ਤਾਜਾ ਖਬਰਾਂ
Narinder Pal Singh Sawna ਵੱਲੋਂ ਫਾਜ਼ਿਲਕਾ ਦੇ ਪਿੰਡ ਬਾਧਾ ਅਤੇ ਮਿਆਣੀ ਬਸਤੀ ਦੇ ਨੇੜੇ ਇੱਕ ਮਾਈਨਿੰਗ ਸਾਈਟ ‘ਤੇ ਅਚਾਨਕ ਛਾਪਾ ਮਾਰਿਆ ਗਿਆ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਲਾਕੇ ਵਿੱਚ ਗੈਰਕਾਨੂੰਨੀ ਰੇਤ ਮਾਈਨਿੰਗ ਚੱਲ ਰਹੀ ਹੈ।
ਛਾਪੇ ਦੌਰਾਨ ਵਿਧਾਇਕ ਸਵਨਾ ਪੁਲਿਸ ਅਤੇ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨਾਲ ਮੌਕੇ ‘ਤੇ ਪਹੁੰਚੇ ਅਤੇ ਸਾਰੀ ਸਥਿਤੀ ਦੀ ਗੰਭੀਰਤਾ ਨਾਲ ਜਾਂਚ ਕੀਤੀ। ਜਾਂਚ ਤੋਂ ਬਾਅਦ ਇਹ ਸਾਹਮਣੇ ਆਇਆ ਕਿ ਉੱਥੇ ਰੇਤ ਦੀ ਨਹੀਂ, ਸਗੋਂ ਮਿੱਟੀ ਦੀ ਖੁਦਾਈ ਕੀਤੀ ਜਾ ਰਹੀ ਸੀ, ਜਿਸ ਲਈ ਸੰਬੰਧਤ ਕੰਪਨੀ ਕੋਲ ਸਰਕਾਰੀ ਮਨਜ਼ੂਰੀ ਅਤੇ ਵੈਧ ਪਰਮਿਟ ਮੌਜੂਦ ਸੀ।
ਵਿਧਾਇਕ ਸਵਨਾ ਨੇ ਸਪੱਸ਼ਟ ਕੀਤਾ ਕਿ ਮੌਕੇ ‘ਤੇ ਗੈਰਕਾਨੂੰਨੀ ਰੇਤ ਮਾਈਨਿੰਗ ਦਾ ਕੋਈ ਵੀ ਸਬੂਤ ਨਹੀਂ ਮਿਲਿਆ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਤੇ ਵੀ ਗੈਰਕਾਨੂੰਨੀ ਗਤੀਵਿਧੀ ਦਿਖਾਈ ਦੇਵੇ ਤਾਂ ਤੁਰੰਤ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਵੇ, ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਨੇ ਨਾਲ ਹੀ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਮਾਈਨਿੰਗ ਸਾਈਟਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ ਅਤੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਇਸਦੇ ਇਲਾਵਾ, ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਬਿਨਾਂ ਪੁਸ਼ਟੀ ਕੀਤੇ ਗਲਤ ਜਾਣਕਾਰੀ ਜਾਂ ਵੀਡੀਓ ਸੋਸ਼ਲ ਮੀਡੀਆ ‘ਤੇ ਫੈਲਾਉਣ ਵਾਲਿਆਂ ਖ਼ਿਲਾਫ਼ ਵੀ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।
ਇਸ ਮਾਮਲੇ ‘ਤੇ ਮਾਈਨਿੰਗ ਵਿਭਾਗ ਦੇ ਐਕਸੀਅਨ ਆਲੋਕ ਚੌਧਰੀ ਨੇ ਦੱਸਿਆ ਕਿ ਰਾਜ ਕਮਬੋਜ ਬ੍ਰਿਕ ਕੰਪਨੀ ਵੱਲੋਂ ਲਗਭਗ ਦੋ ਏਕੜ ਜ਼ਮੀਨ ‘ਚ ਮਿੱਟੀ ਦੀ ਖੁਦਾਈ ਲਈ 31 ਮਾਰਚ ਤੱਕ ਦਾ ਵੈਧ ਪਰਮਿਟ ਜਾਰੀ ਕੀਤਾ ਗਿਆ ਹੈ। ਉਨ੍ਹਾਂ ਨੇ ਦੁਹਰਾਇਆ ਕਿ ਇਸ ਮਾਮਲੇ ਵਿੱਚ ਗੈਰਕਾਨੂੰਨੀ ਰੇਤ ਮਾਈਨਿੰਗ ਦਾ ਕੋਈ ਤੱਤ ਸਾਹਮਣੇ ਨਹੀਂ ਆਇਆ।
Get all latest content delivered to your email a few times a month.