IMG-LOGO
ਹੋਮ ਪੰਜਾਬ: ਮੰਡੀਆਂ 'ਚ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ, ਕਿਸਾਨਾਂ...

ਮੰਡੀਆਂ 'ਚ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ, ਕਿਸਾਨਾਂ ਨੂੰ ਮਿਲੇਗੀ ਹਰ ਸੰਭਵ ਸਹਾਇਤਾ ਅਤੇ ਸਹੂਲਤਾਂ: ਆਪ

Admin User - Apr 02, 2026 04:48 PM
IMG

ਚੰਡੀਗੜ੍ਹ, 2 ਅਪ੍ਰੈਲ-

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਸ਼ੁਰੂ ਹੋਣ 'ਤੇ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਅਤੇ ਸਹੂਲਤਾਂ ਦਾ ਭਰੋਸਾ ਦਿੱਤਾ ਹੈ। ਪਾਰਟੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਖੇਤੀਬਾੜੀ ਖੇਤਰ ਵਿੱਚ ਕੀਤੇ ਗਏ ਕ੍ਰਾਂਤੀਕਾਰੀ ਸੁਧਾਰਾਂ ਅਤੇ ਮੌਜੂਦਾ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ 'ਤੇ ਚਾਨਣਾ ਪਾਇਆ।


ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਵਿੰਗ ਦੇ ਚੇਅਰਮੈਨ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਮਾਨ ਸਰਕਾਰ ਨੇ ਕਿਸਾਨਾਂ ਲਈ ਜੋ ਕੀਤਾ ਹੈ, ਉਹ ਇਤਿਹਾਸਕ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਬਿਨਾਂ ਕਿਸੇ ਜਾਤ ਜਾਂ ਧਰਮ ਦੇ ਵਿਤਕਰੇ ਦੇ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾ ਰਹੀ ਹੈ, ਜਿਸ ਦਾ ਲਾਭ ਕਿਸਾਨ ਪਰਿਵਾਰਾਂ ਨੂੰ ਵੀ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ਕਿਸਾਨਾਂ ਨੂੰ ਖੇਤੀ ਲਈ ਦਿਨ ਵੇਲੇ 9 ਤੋਂ 5 ਵਜੇ ਤੱਕ ਨਿਰਵਿਘਨ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਰਾਤ ਵੇਲੇ ਖੇਤਾਂ ਵਿੱਚ ਨਹੀਂ ਜਾਣਾ ਪੈਂਦਾ। ਇਸ ਤੋਂ ਇਲਾਵਾ ਪਿੰਡਾਂ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਨਾਲ ਕਿਸਾਨਾਂ ਅਤੇ ਮਜ਼ਦੂਰਾਂ ਦੇ ਬੱਚੇ ਹੁਣ ਉਚੇਰੀ ਸਿੱਖਿਆ ਪ੍ਰਾਪਤ ਕਰਕੇ ਵੱਡੇ ਅਫ਼ਸਰ ਬਣ ਰਹੇ ਹਨ।


ਸਿੱਧੂ ਨੇ ਅੱਗੇ ਦੱਸਿਆ ਕਿ ਪੰਜਾਬ ਦੀਆਂ 1896 ਦਾਣਾ ਮੰਡੀਆਂ ਅਤੇ ਖ਼ਰੀਦ ਕੇਂਦਰਾਂ 'ਤੇ ਕਿਸਾਨ ਵਿੰਗ ਦੀ ਵਿਸ਼ੇਸ਼ ਜ਼ਿੰਮੇਵਾਰੀ ਲਗਾਈ ਗਈ ਹੈ। ਕਿਸਾਨ ਵਿੰਗ ਦੇ ਅਹੁਦੇਦਾਰ ਸਰਕਾਰੀ ਅਧਿਕਾਰੀਆਂ ਨਾਲ ਮਿਲ ਕੇ ਇਹ ਯਕੀਨੀ ਬਣਾਉਣਗੇ ਕਿ ਕਿਸੇ ਵੀ ਕਿਸਾਨ ਨੂੰ ਆਪਣੀ ਫ਼ਸਲ ਵੇਚਣ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਆੜ੍ਹਤੀਆਂ ਨੂੰ ਫ਼ਸਲ ਦੀ ਸਹੀ ਤੁਲਾਈ ਅਤੇ ਸਮੇਂ ਸਿਰ 'ਜੇ-ਫਾਰਮ' ਦੇਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪਾਣੀ, ਬਿਜਲੀ ਅਤੇ ਸਫ਼ਾਈ ਦਾ ਪੂਰਾ ਪ੍ਰਬੰਧ ਰਹੇਗਾ।


ਕਿਸਾਨ ਵਿੰਗ ਦੇ ਜਨਰਲ ਸਕੱਤਰ ਸਤਬੀਰ ਸਿੰਘ ਬਖਸ਼ੀਵਾਲਾ ਨੇ ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਤਿੰਨ-ਚਾਰ ਰਾਤਾਂ ਗੁਜ਼ਾਰਨੀਆਂ ਪੈਂਦੀਆਂ ਸਨ, ਪਰ ਮਾਨ ਸਰਕਾਰ ਵਿੱਚ ਫ਼ਸਲ ਦੀ ਲਿਫਟਿੰਗ ਇੰਨੀ ਤੇਜ਼ ਹੈ ਕਿ ਕਿਸਾਨ ਨੂੰ ਸ਼ਾਇਦ ਹੀ ਇੱਕ ਰਾਤ ਰੁਕਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਵਚਨਬੱਧ ਹੈ ਅਤੇ ਲਿਫਟਿੰਗ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।


ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦੱਸਿਆ ਕਿ 1 ਅਪ੍ਰੈਲ ਤੋਂ ਸਰਕਾਰੀ ਖ਼ਰੀਦ ਅਧਿਕਾਰਤ ਤੌਰ 'ਤੇ ਸ਼ੁਰੂ ਹੋ ਗਈ ਹੈ। ਮੌਸਮ ਦੀ ਖਰਾਬੀ ਕਾਰਨ ਕੁਝ ਦੇਰੀ ਜ਼ਰੂਰ ਹੋਈ ਹੈ, ਪਰ ਆਉਣ ਵਾਲੇ ਕੁਝ ਦਿਨਾਂ ਵਿੱਚ ਖ਼ਰੀਦ ਅਤੇ ਆਮਦ ਵਿੱਚ ਤੇਜ਼ੀ ਆਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਲਾਨੇ ਗਏ ਇੱਕ ਨਵੇਂ ਪਾਇਲਟ ਪ੍ਰੋਜੈਕਟ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤਾਂ ਦੇ ਵਿਚਕਾਰ ਲੱਗੇ ਖੰਭਿਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਦੇ ਜੱਦੀ ਪਿੰਡ ਸਤੌਜ ਤੋਂ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ, ਜਿਸ ਨੂੰ ਬਾਅਦ ਵਿੱਚ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ।


ਨਹਿਰੀ ਪਾਣੀ ਦੇ ਮੁੱਦੇ 'ਤੇ ਪੰਨੂ ਨੇ ਕਿਹਾ ਕਿ ਜਦੋਂ ਮਾਨ ਸਰਕਾਰ ਨੇ ਸਹੁੰ ਚੁੱਕੀ ਸੀ ਤਾਂ ਸਿਰਫ਼ 22% ਖੇਤਾਂ ਤੱਕ ਨਹਿਰੀ ਪਾਣੀ ਪਹੁੰਚਦਾ ਸੀ, ਜਿਸ ਨੂੰ ਅੱਜ ਵਧਾ ਕੇ 88% ਕਰ ਦਿੱਤਾ ਗਿਆ ਹੈ। ਸਾਡਾ ਟੀਚਾ ਇਸ ਨੂੰ 90% ਤੋਂ ਪਾਰ ਲੈ ਕੇ ਜਾਣਾ ਹੈ। ਪਿਛਲੀਆਂ ਸਰਕਾਰਾਂ ਨੇ ਸਿਰਫ਼ 'ਪਾਣੀ ਦੇ ਰਾਖੇ' ਹੋਣ ਦਾ ਢੌਂਗ ਕੀਤਾ, ਜਦੋਂ ਕਿ ਮਾਨ ਸਰਕਾਰ ਨੇ ਹਕੀਕਤ ਵਿੱਚ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਇਆ ਹੈ। ਇਸ ਨਾਲ ਨਾ ਸਿਰਫ਼ ਫ਼ਸਲ ਦੀ ਪੈਦਾਵਾਰ ਵਧੇਗੀ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਧਰਤੀ ਹੇਠਲਾ ਪਾਣੀ ਵੀ ਬਚੇਗਾ। ਉਨ੍ਹਾਂ ਦੁਹਰਾਇਆ ਕਿ ਮਾਨ ਸਰਕਾਰ ਦਾ ਹਰ ਕਦਮ ਪੰਜਾਬ ਦੀ ਕਿਸਾਨੀ ਅਤੇ ਜਵਾਨੀ ਨੂੰ ਬਚਾਉਣ ਲਈ ਸਮਰਪਿਤ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.