ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਤਹਿਤ ਵਿਸ਼ੇਸ਼ ਸਰਚ ਆਪਰੇਸ਼ਨ ਚਲਾਇਆ ਗਿਆ। ਇਹ ਕਾਰਵਾਈ ਡੀਆਈਜੀ ਏਐਨਟੀਐਫ ਐਂਡ ਕਮਾਂਡੋ ਸੰਜੀਵ ਕੁਮਾਰ ਰਾਮਪਾਲ ਦੀ ਨਿਗਰਾਨੀ ਅਤੇ ਐਸਐਸਪੀ ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਕੀਤੀ ਗਈ, ਜਿਸ ਦਾ ਮੁੱਖ ਮਕਸਦ ਜ਼ਿਲ੍ਹੇ ਵਿੱਚ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਦੌਰਾਨ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਬ-ਡਿਵੀਜ਼ਨਾਂ ਵਿੱਚ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾਕੇ ਵਿਸਥਾਰ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ।
ਇਸ ਅਭਿਆਨ ਦੌਰਾਨ ਪੁਲਿਸ ਵੱਲੋਂ ਗੈਂਗਸਟਰਾਂ, ਉਨ੍ਹਾਂ ਦੇ ਸਾਥੀਆਂ ਅਤੇ ਘੋਸ਼ਿਤ ਅਪਰਾਧੀਆਂ ਦੇ ਠਿਕਾਣਿਆਂ ‘ਤੇ ਛਾਪੇ ਮਾਰੇ ਗਏ ਅਤੇ ਉਨ੍ਹਾਂ ਨਾਲ ਸੰਬੰਧਿਤ ਲੋਕਾਂ ਦੀ ਪੁੱਛਗਿੱਛ ਕੀਤੀ ਗਈ। ਨਾਲ ਹੀ, ਜ਼ਿਲ੍ਹੇ ਦੇ ਵੱਖ-ਵੱਖ ਸਥਾਨਾਂ ‘ਤੇ ਨਾਕਾਬੰਦੀ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ। ਪੁਲਿਸ ਵੱਲੋਂ ਮੁੜ-ਮੁੜ ਅਪਰਾਧ ਕਰਨ ਵਾਲੇ ਤੱਤਾਂ ‘ਤੇ ਖਾਸ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਜਿੱਥੇ ਵੀ ਕੋਈ ਗੈਰ-ਕਾਨੂੰਨੀ ਗਤੀਵਿਧੀ ਮਿਲਦੀ ਹੈ, ਉੱਥੇ ਤੁਰੰਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਭੀੜ-ਭਾੜ ਵਾਲੇ ਇਲਾਕਿਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ‘ਤੇ ਫੁੱਟ ਪੈਟਰੋਲਿੰਗ ਵਧਾਈ ਗਈ ਹੈ। ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਅਚਾਨਕ ਚੈਕਿੰਗ ਵੀ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਆਧੁਨਿਕ ਤਕਨਾਲੋਜੀ ਦੀ ਵਰਤੋਂ ਕਰਦਿਆਂ PAIS ਐਪ ਅਤੇ ਵਹੀਕਲ ਐਪ ਰਾਹੀਂ ਲੋਕਾਂ ਅਤੇ ਵਾਹਨਾਂ ਦੀ ਜਾਂਚ ਕਰਕੇ ਉਨ੍ਹਾਂ ਦੇ ਅਪਰਾਧਿਕ ਰਿਕਾਰਡ ਦੀ ਪੁਸ਼ਟੀ ਕੀਤੀ ਜਾ ਰਹੀ ਹੈ, ਤਾਂ ਜੋ ਕੋਈ ਵੀ ਦੋਸ਼ੀ ਕਾਨੂੰਨ ਤੋਂ ਬਚ ਨਾ ਸਕੇ।
ਇਸ ਮੁਹਿੰਮ ਤਹਿਤ 19 ਮਾਰਚ 2026 ਤੱਕ 15 ਮਾਮਲੇ ਦਰਜ ਕਰਕੇ 21 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 47 ਗ੍ਰਾਮ ਹੈਰੋਇਨ, 205 ਨਸ਼ੀਲੀਆਂ ਗੋਲੀਆਂ ਅਤੇ 50 ਕੈਪਸੂਲ ਬਰਾਮਦ ਕੀਤੇ ਗਏ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਕਾਰਵਾਈ ਅੱਗੇ ਵੀ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਅਪਰਾਧਿਕ ਤੱਤ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਨਾਲ ਹੀ, ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਜੇਕਰ ਕਿਸੇ ਡਰੱਗ ਸਮੱਗਲਰ ਜਾਂ ਸ਼ੱਕੀ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਹੈਲਪਲਾਈਨ ਨੰਬਰਾਂ ‘ਤੇ ਸਾਂਝੀ ਕੀਤੀ ਜਾਵੇ, ਜਿੱਥੇ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।