ਤਾਜਾ ਖਬਰਾਂ
ਆਰਟੀਫੀਸ਼ਲ ਇੰਟੈਲੀਜੈਂਸ (AI) ਤਕਨੀਕ ਦੀ ਵਰਤੋਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸੰਬੰਧਿਤ ਅਪਮਾਨਜਨਕ ਵੀਡੀਓਜ਼ ਬਣਾਉਣ ਅਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਸਾਂਝਾ ਕਰਨ ਦੇ ਮਾਮਲਿਆਂ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਗੰਭੀਰ ਚਿੰਤਾ ਜਤਾਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਏਆਈ ਤਕਨੀਕ ਦੀ ਗਲਤ ਵਰਤੋਂ ਕਰਕੇ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਜੋ ਬਿਲਕੁਲ ਵੀ ਕਬੂਲਯੋਗ ਨਹੀਂ।
ਉਨ੍ਹਾਂ ਦੱਸਿਆ ਕਿ ਹਾਲ ਹੀ ਵਿੱਚ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਅਜਿਹੀਆਂ ਵੀਡੀਓਜ਼ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਏਆਈ ਦੀ ਮਦਦ ਨਾਲ ਗਲਤ ਅਤੇ ਭ੍ਰਮਿਤ ਕਰਨ ਵਾਲਾ ਸਮੱਗਰੀ ਤਿਆਰ ਕਰਕੇ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੋਮਣੀ ਕਮੇਟੀ ਨੇ ਸੰਬੰਧਤ ਖਾਤਿਆਂ ਅਤੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ, ਜਿੱਥੋਂ ਪੂਰੀ ਦੁਨੀਆ ਨੂੰ ਭਾਈਚਾਰੇ, ਸਮਾਨਤਾ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਮਿਲਦਾ ਹੈ। ਅਜਿਹੇ ਪਵਿੱਤਰ ਅਸਥਾਨ ਨਾਲ ਛੇੜਛਾੜ ਕਰਕੇ ਜਾਂ ਗਲਤ ਤਰੀਕੇ ਨਾਲ ਵੀਡੀਓਜ਼ ਤਿਆਰ ਕਰਨਾ ਬਹੁਤ ਹੀ ਨਿੰਦਣਯੋਗ ਕਿਰਿਆ ਹੈ।
ਉਨ੍ਹਾਂ ਕੇਂਦਰ ਅਤੇ ਰਾਜ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ ਅਤੇ ਦੋਸ਼ੀਆਂ ਖ਼ਿਲਾਫ਼ ਕੜੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿੱਚ ਕੋਈ ਵੀ ਵਿਅਕਤੀ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦੀ ਹਿੰਮਤ ਨਾ ਕਰੇ।
ਇਸਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਸਾਹਮਣੇ ਅਜਿਹੀ ਕੋਈ ਵੀਡੀਓ ਆਉਂਦੀ ਹੈ ਤਾਂ ਉਹ ਇਸਨੂੰ ਅੱਗੇ ਸਾਂਝਾ ਕਰਨ ਤੋਂ ਗੁਰੇਜ਼ ਕਰਨ ਅਤੇ ਤੁਰੰਤ ਸੰਬੰਧਤ ਅਧਿਕਾਰੀਆਂ ਨੂੰ ਸੂਚਿਤ ਕਰਨ, ਤਾਂ ਜੋ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
Get all latest content delivered to your email a few times a month.