ਤਾਜਾ ਖਬਰਾਂ
ਪੰਜਾਬ ਦੇ ਕੱਚੇ ਅਧਿਆਪਕਾਂ ਨੇ ਆਪਣੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਭਗਵੰਤ ਮਾਨ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। 'ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ' ਵੱਲੋਂ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਸਰਕਾਰ 'ਤੇ ਵਾਅਦਾਖਿਲਾਫੀ ਦੇ ਗੰਭੀਰ ਇਲਜ਼ਾਮ ਲਗਾਏ ਗਏ।
CM ਦੇ ਹੁਕਮਾਂ ਦੇ ਬਾਵਜੂਦ ਫਾਈਲਾਂ 'ਚ ਦੱਬੀ ਬਹਾਲੀ
ਯੂਨੀਅਨ ਆਗੂਆਂ ਨੇ ਰੋਸ ਜ਼ਾਹਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 15 ਜੂਨ 2025 ਨੂੰ ਫਿਲੌਰ ਵਿਖੇ ਹੋਈ ਮੀਟਿੰਗ ਦੌਰਾਨ ਸਪੱਸ਼ਟ ਨਿਰਦੇਸ਼ ਦਿੱਤੇ ਸਨ ਕਿ ਸਮੂਹ ਈ.ਜੀ.ਐਸ (EGS), ਏ.ਆਈ.ਈ (AIE), ਐਸ.ਟੀ.ਆਰ (STR), ਸਿੱਖਿਆ ਪ੍ਰੋਵਾਈਡਰ ਅਤੇ ਆਈ.ਈ.ਵੀ (IEV) ਅਧਿਆਪਕਾਂ ਦੀ ਬਹਾਲੀ ਲਈ ਕਮੇਟੀ ਬਣਾ ਕੇ ਪ੍ਰਕਿਰਿਆ ਜਲਦ ਮੁਕੰਮਲ ਕੀਤੀ ਜਾਵੇ। ਆਗੂਆਂ ਮੁਤਾਬਕ ਕਮੇਟੀ ਤਾਂ ਬਣ ਗਈ ਅਤੇ ਮੀਟਿੰਗਾਂ ਵੀ ਹੋਈਆਂ, ਪਰ ਅਜੇ ਤੱਕ ਜ਼ਮੀਨੀ ਪੱਧਰ 'ਤੇ ਕੋਈ ਠੋਸ ਫੈਸਲਾ ਨਹੀਂ ਲਿਆ ਗਿਆ, ਜਿਸ ਕਾਰਨ ਅਧਿਆਪਕਾਂ ਵਿੱਚ ਭਾਰੀ ਨਿਰਾਸ਼ਾ ਹੈ।
ਟੀ-ਪੁਆਇੰਟ 'ਤੇ ਲਗਾਇਆ ਜਾਮ, ਨਾਅਰੇਬਾਜ਼ੀ ਨਾਲ ਗੂੰਜਿਆ ਆਸਮਾਨ
ਪ੍ਰਦਰਸ਼ਨਕਾਰੀ ਅਧਿਆਪਕ ਪਹਿਲਾਂ ਸ੍ਰੀ ਆਨੰਦਪੁਰ ਸਾਹਿਬ ਦੀਆਂ ਸੜਕਾਂ 'ਤੇ ਰੋਸ ਮਾਰਚ ਕਰਦੇ ਹੋਏ ਸਿੱਖਿਆ ਮੰਤਰੀ ਦੇ ਜੱਦੀ ਪਿੰਡ ਗੰਭੀਰਪੁਰ ਵੱਲ ਵਧੇ।
ਪ੍ਰਦਰਸ਼ਨਕਾਰੀਆਂ ਨੇ ਗੰਭੀਰਪੁਰ ਨੇੜਲੇ ਟੀ-ਪੁਆਇੰਟ 'ਤੇ ਸ੍ਰੀ ਆਨੰਦਪੁਰ ਸਾਹਿਬ-ਨੰਗਲ ਮੁੱਖ ਮਾਰਗ ਨੂੰ ਪੂਰੀ ਤਰ੍ਹਾਂ ਜਾਮ ਕਰ ਦਿੱਤਾ।
ਕੁਝ ਸਮਾਂ ਸੜਕ 'ਤੇ ਧਰਨਾ ਦੇਣ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਨ ਤੋਂ ਬਾਅਦ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਵੱਲ ਮਾਰਚ ਸ਼ੁਰੂ ਕਰ ਦਿੱਤਾ।
ਬਜਟ ਸੈਸ਼ਨ ਤੱਕ ਦਾ ਅਲਟੀਮੇਟਮ
ਯੂਨੀਅਨ ਨੇ ਸਰਕਾਰ ਨੂੰ ਦੋ ਟੁੱਕ ਚੇਤਾਵਨੀ ਦਿੱਤੀ ਹੈ ਕਿ ਜੇਕਰ ਚੱਲ ਰਹੇ ਬਜਟ ਸੈਸ਼ਨ ਦੌਰਾਨ ਉਨ੍ਹਾਂ ਦੀ ਬਹਾਲੀ ਦਾ ਰਸਮੀ ਐਲਾਨ ਨਾ ਕੀਤਾ ਗਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿੱਚ ਲੰਮੀਆਂ ਸੇਵਾਵਾਂ ਨਿਭਾਉਣ ਵਾਲੇ ਇਨ੍ਹਾਂ ਅਧਿਆਪਕਾਂ ਨਾਲ ਇਨਸਾਫ਼ ਕੀਤਾ ਜਾਵੇ ਅਤੇ ਉਨ੍ਹਾਂ ਦੇ ਰੁਜ਼ਗਾਰ ਨੂੰ ਤੁਰੰਤ ਬਹਾਲ ਕੀਤਾ ਜਾਵੇ।
ਇਸ ਪ੍ਰਦਰਸ਼ਨ ਕਾਰਨ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਯਾਤਰੀਆਂ ਨੂੰ ਕੁਝ ਸਮੇਂ ਲਈ ਟ੍ਰੈਫਿਕ ਜਾਮ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ।
Get all latest content delivered to your email a few times a month.