ਤਾਜਾ ਖਬਰਾਂ
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿੰਡ ਪਿਰਥੀਪੁਰ ਵਿੱਚ ਬਹੁਜਨ ਆਗੂ ਬਾਬੂ ਕਾਂਸ਼ੀ ਰਾਮ ਦੇ 92ਵੇਂ ਜਨਮ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਾਮਲ ਹੋ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੌਰਾਨ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਘੱਟ ਗਿਣਤੀ ਅਤੇ ਸਮਾਜਿਕ ਤੌਰ ’ਤੇ ਪਿਛੜੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ ਕਰ ਰਹੀ ਹੈ ਅਤੇ ਉਨ੍ਹਾਂ ਦੇ ਹੱਕਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪਿੰਡ ਪੰਚਾਇਤ ਵੱਲੋਂ ਰੱਖੀਆਂ ਗਈਆਂ ਸਾਰੀਆਂ ਮੰਗਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ ਅਤੇ ਜਲਦ ਹੀ ਇਨ੍ਹਾਂ ਉੱਤੇ ਕੰਮ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪਿੰਡ ਦੇ ਸਰਕਾਰੀ ਸਕੂਲ ਦੇ ਵਿਕਾਸ ਲਈ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਕਰਵਾਇਆ ਜਾਵੇਗਾ ਅਤੇ ਸਕੂਲ ਦਾ ਨਾਮ ਬਾਬੂ ਕਾਂਸ਼ੀ ਰਾਮ ਦੇ ਨਾਮ ’ਤੇ ਰੱਖਿਆ ਜਾਵੇਗਾ, ਤਾਂ ਜੋ ਸਮਾਜਿਕ ਨਿਆਂ ਅਤੇ ਸਮਾਨਤਾ ਲਈ ਉਨ੍ਹਾਂ ਦੇ ਯੋਗਦਾਨ ਨੂੰ ਸਨਮਾਨ ਦਿੱਤਾ ਜਾ ਸਕੇ।
ਮੰਤਰੀ ਚੀਮਾ ਨੇ ਇਸ ਮੌਕੇ ਭਾਜਪਾ ਦੀ ਮੋਗਾ ਵਿੱਚ ਹੋਈ ਰੈਲੀ ’ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਇਹ ਰੈਲੀ ਪੂਰੀ ਤਰ੍ਹਾਂ ਫਲਾਪ ਸਾਬਤ ਹੋਈ ਹੈ ਕਿਉਂਕਿ ਇਸ ਵਿੱਚ ਹੋਰ ਰਾਜਾਂ ਤੋਂ ਲੋਕ ਇਕੱਠੇ ਕਰਕੇ ਲਿਆਂਦੇ ਗਏ ਸਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਯੂਐਸਏ-ਇੰਡੀਆ ਡੀਲ ਲਾਗੂ ਹੋ ਜਾਂਦੀ ਹੈ ਤਾਂ ਇਸ ਦਾ ਸਭ ਤੋਂ ਵੱਧ ਨੁਕਸਾਨ ਕਿਸਾਨਾਂ ਨੂੰ ਝੱਲਣਾ ਪਵੇਗਾ ਅਤੇ ਉਹ ਆਰਥਿਕ ਤੌਰ ’ਤੇ ਕਮਜ਼ੋਰ ਹੋ ਜਾਣਗੇ।
ਚੀਮਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਐਡਵੋਕੇਟ ਜਨਰਲ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਲਈ ਨੁਮਾਇੰਦਗੀ ਰਾਖਵੀਂ ਕਰਨ ਦੇ ਫੈਸਲੇ ਦਾ ਵੀ ਸਵਾਗਤ ਕੀਤਾ ਅਤੇ ਇਸ ਨੂੰ ਕਾਨੂੰਨੀ ਪ੍ਰਣਾਲੀ ਵਿੱਚ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਕਰਾਰ ਦਿੱਤਾ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਅੱਜ ਕਈ ਖੇਤਰਾਂ ਵਿੱਚ ਵੱਡੀਆਂ ਉਪਲਬਧੀਆਂ ਹਾਸਲ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿੱਚੋਂ ਲਗਭਗ 240 ਵਿਦਿਆਰਥੀ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸੰਬੰਧਤ ਹਨ। ਇਹ ਗੱਲ ਦਰਸਾਉਂਦੀ ਹੈ ਕਿ ਹਾਸ਼ੀਏ ’ਤੇ ਰਹਿੰਦੇ ਵਰਗਾਂ ਵਿੱਚ ਸਿੱਖਿਆ ਰਾਹੀਂ ਸਸ਼ਕਤੀਕਰਨ ਤੇਜ਼ੀ ਨਾਲ ਵਧ ਰਿਹਾ ਹੈ।
Get all latest content delivered to your email a few times a month.