IMG-LOGO
ਹੋਮ ਪੰਜਾਬ, ਅੰਤਰਰਾਸ਼ਟਰੀ, ਦੁਬਈ 'ਚ ਸੁਰੱਖਿਆ ਸੰਕਟ: ਗੁਰੂ ਨਾਨਕ ਦਰਬਾਰ ਗੁਰਦੁਆਰਾ ਅਤੇ ਹਿੰਦੂ...

ਦੁਬਈ 'ਚ ਸੁਰੱਖਿਆ ਸੰਕਟ: ਗੁਰੂ ਨਾਨਕ ਦਰਬਾਰ ਗੁਰਦੁਆਰਾ ਅਤੇ ਹਿੰਦੂ ਮੰਦਰ ਅਸਥਾਈ ਤੌਰ 'ਤੇ ਬੰਦ, ਸ਼ਰਧਾਲੂਆਂ 'ਚ ਚਿੰਤਾ

Admin User - Apr 03, 2026 02:29 PM
IMG

ਮੱਧ ਪੂਰਬ ਵਿੱਚ ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਾਲੇ ਭਖ ਰਹੀ ਜੰਗ ਦਾ ਅਸਰ ਹੁਣ ਖਾੜੀ ਦੇ ਸ਼ਾਂਤ ਦੇਸ਼ਾਂ 'ਤੇ ਵੀ ਦਿਖਾਈ ਦੇਣ ਲੱਗਾ ਹੈ। ਸੁਰੱਖਿਆ ਕਾਰਨਾਂ ਦੇ ਹਵਾਲੇ ਨਾਲ ਦੁਬਈ ਪ੍ਰਸ਼ਾਸਨ ਨੇ ਇੱਕ ਵੱਡਾ ਫੈਸਲਾ ਲੈਂਦਿਆਂ ਵਿਸ਼ਵ ਪ੍ਰਸਿੱਧ ਗੁਰਦੁਆਰਾ ਗੁਰੂ ਨਾਨਕ ਦਰਬਾਰ ਅਤੇ ਹਿੰਦੂ ਮੰਦਰ ਨੂੰ ਅਗਲੇ ਹੁਕਮਾਂ ਤੱਕ ਅਸਥਾਈ ਤੌਰ 'ਤੇ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ।


ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਇੱਕ ਅਧਿਕਾਰਤ ਪੱਤਰ ਜਾਰੀ ਕਰਦਿਆਂ ਦੱਸਿਆ ਕਿ ਮੌਜੂਦਾ ਖੇਤਰੀ ਤਣਾਅ ਅਤੇ ਸੁਰੱਖਿਆ ਚੁਣੌਤੀਆਂ ਨੂੰ ਮੁੱਖ ਰੱਖਦਿਆਂ ਸੰਗਤਾਂ ਦੀ ਸੁਰੱਖਿਆ ਲਈ ਇਹ ਕਦਮ ਚੁੱਕਿਆ ਗਿਆ ਹੈ। ਇਹ ਐਲਾਨ ਠੀਕ ਉਸੇ ਦਿਨ ਸਾਹਮਣੇ ਆਇਆ ਹੈ, ਜਦੋਂ ਸਰਕਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਦੁਬਈ ਦੇ ਕਈ ਚਰਚਾਂ ਵਿੱਚ ਹੋਣ ਵਾਲੀਆਂ ਪ੍ਰਾਰਥਨਾਵਾਂ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ।


ਗੁਰੂ ਨਾਨਕ ਦਰਬਾਰ ਗੁਰਦੁਆਰਾ ਦੁਬਈ ਦੇ ਚੇਅਰਮੈਨ ਸੁਰਿੰਦਰ ਸਿੰਘ ਕੰਧਾਰੀ ਨੇ ਇਸ ਖ਼ਬਰ ਦੀ ਪੁਸ਼ਟੀ ਕਰਦਿਆਂ ਦੱਸਿਆ, "ਸਾਨੂੰ ਦੁਬਈ ਦੀ ਕਮਿਊਨਿਟੀ ਡਿਵੈਲਪਮੈਂਟ ਅਥਾਰਟੀ (CDA) ਵੱਲੋਂ ਸੁਰੱਖਿਆ ਕਾਰਨਾਂ ਕਰਕੇ ਗੁਰਦੁਆਰਾ ਸਾਹਿਬ ਦੇ ਦਰਵਾਜ਼ੇ ਬੰਦ ਕਰਨ ਦੇ ਨਿਰਦੇਸ਼ ਮਿਲੇ ਹਨ। ਪ੍ਰਸ਼ਾਸਨ ਨੇ ਸਾਵਧਾਨੀ ਵਜੋਂ ਸਾਨੂੰ ਇਹ ਹਦਾਇਤ ਕੀਤੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।"



ਗੁਰਦੁਆਰਾ ਸਾਹਿਬ ਅਤੇ ਹਿੰਦੂ ਮੰਦਰ ਦੇ ਪ੍ਰਬੰਧਕਾਂ ਨੇ ਸ਼ਰਧਾਲੂਆਂ ਤੋਂ ਇਸ ਅਸੁਵਿਧਾ ਲਈ ਮਾਫ਼ੀ ਮੰਗੀ ਹੈ। ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸਾਰੇ ਸ਼ਰਧਾਲੂਆਂ ਦੀ ਜਾਨ-ਮਾਲ ਦੀ ਸੁਰੱਖਿਆ ਸਾਡੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਸਮੂਹ ਸੰਗਤ ਨੂੰ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ ਅਤੇ ਸਭ ਦੀ ਸਲਾਮਤੀ ਲਈ ਅਰਦਾਸ ਕੀਤੀ ਹੈ।


ਮਾਹਿਰਾਂ ਦਾ ਮੰਨਣਾ ਹੈ ਕਿ ਈਰਾਨ ਵੱਲੋਂ ਅਮਰੀਕਾ ਦੇ ਸਹਿਯੋਗੀ ਦੇਸ਼ਾਂ ਨੂੰ ਦਿੱਤੀਆਂ ਜਾ ਰਹੀਆਂ ਧਮਕੀਆਂ ਅਤੇ ਖੇਤਰ ਵਿੱਚ ਵਧਦੀ ਫੌਜੀ ਸਰਗਰਮੀ ਕਾਰਨ ਯੂ.ਏ.ਈ. (UAE) ਸਰਕਾਰ ਕੋਈ ਵੀ ਜੋਖਮ ਨਹੀਂ ਲੈਣਾ ਚਾਹੁੰਦੀ। ਦੁਬਈ ਵਰਗੇ ਸੈਰ-ਸਪਾਟਾ ਅਤੇ ਵਪਾਰਕ ਕੇਂਦਰ ਵਿੱਚ ਧਾਰਮਿਕ ਸਥਾਨਾਂ ਦਾ ਬੰਦ ਹੋਣਾ ਜੰਗ ਦੇ ਗੰਭੀਰ ਪ੍ਰਭਾਵਾਂ ਵੱਲ ਇਸ਼ਾਰਾ ਕਰਦਾ ਹੈ।

Share:

ਸੰਪਾਦਕ ਦਾ ਡੈਸਕ

Parminder Singh Jatpuri

Editor in Chief

ਕੱਪੜ ਛਾਣ

Watch LIVE TV
Khabarwaale TV
Subscribe

Get all latest content delivered to your email a few times a month.