ਤਾਜਾ ਖਬਰਾਂ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਵਿੱਚ ਚੱਲ ਰਹੀ ਅੰਦਰੂਨੀ ਖਿੱਚੋਤਾਣ ਦਰਮਿਆਨ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਜੂਡੀਸ਼ੀਅਲ ਕਮਿਸ਼ਨ ਨੇ ਕਮੇਟੀ ਵੱਲੋਂ ਪੇਸ਼ ਕੀਤੇ ਗਏ 104 ਕਰੋੜ ਰੁਪਏ ਦੇ ਸਾਲਾਨਾ ਬਜਟ ਨੂੰ ਰੱਦ ਕਰ ਦਿੱਤਾ ਹੈ। ਕੋਰਮ ਪੂਰਾ ਨਾ ਹੋਣ ਅਤੇ ਕਾਨੂੰਨੀ ਨਿਯਮਾਂ ਦੀ ਅਣਦੇਖੀ ਦੇ ਚੱਲਦਿਆਂ ਇਸ ਬਜਟ 'ਤੇ ਰੋਕ ਲਗਾ ਦਿੱਤੀ ਗਈ ਹੈ।
ਕੋਰਮ ਪੂਰਾ ਨਾ ਹੋਣ ਕਾਰਨ ਫਸਿਆ ਪੇਚ
ਜਾਣਕਾਰੀ ਅਨੁਸਾਰ, HSGMC ਦੇ ਮੌਜੂਦਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਸਾਲਾਨਾ ਬਜਟ ਪੇਸ਼ ਕੀਤਾ ਗਿਆ ਸੀ। ਪਰ ਇਸ ਬਜਟ ਪ੍ਰਕਿਰਿਆ 'ਤੇ ਕਮੇਟੀ ਦੇ ਕੁੱਝ ਮੈਂਬਰਾਂ ਨੇ ਸਖ਼ਤ ਇਤਰਾਜ਼ ਜਤਾਉਂਦਿਆਂ ਜੂਡੀਸ਼ੀਅਲ ਕਮਿਸ਼ਨ ਦਾ ਦਰਵਾਜ਼ਾ ਖੜਕਾਇਆ ਸੀ। ਸ਼ਿਕਾਇਤਕਰਤਾਵਾਂ ਦਾ ਤਰਕ ਸੀ ਕਿ ਬਜਟ ਪੇਸ਼ ਕਰਨ ਸਮੇਂ ਨਿਰਧਾਰਤ ਕੋਰਮ (ਮੈਂਬਰਾਂ ਦੀ ਲੋੜੀਂਦੀ ਗਿਣਤੀ) ਪੂਰਾ ਨਹੀਂ ਸੀ।
ਜੂਡੀਸ਼ੀਅਲ ਕਮਿਸ਼ਨ ਦੀ ਸੁਣਵਾਈ
ਪੰਚਕੁਲਾ ਦੇ ਸੈਕਟਰ-1 ਸਥਿਤ ਜ਼ਿਲ੍ਹਾ ਸਕੱਤਰੇਤ ਵਿਖੇ ਹੋਈ ਸੁਣਵਾਈ ਦੌਰਾਨ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਅਤੇ ਉਨ੍ਹਾਂ ਦੇ ਸਾਥੀ ਮੈਂਬਰ ਮੌਜੂਦ ਸਨ। ਉਨ੍ਹਾਂ ਵੱਲੋਂ ਪੇਸ਼ ਕੀਤੇ ਗਏ ਤੱਥਾਂ ਅਤੇ ਦਲੀਲਾਂ ਨਾਲ ਸਹਿਮਤ ਹੁੰਦਿਆਂ ਕਮਿਸ਼ਨ ਨੇ ਬਜਟ ਨੂੰ ਗੈਰ-ਕਾਨੂੰਨੀ ਮੰਨਦਿਆਂ ਰੱਦ ਕਰ ਦਿੱਤਾ।
ਪੁਰਾਣੇ ਬਜਟ ਦਾ ਹਿਸਾਬ ਦੇਣ ਦੇ ਹੁਕਮ
ਕਮਿਸ਼ਨ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਕੀਤਾ ਹੈ ਕਿ:
ਸਭ ਤੋਂ ਪਹਿਲਾਂ ਪਿਛਲੇ ਸਾਲ ਦੇ ਬਜਟ ਦਾ ਪੂਰਾ ਹਿਸਾਬ-ਕਿਤਾਬ ਕਲੀਅਰ ਕੀਤਾ ਜਾਵੇ।
ਨਵਾਂ ਬਜਟ ਸਾਰੇ ਮੈਂਬਰਾਂ ਦੀ ਮੌਜੂਦਗੀ ਵਿੱਚ ਅਤੇ ਕਾਨੂੰਨੀ ਪ੍ਰਕਿਰਿਆ ਤਹਿਤ ਦੁਬਾਰਾ ਪੇਸ਼ ਕੀਤਾ ਜਾਵੇ।
ਇਸ ਫੈਸਲੇ ਤੋਂ ਬਾਅਦ ਹਰਿਆਣਾ ਦੀ ਸਿੱਖ ਰਾਜਨੀਤੀ ਵਿੱਚ ਹਲਚਲ ਤੇਜ਼ ਹੋ ਗਈ ਹੈ। ਹੁਣ ਕਮੇਟੀ ਨੂੰ ਨਵੇਂ ਸਿਰੇ ਤੋਂ ਬਜਟ ਤਿਆਰ ਕਰਕੇ ਸਦਨ ਦੀ ਮਨਜ਼ੂਰੀ ਲੈਣੀ ਹੋਵੇਗੀ।
Get all latest content delivered to your email a few times a month.