ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਸਮੇਂ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ ਜਦੋਂ 1984 ਸਿੱਖ ਕਤਲੇਆਮ ਦੇ ਪੀੜਤਾਂ ਦੀ ਅਦਾਲਤੀ ਲੜਾਈ ਲੜਨ ਵਾਲੇ ਉੱਘੇ ਵਕੀਲ ਹਰਵਿੰਦਰ ਸਿੰਘ ਫੂਲਕਾ (ਐਚ.ਐਸ. ਫੂਲਕਾ) ਰਸਮੀ ਤੌਰ 'ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਦਿੱਲੀ ਸਥਿਤ ਪਾਰਟੀ ਦਫ਼ਤਰ ਵਿਖੇ ਹੋਏ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਹੋਰ ਸੀਨੀਅਰ ਲੀਡਰਸ਼ਿਪ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।
ਐਡਵੋਕੇਟ ਫੂਲਕਾ ਦੀ ਪਛਾਣ ਦੇਸ਼ ਭਰ ਵਿੱਚ ਇੱਕ ਨਿਰਪੱਖ ਅਤੇ ਸੰਘਰਸ਼ਸ਼ੀਲ ਕਾਨੂੰਨਦਾਨ ਵਜੋਂ ਹੈ। ਉਨ੍ਹਾਂ ਨੇ ਤਿੰਨ ਦਹਾਕਿਆਂ ਤੋਂ ਵੱਧ ਸਮਾਂ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਸੁਪਰੀਮ ਕੋਰਟ ਅਤੇ ਹਾਈ ਕੋਰਟ ਵਿੱਚ ਮੁਫ਼ਤ ਕੇਸ ਲੜੇ। ਉਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਹੀ ਕਈ ਵੱਡੇ ਸਿਆਸੀ ਆਗੂਆਂ ਨੂੰ ਸਜ਼ਾਵਾਂ ਮਿਲੀਆਂ।
ਫੂਲਕਾ ਦਾ ਰਾਜਨੀਤਿਕ ਸਫ਼ਰ ਕਾਫੀ ਉਤਰਾਅ-ਚੜ੍ਹਾਅ ਵਾਲਾ ਰਿਹਾ ਹੈ:
'ਸਾਲ 2014 ਵਿੱਚ ਉਹ ਭ੍ਰਿਸ਼ਟਾਚਾਰ ਵਿਰੋਧੀ ਅੰਦੋਲਨ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ।
ਸਾਲ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਹਲਕਾ ਦਾਖਾ ਤੋਂ ਸ਼ਾਨਦਾਰ ਜਿੱਤ ਦਰਜ ਕੀਤੀ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਬਣੇ।
ਨਵੰਬਰ 2018 ਵਿੱਚ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦਾ ਤਰਕ ਸੀ ਕਿ ਉਹ ਰਾਜਨੀਤੀ ਨਾਲੋਂ ਸਿੱਖ ਕਤਲੇਆਮ ਦੇ ਕੇਸਾਂ 'ਤੇ ਜ਼ਿਆਦਾ ਧਿਆਨ ਕੇਂਦਰਿਤ ਕਰਨਾ ਚਾਹੁੰਦੇ ਹਨ।
Get all latest content delivered to your email a few times a month.