ਤਾਜਾ ਖਬਰਾਂ
ਚੰਡੀਗੜ੍ਹ ਵਿੱਚ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਈ ਗਈ ਗੱਡੀ ਕਾਰਨ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਇੱਕ ਡਿਲਿਵਰੀ ਬੁਆਏ ਦੀ ਜਾਨ ਚਲੀ ਗਈ ਜਦਕਿ ਉਸਦਾ ਸਾਥੀ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਇਹ ਹਾਦਸਾ ਸੈਕਟਰ-25 ਅਤੇ ਸੈਕਟਰ-38 ਦੇ ਨੇੜੇ ਸ਼ਾਹਪੁਰ ਲਾਈਟ ਪੌਇੰਟ ‘ਤੇ ਵਾਪਰਿਆ, ਜਿੱਥੇ ਇੱਕ ਕਾਲੇ ਰੰਗ ਦੀ ਥਾਰ ਗੱਡੀ ਨੇ ਬਾਈਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਪ੍ਰਾਪਤ ਜਾਣਕਾਰੀ ਮੁਤਾਬਕ ਹਾਦਸੇ ਤੋਂ ਬਾਅਦ ਸਥਾਨਕ ਲੋਕ ਤੁਰੰਤ ਮੌਕੇ ‘ਤੇ ਇਕੱਠੇ ਹੋ ਗਏ ਅਤੇ ਪੁਲਿਸ ਨੂੰ ਸੂਚਿਤ ਕੀਤਾ। ਦੋਹਾਂ ਜ਼ਖਮੀਆਂ ਨੂੰ ਫੌਰੀ ਤੌਰ ‘ਤੇ ਸੈਕਟਰ-16 ਦੇ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਇਲਾਜ ਦੌਰਾਨ ਬਾਈਕ ਚਲਾ ਰਹੇ ਨੌਜਵਾਨ ਹਰਭਜਨ ਸਿੰਘ ਨੇ ਦਮ ਤੋੜ ਦਿੱਤਾ, ਜਦਕਿ ਦੂਜੇ ਨੌਜਵਾਨ ਦਾ ਇਲਾਜ ਜਾਰੀ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਰਭਜਨ ਸਿੰਘ Swiggy ਵਿੱਚ ਪਾਰਟ-ਟਾਈਮ ਡਿਲਿਵਰੀ ਬੁਆਏ ਵਜੋਂ ਕੰਮ ਕਰਦਾ ਸੀ। ਇਸਦੇ ਨਾਲ-ਨਾਲ ਉਹ ਏਸੀ ਮਰੰਮਤ ਦਾ ਕੰਮ ਕਰਕੇ ਆਪਣੀ ਰੋਜ਼ੀ-ਰੋਟੀ ਕਮਾਂਦਾ ਸੀ। ਉਹ ਮੋਹਾਲੀ ਦੇ ਨਯਾ ਗਾਓ ਵਿੱਚ ਕਿਰਾਏ ਦੇ ਘਰ ਵਿੱਚ ਰਹਿੰਦਾ ਸੀ ਅਤੇ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਰਾਏਬਰੇਲੀ ਜ਼ਿਲ੍ਹੇ ਦਾ ਵਸਨੀਕ ਸੀ।
ਪਰਿਵਾਰਕ ਮੈਂਬਰਾਂ ਮੁਤਾਬਕ ਹਾਦਸੇ ਸਮੇਂ ਹਰਭਜਨ ਸਿੰਘ ਸੈਕਟਰ-25 ਤੋਂ ਇੱਕ ਡਿਲਿਵਰੀ ਆਰਡਰ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਰੌਂਗ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਥਾਰ ਨੇ ਉਸਦੀ ਬਾਈਕ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ।
ਮ੍ਰਿਤਕ ਦੇ ਪਰਿਵਾਰ ਨੇ ਪੁਲਿਸ ‘ਤੇ ਵੀ ਲਾਪਰਵਾਹੀ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਹਾਦਸੇ ਤੋਂ ਬਾਅਦ ਪੁਲਿਸ ਨੇ ਤੁਰੰਤ ਸਖ਼ਤ ਕਾਰਵਾਈ ਨਹੀਂ ਕੀਤੀ ਅਤੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹਾਦਸੇ ਵਾਲੀ ਥਾਰ ਗੱਡੀ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਮਿਲੀਆਂ, ਜਿਸ ਕਾਰਨ ਇਹ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਗੱਡੀ ਚਾਲਕ ਨਸ਼ੇ ਦੀ ਹਾਲਤ ਵਿੱਚ ਸੀ।
ਉਧਰ ਪੁਲਿਸ ਨੇ ਦੱਸਿਆ ਹੈ ਕਿ ਥਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਦੋਸ਼ੀ ਦੀ ਪਛਾਣ ਰਾਜਵੀਰ ਸਿੰਘ ਵਜੋਂ ਹੋਈ ਹੈ, ਜੋ ਕਿ ਬੀਏ ਫਾਈਨਲ ਇਅਰ ਦਾ ਵਿਦਿਆਰਥੀ ਦੱਸਿਆ ਜਾ ਰਿਹਾ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਾਦਸੇ ਨਾਲ ਸੰਬੰਧਿਤ ਹੋਰ ਤੱਥ ਇਕੱਠੇ ਕੀਤੇ ਜਾ ਰਹੇ ਹਨ।
Get all latest content delivered to your email a few times a month.