ਤਾਜਾ ਖਬਰਾਂ
ਘਰੇਲੂ ਗੈਸ ਸਿਲੰਡਰਾਂ ਦੀ ਸਮੇਂ ਸਿਰ, ਪਾਰਦਰਸ਼ੀ ਅਤੇ ਬਿਨਾ ਰੁਕਾਵਟ ਸਪਲਾਈ ਯਕੀਨੀ ਬਣਾਉਣ ਲਈ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੈਸ ਏਜੰਸੀਆਂ ਦੀ ਜਾਂਚ ਮੁਹਿੰਮ ਜਾਰੀ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਨਿਰਦੇਸ਼ਾਂ ਅਨੁਸਾਰ ਪ੍ਰਸ਼ਾਸਨਿਕ ਟੀਮਾਂ ਵੱਲੋਂ ਜ਼ਿਲ੍ਹੇ ਭਰ ਵਿੱਚ ਵੱਖ-ਵੱਖ ਗੈਸ ਏਜੰਸੀਆਂ ਦੀ ਅਚਾਨਕ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਮ ਲੋਕਾਂ ਨੂੰ ਗੈਸ ਸਿਲੰਡਰ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਨਾ ਆਵੇ।
ਚੈਕਿੰਗ ਦੌਰਾਨ ਅਧਿਕਾਰੀਆਂ ਨੇ ਗੈਸ ਸਿਲੰਡਰਾਂ ਦਾ ਭਾਰ ਤੋਲ ਕੇ ਜਾਂਚਿਆ, ਬੁਕਿੰਗ ਪ੍ਰਣਾਲੀ ਦੀ ਸਮੀਖਿਆ ਕੀਤੀ ਅਤੇ ਸਟਾਕ ਰਜਿਸਟਰਾਂ ਦੀ ਵੀ ਬਾਰੀਕੀ ਨਾਲ ਤਸਦੀਕ ਕੀਤੀ। ਇਸ ਮੌਕੇ ਏਜੰਸੀ ਮਾਲਕਾਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਗਿਆ ਕਿ ਸਪਲਾਈ ਅਤੇ ਵੰਡ ਪ੍ਰਣਾਲੀ ਨੂੰ ਨਿਯਮਾਂ ਅਨੁਸਾਰ ਪੂਰੀ ਪਾਰਦਰਸ਼ਤਾ ਨਾਲ ਚਲਾਇਆ ਜਾਵੇ, ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਸਪਲਾਈ ਚੇਨ ‘ਤੇ ਲਗਾਤਾਰ ਨਿਗਰਾਨੀ ਕਰ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਕਮੇਟੀ ਗੈਸ ਸਿਲੰਡਰਾਂ ਦੀ ਸਪਲਾਈ ਅਤੇ ਵੰਡ ਪ੍ਰਣਾਲੀ ‘ਤੇ ਨਜ਼ਰ ਰੱਖਣ ਦੇ ਨਾਲ-ਨਾਲ ਕਾਲਾਬਾਜ਼ਾਰੀ ਅਤੇ ਨਾਜਾਇਜ਼ ਜ਼ਖ਼ੀਰੇਬਾਜ਼ੀ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵੀ ਗੈਸ ਏਜੰਸੀ ਨਿਯਮਾਂ ਦੀ ਉਲੰਘਣਾ ਕਰਦੀ ਪਾਈ ਗਈ ਤਾਂ ਉਸ ਖ਼ਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਸਦੇ ਨਾਲ ਹੀ ਡਾ. ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫ਼ਵਾਹਾਂ ਤੋਂ ਬਚਣ ਅਤੇ ਘਬਰਾਹਟ ਵਿੱਚ ਆ ਕੇ ਬਿਨਾ ਲੋੜ ਗੈਸ ਸਿਲੰਡਰਾਂ ਦੀ ਖ਼ਰੀਦਦਾਰੀ ਨਾ ਕਰਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਗੈਸ ਦੀ ਕੋਈ ਕਮੀ ਨਹੀਂ ਹੈ ਅਤੇ ਸਪਲਾਈ ਪੂਰੀ ਤਰ੍ਹਾਂ ਸਧਾਰਨ ਤਰੀਕੇ ਨਾਲ ਚੱਲ ਰਹੀ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਗੈਸ ਦੀ ਕਿੱਲਤ ਬਾਰੇ ਝੂਠੀਆਂ ਅਫ਼ਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਤੱਤਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਜਾਂ ਜ਼ਖ਼ੀਰੇਬਾਜ਼ੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ, ਤਾਂ ਉਹ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰੇ, ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ।
Get all latest content delivered to your email a few times a month.