ਤਾਜਾ ਖਬਰਾਂ
ਕੇਂਦਰੀ ਗ੍ਰਹਿ ਮੰਤਰਾਲੇ ਦੇ 'ਨਸ਼ਾ ਮੁਕਤ ਭਾਰਤ ਅਭਿਆਨ' ਨੂੰ ਵੱਡੀ ਪੱਧਰ 'ਤੇ ਹੁੰਗਾਰਾ ਦਿੰਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 'ਡਰੱਗ ਫ੍ਰੀ' ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਕੇਂਦਰ ਸਰਕਾਰ ਵੱਲੋਂ ਉਲੀਕੇ ਗਏ ਵਿਸ਼ੇਸ਼ ਤਿੰਨ ਸਾਲਾ ਰੋਡਮੈਪ ਨੂੰ ਪੰਜਾਬ ਵਿੱਚ ਲਾਗੂ ਕਰਨ ਲਈ ਸਿੱਖਿਆ ਵਿਭਾਗ ਨੇ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਯੋਜਨਾ ਦਾ ਮੁੱਖ ਉਦੇਸ਼ ਸਾਲ 2029 ਤੱਕ ਭਾਰਤ ਨੂੰ ਨਸ਼ਾ ਮੁਕਤ ਬਣਾਉਣਾ ਹੈ।
ਸਰਕਾਰ ਵੱਲੋਂ ਜਾਰੀ ਇਸ ਤਿੰਨ ਸਾਲਾ (2026-2029) ਰਣਨੀਤੀ ਨੂੰ ਵੱਖ-ਵੱਖ ਪੜਾਵਾਂ ਵਿੱਚ ਵੰਡਿਆ ਗਿਆ ਹੈ:
ਮੁਹਿੰਮ ਦੇ ਪਹਿਲੇ ਸਾਲ ਵਿੱਚ ਹਰ ਸਕੂਲ ਦੇ ਆਲੇ-ਦੁਆਲੇ ਦੇ 500 ਮੀਟਰ ਇਲਾਕੇ ਨੂੰ ਪੂਰੀ ਤਰ੍ਹਾਂ 'ਨਸ਼ਾ ਮੁਕਤ ਜ਼ੋਨ' ਘੋਸ਼ਿਤ ਕਰਕੇ ਉੱਥੇ ਸਖ਼ਤ ਨਿਗਰਾਨੀ ਰੱਖੀ ਜਾਵੇਗੀ।
ਦੂਜੇ ਸਾਲ ਦੌਰਾਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਵਿਦਿਆਰਥੀਆਂ ਦੇ ਪਾਠਕ੍ਰਮ (Syllabus) ਵਿੱਚ ਸ਼ਾਮਲ ਕੀਤੀ ਜਾਵੇਗੀ ਤਾਂ ਜੋ ਬੱਚਿਆਂ ਨੂੰ ਮਾਨਸਿਕ ਤੌਰ 'ਤੇ ਮਜ਼ਬੂਤ ਕੀਤਾ ਜਾ ਸਕੇ।
ਆਖਰੀ ਸਾਲ ਵਿੱਚ ਨਸ਼ਾ ਵਿਰੋਧੀ ਗਤੀਵਿਧੀਆਂ ਦਾ ਮੁਲਾਂਕਣ ਕੀਤਾ ਜਾਵੇਗਾ ਅਤੇ ਇਸ ਨੂੰ ਸਥਾਈ ਤੌਰ 'ਤੇ ਸਿਸਟਮ ਦਾ ਹਿੱਸਾ ਬਣਾਇਆ ਜਾਵੇਗਾ।
ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜੇਕਰ ਸਕੂਲ ਦੇ ਨੇੜੇ ਕੋਈ ਵੀ ਨਸ਼ਾ ਵਿਰੋਧੀ ਨਿਯਮਾਂ ਦੀ ਉਲੰਘਣਾ ਹੁੰਦੀ ਹੈ, ਤਾਂ ਸਕੂਲ ਮੁਖੀ ਜਾਂ ਨੋਡਲ ਅਧਿਆਪਕ ਨੂੰ ਤੁਰੰਤ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨੂੰ ਰਿਪੋਰਟ ਕਰਨੀ ਪਵੇਗੀ। ਇਸ ਮੁਹਿੰਮ ਵਿੱਚ ਸਿਰਫ਼ ਅਧਿਆਪਕ ਹੀ ਨਹੀਂ, ਸਗੋਂ ਮਾਪਿਆਂ, ਪੁਲਿਸ ਪ੍ਰਸ਼ਾਸਨ ਅਤੇ ਗੈਰ-ਸਰਕਾਰੀ ਸੰਸਥਾਵਾਂ (NGOs) ਨੂੰ ਵੀ ਭਾਈਵਾਲ ਬਣਾਇਆ ਜਾਵੇਗਾ।
ਸਕੂਲਾਂ ਵਿੱਚ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣਗੇ ਅਤੇ ਕੰਧਾਂ 'ਤੇ ਨਸ਼ਿਆਂ ਵਿਰੁੱਧ ਪੋਸਟਰ ਅਤੇ ਸਾਈਨ ਬੋਰਡ ਲਗਾਉਣੇ ਲਾਜ਼ਮੀ ਹੋਣਗੇ। ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਪੱਧਰ 'ਤੇ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਇਹ ਦੇਸ਼-ਵਿਆਪੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਐਕਸ਼ਨ ਪਲਾਨ ਰਾਹੀਂ ਸਕੂਲਾਂ ਨੂੰ ਇੱਕ ਅਜਿਹਾ ਸੁਰੱਖਿਅਤ ਕਿਲ੍ਹਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿੱਥੇ ਨਸ਼ੇ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਿਆ ਜਾ ਸਕੇ।
Get all latest content delivered to your email a few times a month.