ਤਾਜਾ ਖਬਰਾਂ
ਜ਼ਿਲ੍ਹਾ ਲੁਧਿਆਣਾ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ. ਗੈਸ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ ਹੈ ਅਤੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਘਬਰਾਹਟ ਵਿੱਚ ਆ ਕੇ ਬੇਲੋੜੀ ਖਰੀਦਦਾਰੀ ਕਰਨ ਦੀ ਲੋੜ ਨਹੀਂ। ਇਹ ਗੱਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਵਿਸ਼ਵ ਪੱਧਰ ’ਤੇ ਬਣ ਰਹੇ ਜੰਗੀ ਹਾਲਾਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਕਹੀ।
ਬੱਚਤ ਭਵਨ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀ, ਤੇਲ ਕੰਪਨੀਆਂ ਅਤੇ ਗੈਸ ਕੰਪਨੀਆਂ ਦੇ ਕੋ-ਆਰਡੀਨੇਟਰ, ਪੈਟਰੋਲ ਪੰਪ ਡੀਲਰ ਅਤੇ ਗੈਸ ਏਜੰਸੀ ਡੀਲਰ ਸ਼ਾਮਲ ਹੋਏ। ਮੀਟਿੰਗ ਦੌਰਾਨ ਮੌਜੂਦਾ ਹਾਲਾਤਾਂ ਦੀ ਸਮੀਖਿਆ ਕਰਦਿਆਂ ਡੀ.ਸੀ. ਨੇ ਸਪਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਦੀ ਉਪਲਬਧਤਾ ਪੂਰੀ ਹੈ ਅਤੇ ਸਪਲਾਈ ਚੇਨ ਬਿਲਕੁਲ ਸਧਾਰਣ ਤਰੀਕੇ ਨਾਲ ਚੱਲ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘਰੇਲੂ ਵਰਤੋਂ ਲਈ ਗੈਸ ਸਿਲੰਡਰਾਂ ਦੀ ਸਪਲਾਈ ਨਿਯਮਿਤ ਤੌਰ ’ਤੇ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਖਪਤਕਾਰ ਨੂੰ ਇਸ ਸੰਬੰਧੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਗੈਸ ਏਜੰਸੀ ਡੀਲਰਾਂ ਨੂੰ ਹਦਾਇਤ ਕੀਤੀ ਕਿ ਇਸ ਸਮੇਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਜਮ੍ਹਾਖੋਰੀ ਜਾਂ ਸਿਲੰਡਰਾਂ ਦਾ ਭੰਡਾਰ ਨਾ ਹੋਣ ਦਿੱਤਾ ਜਾਵੇ। ਨਾਲ ਹੀ ਸਾਰੀਆਂ ਗੈਸ ਏਜੰਸੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਗਿਆ ਕਿ ਉਨ੍ਹਾਂ ਦੇ ਦਫਤਰੀ ਫੋਨ ਅਤੇ ਹੈਲਪਲਾਈਨ ਨੰਬਰ ਹਰ ਵੇਲੇ ਚਾਲੂ ਰਹਿਣ ਤਾਂ ਜੋ ਲੋਕਾਂ ਨੂੰ ਜਾਣਕਾਰੀ ਹਾਸਲ ਕਰਨ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ।
ਮੀਟਿੰਗ ਦੌਰਾਨ ਗੈਸ ਕੰਪਨੀਆਂ ਦੇ ਕੋਆਰਡੀਨੇਟਰਾਂ ਅਤੇ ਡੀਲਰਾਂ ਵੱਲੋਂ ਵੀ ਡਿਪਟੀ ਕਮਿਸ਼ਨਰ ਨੂੰ ਭਰੋਸਾ ਦਵਾਇਆ ਗਿਆ ਕਿ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਪੂਰੀ ਤਰ੍ਹਾਂ ਨਿਯਮਿਤ ਹੈ ਅਤੇ ਖਪਤਕਾਰਾਂ ਨੂੰ ਕਿਸੇ ਕਿਸਮ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਹਿਮਾਂਸ਼ੂ ਜੈਨ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਜਾਂ ਡੀਲਰ ਪੈਟਰੋਲੀਅਮ ਪਦਾਰਥਾਂ ਦੀ ਜਮ੍ਹਾਖੋਰੀ ਜਾਂ ਕਾਲਾਬਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਅਫਵਾਹ ’ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਬਿਨਾਂ ਲੋੜ ਦੇ ਪੈਟਰੋਲ, ਡੀਜ਼ਲ ਜਾਂ ਗੈਸ ਦੀ ਖਰੀਦਦਾਰੀ ਤੋਂ ਬਚਿਆ ਜਾਵੇ।
ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਐਲ.ਪੀ.ਜੀ. ਦੀ ਘਾਟ ਜਾਂ ਕਾਲਾਬਾਜ਼ਾਰੀ ਨੂੰ ਰੋਕਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ ਦੀ ਅਗਵਾਈ ਹੇਠ ਇੱਕ ਉੱਚ ਅਧਿਕਾਰ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਵਿੱਚ ਏ.ਸੀ.ਏ. ਗਲਾਡਾ, ਸੰਯੁਕਤ ਕਮਿਸ਼ਨਰ ਨਗਰ ਨਿਗਮ ਲੁਧਿਆਣਾ, ਏ.ਸੀ.ਪੀ. ਹੈੱਡਕੁਆਰਟਰ, ਜ਼ਿਲ੍ਹਾ ਆਬਕਾਰੀ ਤੇ ਕਰ ਕਮਿਸ਼ਨਰ ਅਤੇ ਡੀ.ਐਫ.ਐਸ.ਸੀ. (ਪੂਰਬੀ ਅਤੇ ਪੱਛਮੀ) ਨੂੰ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਰਕਿਟ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ ਅਤੇ ਕਿਸੇ ਵੀ ਕਿਸਮ ਦੀ ਅਫਵਾਹ ਜਾਂ ਬੇਨਿਯਮੀ ਦੀ ਸਥਿਤੀ ਵਿੱਚ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਸਬ-ਡਿਵੀਜ਼ਨ ਪੱਧਰ ’ਤੇ ਐਸ.ਡੀ.ਐਮਜ਼ ਨੂੰ ਵੀ ਸਥਿਤੀ ’ਤੇ ਨਜ਼ਰ ਰੱਖਣ ਲਈ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਜ਼ਰੂਰੀ ਵਸਤਾਂ ਦੀ ਸਪਲਾਈ ਬਿਨਾਂ ਰੁਕਾਵਟ ਜਾਰੀ ਰਹੇ।
Get all latest content delivered to your email a few times a month.