ਦੀ ਮਜ਼ਬੂਤੀ  ਵਿੱਚ ਵਧੇਰੇ ਮਦਦਗਾਰ ਸਿੱਧ ਹੋ ਰਿਹਾ ਹੈ।


ਯੁੱਧ ਨਸ਼ਿਆਂ ਵਿਰੁੱਧ ਬਾਰੇ ਬੋਲਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਨਸ਼ਿਆਂ ਵਿਰੁੱਧ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਅਤੇ ਸੰਗਠਿਤ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਨਾਲ ਲੋਕਾਂ ਦਾ ਭਰੋਸਾ ਬਹਾਲ ਹੋਇਆ ਹੈ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਸੁਧਾਰ ਹੋਇਆ ਹੈ।


ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲਗਭਗ 90 ਫੀਸਦੀ ਪਰਿਵਾਰਾਂ ਦਾ ਬਿਜਲੀ ਬਿੱਲ ਹੁਣ ਜ਼ੀਰੋ ਹੋ ਗਿਆ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਵਿੱਤੀ ਰਾਹਤ ਮਿਲੀ ਹੈ। ਮੰਤਰੀ ਨੇ ਸੂਬਾ ਸਰਕਾਰ ਦੇ 540 ਮੈਗਾਵਾਟ ਦੀ ਸਮਰੱਥਾ ਵਾਲੇ ਗੋਇੰਦਵਾਲ ਸਾਹਿਬ ਥਰਮਲ ਪਾਵਰ ਪਲਾਂਟ ਨੂੰ ਖ਼ਰੀਦਣ ਦੇ ਇਤਿਹਾਸਕ ਫ਼ੈਸਲੇ 'ਤੇ ਵੀ ਚਾਨਣਾ ਪਾਇਆ ਜਿਸ ਨਾਲ ਸੂਬੇ ਦੇ ਬਿਜਲੀ ਢਾਂਚੇ ਨੂੰ ਮਜ਼ਬੂਤੀ ਮਿਲੀ। 


ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ “ਖੇਡਾਂ ਵਤਨ ਪੰਜਾਬ ਦੀਆਂ” ਰਾਹੀਂ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਹੈ ਜਦਕਿ ਮੁੱਖ ਮੰਤਰੀ ਯੋਗਸ਼ਾਲਾ ਪ੍ਰੋਗਰਾਮ ਨੇ ਨਾਗਰਿਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਸੀਨੀਅਰ ਨਾਗਰਿਕਾਂ ਨੂੰ ਮੁਫਤ ਤੀਰਥ ਯਾਤਰਾ ਕਰਨ ਦੇ ਯੋਗ ਬਣਾਇਆ ਹੈ ਜਿਸ ਦੀ ਸੂਬੇ ਭਰ ਵਿੱਚ ਵਿਆਪਕ ਸ਼ਲਾਘਾ ਕੀਤੀ ਗਈ ਹੈ।


ਉਨ੍ਹਾਂ ਕਿਹਾ ਕਿ “ਮੇਰਾ ਘਰ, ਮੇਰੇ ਨਾਮ” ਸਕੀਮ ਅਤੇ ਸਰਲ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ਸਮੇਤ ਮਾਲ ਵਿਭਾਗ ਦੇ ਸੁਧਾਰਾਂ ਸਦਕਾ ਲੋਕਾਂ ਲਈ ਪਾਰਦਰਸ਼ਤਾ ਅਤੇ ਬਿਹਤਰ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ। 


ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨਾਲ ਨੇੜਤਾ ਬਰਕਰਾਰ ਰੱਖੀ ਹੈ ਅਤੇ ਸਮੇਂ ਸਿਰ ਰਾਹਤ ਅਤੇ ਮੁੜ ਵਸੇਬੇ ਨੂੰ ਯਕੀਨੀ ਬਣਾਉਣ ਲਈ ਹੜ੍ਹ ਅਤੇ ਆਫ਼ਤ ਪ੍ਰਭਾਵਿਤ ਇਲਾਕਿਆਂ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਹੈ।


ਮੰਤਰੀ ਨੇ ਕਿਹਾ ਕਿ ਅਜਿਹੀਆਂ ਸ਼ਾਨਦਾਰ ਪ੍ਰਾਪਤੀਆਂ ਦੇ ਬਾਵਜੂਦ ਕੁਝ ਵਿਰੋਧੀ ਆਗੂ ਸਦਨ ਵਿੱਚ ਸੂਬਾ ਸਰਕਾਰ ਦੀ ਬੇਬੁਨਿਆਦ ਆਲੋਚਨਾ ਕਰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜ ਮੂੰਹੋਂ ਬੋਲਦੇ ਹਨ, ਜੋ ਪ੍ਰਸ਼ਾਸਨ ਅਤੇ ਜਨਤਕ ਸੇਵਾਵਾਂ ਪ੍ਰਦਾਨ ਕਰਨ ਵਿੱਚ ਨਵੇਂ ਮਾਪਦੰਡ ਸਥਾਪਤ ਕਰਦੇ ਹਨ।


ਉਨ੍ਹਾਂ ਸੂਬਾ ਸਰਕਾਰ ਵੱਲੋਂ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਜਿਸ ਨਾਲ ਔਰਤਾਂ ਦੇ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਘਰੇਲੂ ਵਿੱਤੀ ਸਥਿਰਤਾ ਵਿੱਚ ਸੁਧਾਰ ਹੋਵੇਗਾ।


ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਵਾਂ ਬਜਟ ਸੂਬੇ ਦੇ ਹਰ ਨਾਗਰਿਕ ਲਈ ਖੁਸ਼ਹਾਲੀ ਨੂੰ ਯਕੀਨੀ ਬਣਾਉਂਦੇ ਹੋਏ ਸਰਬਪੱਖੀ ਅਤੇ ਸੰਤੁਲਿਤ ਵਿਕਾਸ ਲਈ ਸਪੱਸ਼ਟ ਰੂਪ ਰੇਖਾ ਤਿਆਰ ਕਰਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.