ਤਾਜਾ ਖਬਰਾਂ
ਡੀਐਮ ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਨੇ ਹੁਣ ਹੋਰ ਗੰਭੀਰ ਮੋੜ ਲੈ ਲਿਆ ਹੈ। ਇਸ ਕੇਸ ਵਿੱਚ ਗ੍ਰਿਫਤਾਰ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਪੁਲਿਸ ਰਿਮਾਂਡ ਨੂੰ ਖਤਮ ਕਰਦੇ ਹੋਏ ਉਨ੍ਹਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਜਾਰੀ ਕੀਤੇ।
ਪਹਿਲਾਂ ਭੁੱਲਰ ਨੂੰ 5 ਦਿਨਾਂ ਦਾ ਪੁਲਿਸ ਰਿਮਾਂਡ ਮਿਲਿਆ ਸੀ, ਜਿਸ ਤੋਂ ਬਾਅਦ 3 ਦਿਨਾਂ ਦਾ ਹੋਰ ਰਿਮਾਂਡ ਦਿੱਤਾ ਗਿਆ ਸੀ। ਅੱਜ ਦੀ ਸੁਣਵਾਈ ਦੌਰਾਨ ਪੁਲਿਸ ਵੱਲੋਂ ਹੋਰ ਰਿਮਾਂਡ ਦੀ ਮੰਗ ਕੀਤੀ ਗਈ, ਪਰ ਅਦਾਲਤ ਨੇ ਇਸ ਨੂੰ ਰੱਦ ਕਰਦੇ ਹੋਏ ਸਿੱਧਾ ਜੁਡੀਸ਼ੀਅਲ ਕਸਟਡੀ ਦਾ ਫੈਸਲਾ ਸੁਣਾਇਆ। ਭੁੱਲਰ ਦੇ ਵਕੀਲ ਐਡਵੋਕੇਟ ਹੀਰਾ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਜਾਣਕਾਰੀ ਸਾਂਝੀ ਕੀਤੀ।
ਇਸ ਦੇ ਨਾਲ ਹੀ ਮਾਮਲੇ ਵਿੱਚ ਇੱਕ ਹੋਰ ਹੈਰਾਨੀਜਨਕ ਵਿਕਾਸ ਵੀ ਸਾਹਮਣੇ ਆਇਆ ਹੈ। ਡੀਐਮ ਗਗਨਦੀਪ ਸਿੰਘ ਦੇ ਘਰ ਵਿੱਚ ਬਿਜਲੀ ਦੀਆਂ ਤਾਰਾਂ ਕੱਟਣ ਦੇ ਦੋਸ਼ 'ਚ ਗ੍ਰਿਫਤਾਰ ਕੀਤੇ ਗਏ ਨੌਜਵਾਨ ਗੁਰਬਖਸ਼ ਸਿੰਘ ਦੀ ਪੁਲਿਸ ਕਸਟਡੀ ਦੌਰਾਨ ਮੌਤ ਹੋ ਗਈ ਹੈ। ਇਹ ਘਟਨਾ ਅੰਮ੍ਰਿਤਸਰ ਦੇ ਰਣਜੀਤ ਐਵਨਿਊ ਇਲਾਕੇ ਵਿੱਚ ਵਾਪਰੀ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਨਾਲ ਕਸਟਡੀ ਵਿੱਚ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸਦੀ ਮੌਤ ਹੋਈ। ਇਸ ਘਟਨਾ ਤੋਂ ਬਾਅਦ ਪੁਲਿਸ ਦੀ ਕਾਰਵਾਈ 'ਤੇ ਸਵਾਲ ਉੱਠ ਰਹੇ ਹਨ ਅਤੇ ਮਾਮਲੇ ਦੀ ਪੂਰੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ।
ਹੁਣ ਇਹ ਪੂਰਾ ਮਾਮਲਾ ਕਾਫੀ ਸੰਵੇਦਨਸ਼ੀਲ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
Get all latest content delivered to your email a few times a month.