ਤਾਜਾ ਖਬਰਾਂ
ਬਠਿੰਡਾ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਹਾਲਾਤ ਉਸ ਵੇਲੇ ਤਣਾਓਪੂਰਨ ਬਣ ਗਏ ਜਦੋਂ ਬੀੜ ਰੋਡ ‘ਤੇ ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਤਿੱਖੀ ਤਕਰਾਰ ਹੋ ਗਈ। ਦੋਵਾਂ ਪਾਸਿਆਂ ਵਿਚਕਾਰ ਚੱਲ ਰਹੀ ਬਹਿਸ ਨੇ ਝਗੜੇ ਦਾ ਰੂਪ ਧਾਰ ਲਿਆ ਅਤੇ ਮਾਮਲਾ ਇਸ ਕਦਰ ਵਧ ਗਿਆ ਕਿ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆ ਗਈ।
ਮਿਲੀ ਜਾਣਕਾਰੀ ਅਨੁਸਾਰ ਨਰੂਆਣਾ ਬੀੜ ਰੋਡ ‘ਤੇ ਪਲਾਟ ਦੀ ਨਿਸ਼ਾਨਦੇਹੀ ਦੌਰਾਨ ਦੋ ਧਿਰਾਂ ਵਿਚਕਾਰ ਬਹਿਸ ਸ਼ੁਰੂ ਹੋਈ ਸੀ। ਪਹਿਲਾਂ ਗੱਲਬਾਤ ਤਕ ਸੀਮਿਤ ਰਹੀ ਪਰ ਕੁਝ ਸਮੇਂ ਬਾਅਦ ਤਣਾਅ ਵਧਣ ਕਾਰਨ ਇੱਕ ਧਿਰ ਵੱਲੋਂ ਫਾਇਰਿੰਗ ਕਰ ਦਿੱਤੀ ਗਈ। ਇਸ ਘਟਨਾ ਵਿੱਚ ਤਿੰਨ ਵਿਅਕਤੀ ਜ਼ਖਮੀ ਹੋ ਗਏ।
ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਇਲਾਕੇ ਦਾ ਜਾਇਜ਼ਾ ਲਿਆ। ਜ਼ਖਮੀਆਂ ਨੂੰ ਫੌਰੀ ਤੌਰ ‘ਤੇ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਝਗੜੇ ਦੀ ਮੁੱਖ ਵਜ੍ਹਾ ਪਲਾਟ ਦੀ ਹੱਦਬੰਦੀ ਅਤੇ ਕਬਜ਼ੇ ਨੂੰ ਲੈ ਕੇ ਚੱਲ ਰਿਹਾ ਵਿਵਾਦ ਸੀ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਖ਼ਮੀ ਵਿਅਕਤੀਆਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਮਾਮਲੇ ਵਿੱਚ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਸਾਰੇ ਪੱਖਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
Get all latest content delivered to your email a few times a month.