ਤਾਜਾ ਖਬਰਾਂ
ਅਜਨਾਲਾ ਦੇ ਅਧੀਨ ਪੈਂਦੇ ਪਿੰਡ ਗੱਗੋਮਾਹਲ ਦੇ ਨਜ਼ਦੀਕ ਇੱਕ ਬੇਹੱਦ ਦਰਦਨਾਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਤੇਜ਼ ਰਫ਼ਤਾਰ ਟਿੱਪਰ ਦੀ ਚਪੇਟ ਵਿੱਚ ਆਉਣ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਇੱਕ ਮੁਲਾਜ਼ਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪਰਮਜੀਤ ਸਿੰਘ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ, ਪਰਮਜੀਤ ਸਿੰਘ ਗੁਰਦੁਆਰਾ ਸ੍ਰੀ ਰਮਦਾਸ ਜੀ ਵਿਖੇ ਸੇਵਾ ਨਿਭਾਉਂਦੇ ਸਨ। ਰੋਜ਼ਾਨਾ ਦੀ ਤਰ੍ਹਾਂ ਅੱਜ ਵੀ ਉਹ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਡਿਊਟੀ ਲਈ ਜਾ ਰਹੇ ਸਨ। ਜਦੋਂ ਉਹ ਗੱਗੋਮਾਹਲ ਨੇੜੇ ਪਹੁੰਚੇ ਤਾਂ ਕਰੈਸ਼ਰ (ਬੱਜਰੀ) ਨਾਲ ਭਰੇ ਇੱਕ ਬੇਕਾਬੂ ਟਿੱਪਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਟਿੱਪਰ ਨੇ ਮੋਟਰਸਾਈਕਲ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ, ਜਿਸ ਕਾਰਨ ਪਰਮਜੀਤ ਸਿੰਘ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਟਿੱਪਰ ਚਾਲਕ ਗੱਡੀ ਛੱਡ ਕੇ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਨੇ ਟਿੱਪਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਹਾਦਸੇ ਦੀ ਖ਼ਬਰ ਮਿਲਦਿਆਂ ਹੀ ਮ੍ਰਿਤਕ ਦੇ ਰਿਸ਼ਤੇਦਾਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ। ਪੀੜਤ ਪਰਿਵਾਰ ਵਿੱਚ ਇਸ ਘਟਨਾ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਰਿਸ਼ਤੇਦਾਰਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਫ਼ਰਾਰ ਟਿੱਪਰ ਚਾਲਕ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
Get all latest content delivered to your email a few times a month.