ਤਾਜਾ ਖਬਰਾਂ
ਪੰਜਾਬ ਕਾਂਗਰਸ ਲਈ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ, ਜਿੱਥੇ ਤਲਵੰਡੀ ਸਾਬੋ ਨਾਲ ਸੰਬੰਧਿਤ ਕਾਂਗਰਸੀ ਆਗੂ ਖੁਸ਼ਬਾਜ ਸਿੰਘ ਜਟਾਣਾ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਦਿੱਲੀ ਤੋਂ ਵਾਪਸ ਆ ਰਹੇ ਸਨ। ਹਾਦਸੇ ਵਿੱਚ ਉਨ੍ਹਾਂ ਦੇ ਕਾਰ ਡਰਾਈਵਰ ਪਰਮਿੰਦਰ ਸਿੰਘ ਦੀ ਵੀ ਮੌਕੇ ‘ਤੇ ਹੀ ਜਾਨ ਚਲੀ ਗਈ, ਜਦਕਿ ਗੰਨਮੈਨ ਕਰਨਦੀਪ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ।
ਮਿਲੀ ਜਾਣਕਾਰੀ ਅਨੁਸਾਰ, ਇਹ ਦੁਰਘਟਨਾ ਸੋਨੀਪਤ ਨੇੜੇ ਈਸਟਰਨ ਪੇਰੀਫੇਰਲ ਐਕਸਪ੍ਰੈਸਵੇ ‘ਤੇ ਜਖੌਲੀ ਟੋਲ ਪਲਾਜ਼ਾ ਕੋਲ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਗੱਡੀ ਦਾ ਟਾਇਰ ਪੈਂਚਰ ਹੋਣ ਕਾਰਨ ਉਹ ਰਸਤੇ ਵਿੱਚ ਰੁਕੇ ਹੋਏ ਸਨ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਟਰੱਕ ਨੇ ਉਨ੍ਹਾਂ ਦੀ ਡਿਫੈਂਡਰ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਇਹ ਭਿਆਨਕ ਹਾਦਸਾ ਵਾਪਰਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਦੋਵੇਂ ਵਿਅਕਤੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਘਟਨਾ ਤੋਂ ਬਾਅਦ ਸੋਨੀਪਤ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚੀ ਅਤੇ ਕਾਰਵਾਈ ਸ਼ੁਰੂ ਕੀਤੀ। ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ। ਪੁਲਿਸ ਅਨੁਸਾਰ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਹੈ, ਜਿਸ ਦੀ ਤਲਾਸ਼ ਜਾਰੀ ਹੈ ਅਤੇ ਜਲਦੀ ਗ੍ਰਿਫ਼ਤਾਰੀ ਦੀ ਗੱਲ ਕਹੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਖੁਸ਼ਬਾਜ ਸਿੰਘ ਜਟਾਣਾ ਪੰਜਾਬ ਕਾਂਗਰਸ ਦੇ ਸਰਗਰਮ ਆਗੂ ਰਹੇ ਹਨ ਅਤੇ 2022 ਦੀ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਸਨ।
Get all latest content delivered to your email a few times a month.