ਤਾਜਾ ਖਬਰਾਂ
ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ਗਈ “ਪੰਜਾਬ ਬਚਾਓ ਰੈਲੀ” ਲੜੀ ਲਗਾਤਾਰ ਜਾਰੀ ਹੈ। ਇਸ ਤਹਿਤ ਲੁਧਿਆਣਾ ਦੇ ਸਾਹਨੇਵਾਲ ਹਲਕੇ ਵਿੱਚ ਇਕ ਵੱਡੀ ਰੈਲੀ ਕਰਵਾਈ ਗਈ, ਜਿਸ ਵਿੱਚ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੀ ਸੂਬਾ ਪੱਧਰੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰ ਸ਼ਾਮਲ ਹੋਏ। ਪਾਰਟੀ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ 40 ਹਲਕਿਆਂ ਵਿੱਚ “ਪੰਜਾਬ ਬਚਾਓ ਰੈਲੀਆਂ” ਕੀਤੀਆਂ ਜਾਣਗੀਆਂ।
ਰੈਲੀ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਦੀ ਆਰਥਿਕ ਹਾਲਤ ਕਾਫੀ ਖ਼ਰਾਬ ਹੋ ਚੁੱਕੀ ਹੈ ਅਤੇ ਇਸ ਕੋਲ ਆਪਣੇ ਮੁਲਾਜ਼ਮਾਂ ਨੂੰ ਦੇਣ ਲਈ ਵੀ ਪੈਸੇ ਨਹੀਂ ਹਨ। ਉਨ੍ਹਾਂ ਨੇ ਹਾਈ ਕੋਰਟ ਵੱਲੋਂ ਮੁਲਾਜ਼ਮਾਂ ਦੇ ਟੀਏ-ਡੀਏ ਜਾਰੀ ਕਰਨ ਸੰਬੰਧੀ ਸਰਕਾਰ ਨੂੰ ਦਿੱਤੇ ਹੁਕਮਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਸ ਨਾਲ ਕਰਮਚਾਰੀਆਂ ਨੂੰ ਆਪਣੇ ਹੱਕ ਦੀ ਰਕਮ ਮਿਲ ਸਕੇਗੀ।
ਉਧਰ ਮੋਗਾ ਵਿੱਚ ਭਾਜਪਾ ਦੀ ਰੈਲੀ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਵਿੱਚ ਭਾਜਪਾ ਦੇ ਇਕੱਲੇ ਚੋਣ ਲੜਨ ਦੇ ਬਿਆਨ ‘ਤੇ ਪ੍ਰਤੀਕ੍ਰਿਆ ਦਿੰਦਿਆਂ ਬਾਦਲ ਨੇ ਕਿਹਾ ਕਿ ਹਰ ਪਾਰਟੀ ਨੂੰ ਆਪਣਾ ਫੈਸਲਾ ਕਰਨ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਾਰਲੀਮੈਂਟ ਚੋਣਾਂ ਵਿੱਚ ਇਕੱਲਾ ਹੀ ਮੈਦਾਨ ਵਿੱਚ ਉਤਰ ਚੁੱਕਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਇੱਕ ਅਸੂਲੀ ਪਾਰਟੀ ਹੈ ਜਿਸ ਲਈ ਪੰਜਾਬ ਅਤੇ ਪੰਜਾਬ ਦੇ ਲੋਕ ਸਭ ਤੋਂ ਪਹਿਲਾਂ ਹਨ। ਉਨ੍ਹਾਂ ਦੇ ਅਨੁਸਾਰ ਦਿੱਲੀ ਦੀਆਂ ਪਾਰਟੀਆਂ ਪੰਜਾਬ ਵਿੱਚ ਲੋਕਾਂ ਦੇ ਹੱਕਾਂ ਲਈ ਨਹੀਂ, ਸਗੋਂ ਇੱਥੇ ਰਾਜ ਕਰਨ ਲਈ ਆਉਂਦੀਆਂ ਹਨ।
ਉਨ੍ਹਾਂ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਵੀ ਕਈ ਤਰ੍ਹਾਂ ਦੀਆਂ ਲਾਲਚਾਂ ਦਿੱਤੀਆਂ ਗਈਆਂ ਪਰ ਉਹ ਕਦੇ ਝੁਕੇ ਨਹੀਂ ਅਤੇ ਲੰਬਾ ਸਮਾਂ ਜੇਲਾਂ ਵਿੱਚ ਕੱਟਿਆ। ਬਾਦਲ ਨੇ ਕਿਹਾ ਕਿ ਅਕਾਲੀ ਦਲ ਅੱਗੇ ਵੀ ਪੰਜਾਬ ਦੇ ਹੱਕਾਂ ਲਈ ਸੰਘਰਸ਼ ਕਰਦਾ ਰਹੇਗਾ, ਭਾਵੇਂ ਜਿੱਤ ਹੋਵੇ ਜਾਂ ਹਾਰ, ਇਹ ਸਭ ਪਰਮਾਤਮਾ ਦੇ ਹੱਥ ਵਿੱਚ ਹੈ।
Get all latest content delivered to your email a few times a month.