ਤਾਜਾ ਖਬਰਾਂ
ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਅੱਜ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਇਸ ਸਮਾਗਮ ਵਿੱਚ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ।
ਧਾਰਮਿਕ ਸਮਾਗਮ ਦੀ ਸ਼ੁਰੂਆਤ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਉਪਰੰਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਇਲਾਹੀ ਬਾਣੀ ਦੇ ਜਾਪ ਕੀਤੇ ਅਤੇ ਭੋਗ ਦੀ ਅਰਦਾਸ ਅਦਾ ਕੀਤੀ। ਇਸ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਵਿੱਚ ਹਜ਼ੂਰੀ ਰਾਗੀ ਜੱਥਿਆਂ ਨੇ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਸਮਾਗਮ ਦੌਰਾਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਗਤਾਂ ਨੂੰ ਗੁਰਤਾ ਗੱਦੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਨੇ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਜੀਵਨ, ਉਨ੍ਹਾਂ ਦੀਆਂ ਸਿੱਖਿਆਵਾਂ ਅਤੇ ਕੁਦਰਤ ਪ੍ਰੇਮ ਬਾਰੇ ਵਿਸਤਾਰ ਵਿੱਚ ਜਾਣਕਾਰੀ ਸਾਂਝੀ ਕੀਤੀ। ਬੁਲਾਰਿਆਂ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਦੱਸੇ ਹੋਏ ਮਾਰਗ 'ਤੇ ਚੱਲਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਈ ਮਲਕੀਤ ਸਿੰਘ (ਮੈਨੇਜਰ ਤਖਤ ਸ੍ਰੀ ਕੇਸਗੜ੍ਹ ਸਾਹਿਬ), ਐਡਵੋਕੇਟ ਹਰਦੇਵ ਸਿੰਘ ਹੈਪੀ (ਵਧੀਕ ਮੈਨੇਜਰ), ਅਮਰਜੀਤ ਸਿੰਘ ਬਾੜੀਆਂ, ਫਤਿਹ ਸਿੰਘ, ਭੁਪਿੰਦਰ ਸਿੰਘ ਅਤੇ ਸੁਖਦੇਵ ਸਿੰਘ ਪੋਲੂ ਸਮੇਤ ਕਈ ਧਾਰਮਿਕ ਤੇ ਸਮਾਜਿਕ ਸ਼ਖਸੀਅਤਾਂ ਮੌਜੂਦ ਸਨ। ਸਮਾਗਮ ਦੇ ਅੰਤ ਵਿੱਚ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
Get all latest content delivered to your email a few times a month.