ਤਾਜਾ ਖਬਰਾਂ
ਅੰਮ੍ਰਿਤਸਰ ਵਿੱਚ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਦੇ ਡਿਸਟ੍ਰਿਕਟ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਮੌਤ ਮਾਮਲੇ ਨੇ ਹੁਣ ਗੰਭੀਰ ਰੂਪ ਧਾਰ ਲਿਆ ਹੈ। ਇਸ ਘਟਨਾ ਨੂੰ ਲੈ ਕੇ ਵੇਅਰਹਾਊਸ ਦੇ ਮੁਲਾਜ਼ਮਾਂ ਵਿੱਚ ਭਾਰੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਨਸਾਫ ਦੀ ਮੰਗ ਨੂੰ ਲੈ ਕੇ ਕਰਮਚਾਰੀਆਂ ਨੇ EMC ਹਸਪਤਾਲ ਦੇ ਬਾਹਰ ਇਕੱਠੇ ਹੋ ਕੇ ਧਰਨਾ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਧਰਨੇ ਦੌਰਾਨ ਮੁਲਾਜ਼ਮਾਂ ਨੇ ਦੱਸਿਆ ਕਿ ਰੰਧਾਵਾ ਕਾਫ਼ੀ ਸਮੇਂ ਤੋਂ ਮਾਨਸਿਕ ਦਬਾਅ ਹੇਠ ਸਨ ਅਤੇ ਉਨ੍ਹਾਂ ‘ਤੇ ਲਗਾਤਾਰ ਟਾਰਚਰ ਕੀਤਾ ਜਾ ਰਿਹਾ ਸੀ। ਉਨ੍ਹਾਂ ਦਾ ਦਾਅਵਾ ਹੈ ਕਿ ਇਸੇ ਤਣਾਅ ਕਾਰਨ ਰੰਧਾਵਾ ਨੇ ਜ਼ਹਿਰ ਖਾ ਕੇ ਆਪਣੀ ਜਾਨ ਦੇ ਦਿੱਤੀ।
ਇਸ ਮਾਮਲੇ ਵਿੱਚ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ, ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਦਿਲਬਾਗ ਸਿੰਘ ਖ਼ਿਲਾਫ਼ ਮਾਮਲਾ ਦਰਜ ਹੋ ਚੁੱਕਾ ਹੈ, ਪਰ ਮੁਲਾਜ਼ਮ ਇਸ ਕਾਰਵਾਈ ਨਾਲ ਸੰਤੁਸ਼ਟ ਨਹੀਂ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਕੇਸ ਦਰਜ ਕਰਨਾ ਹੀ ਕਾਫ਼ੀ ਨਹੀਂ, ਜਦ ਤੱਕ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਸਖ਼ਤ ਸਜ਼ਾ ਨਹੀਂ ਦਿੱਤੀ ਜਾਂਦੀ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਮੁਲਾਜ਼ਮਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਕਰਵਾਈ ਜਾਵੇ ਅਤੇ ਮ੍ਰਿਤਕ ਦੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇ। ਇਸ ਘਟਨਾ ਨੇ ਸਿਰਫ਼ ਅੰਮ੍ਰਿਤਸਰ ਹੀ ਨਹੀਂ, ਸਗੋਂ ਸਾਰੇ ਪੰਜਾਬ ਵਿੱਚ ਸਿਆਸੀ ਅਤੇ ਸਮਾਜਿਕ ਮਾਹੌਲ ਨੂੰ ਵੀ ਗਰਮਾ ਦਿੱਤਾ ਹੈ।
Get all latest content delivered to your email a few times a month.