ਤਾਜਾ ਖਬਰਾਂ
ਸਤਲੁਜ ਦਰਿਆ ਦੇ ਕੰਢੇ ਵਸੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ ਬਚਾਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਅਹਿਮ ਮੁਲਾਕਾਤ ਕੀਤੀ। ਇਸ ਬੈਠਕ ਦੌਰਾਨ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਅਤੇ ਬੁੱਢੇ ਦਰਿਆ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਵਰਗੇ ਗੰਭੀਰ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਸੰਤ ਸੀਚੇਵਾਲ ਨੇ ਮੁੱਖ ਮੰਤਰੀ ਅੱਗੇ ਪ੍ਰਸਤਾਵ ਰੱਖਿਆ ਕਿ ਗਿੱਦੜਪਿੰਡੀ ਤੋਂ ਫਿਲੌਰ ਤੱਕ ਧੁੱਸੀ ਬੰਨ੍ਹ ਦੇ ਉੱਪਰ 89 ਕਿਲੋਮੀਟਰ ਲੰਬੀ ਅਤੇ 18 ਫੁੱਟ ਚੌੜੀ ਕੰਕਰੀਟ ਦੀ ਸੜਕ ਬਣਾਈ ਜਾਵੇ। ਉਨ੍ਹਾਂ ਜ਼ੋਰ ਦਿੱਤਾ ਕਿ ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਸੌਖੀ ਹੋਵੇਗੀ, ਸਗੋਂ ਬੰਨ੍ਹ ਦੀ ਮਜ਼ਬੂਤੀ ਵੀ ਵਧੇਗੀ। ਪੰਜਾਬ ਰਾਜ ਮੰਡੀ ਬੋਰਡ ਦੀ ਰਿਪੋਰਟ ਅਨੁਸਾਰ ਇਸ ਪ੍ਰੋਜੈਕਟ 'ਤੇ ਲਗਭਗ ₹117 ਕਰੋੜ ਦੀ ਲਾਗਤ ਆਉਣ ਦਾ ਅਨੁਮਾਨ ਹੈ, ਜਿਸ ਲਈ ਨਾਬਾਰਡ (NABARD) ਤੋਂ ਸਹਾਇਤਾ ਲਈ ਜਾ ਸਕਦੀ ਹੈ।
ਆਉਣ ਵਾਲੇ ਬਰਸਾਤੀ ਸੀਜ਼ਨ ਦੇ ਖ਼ਤਰੇ ਨੂੰ ਦੇਖਦਿਆਂ ਸੰਤ ਸੀਚੇਵਾਲ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਇਸ ਸੜਕ ਦਾ ਨਿਰਮਾਣ ਜਲਦ ਸ਼ੁਰੂ ਕੀਤਾ ਜਾਵੇ। ਉਨ੍ਹਾਂ ਨੇ ਮੰਡਲਾ ਛੰਨਾ ਖੇਤਰ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਉੱਥੇ ਧੁੱਸੀ ਬੰਨ੍ਹ ਦੇ ਸਭ ਤੋਂ ਕਮਜ਼ੋਰ 2200 ਫੁੱਟ ਹਿੱਸੇ ਨੂੰ ਪੱਥਰਾਂ ਨਾਲ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸ ਖੇਤਰ ਵਿੱਚ ਹੜ੍ਹਾਂ ਦੇ ਪਾਣੀ ਨੂੰ ਰੋਕਣ ਲਈ 13 ਸਟੱਡ ਅਤੇ 2 ਸਪਰ ਬਣਾਏ ਜਾ ਰਹੇ ਹਨ ਤਾਂ ਜੋ ਪਿਛਲੇ ਸਾਲ ਵਰਗੀ ਤਬਾਹੀ ਨੂੰ ਰੋਕਿਆ ਜਾ ਸਕੇ।
ਮੀਟਿੰਗ ਦੌਰਾਨ ਬੁੱਢੇ ਦਰਿਆ ਦੇ ਪ੍ਰਦੂਸ਼ਣ ਦਾ ਮੁੱਦਾ ਵੀ ਗੂੰਜਿਆ। ਸੰਤ ਸੀਚੇਵਾਲ ਨੇ ਦਰਿਆ ਨੂੰ ਪ੍ਰਦੂਸ਼ਣ ਮੁਕਤ ਕਰਨ ਦਾ ਖ਼ਾਕਾ ਅਤੇ ਨਕਸ਼ਾ ਮੁੱਖ ਮੰਤਰੀ ਨਾਲ ਸਾਂਝਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੁੱਦੇ 'ਤੇ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਭਰੋਸਾ ਦਿੱਤਾ ਕਿ ਉਹ ਅਪ੍ਰੈਲ ਦੇ ਅਖ਼ੀਰ ਵਿੱਚ ਖ਼ੁਦ ਦੌਰਾ ਕਰਕੇ ਸਫ਼ਾਈ ਦੇ ਕੰਮਾਂ ਦਾ ਜਾਇਜ਼ਾ ਲੈਣਗੇ।
ਸੰਤ ਸੀਚੇਵਾਲ ਨੇ ਉਮੀਦ ਜਤਾਈ ਕਿ ਸਰਕਾਰ ਦੇ ਸਹਿਯੋਗ ਨਾਲ ਮਾਨਸੂਨ ਤੋਂ ਪਹਿਲਾਂ ਬੰਨ੍ਹ ਦੇ ਮਜ਼ਬੂਤੀਕਰਨ ਦਾ ਕੰਮ ਪੂਰਾ ਕਰ ਲਿਆ ਜਾਵੇਗਾ, ਜਿਸ ਨਾਲ ਹਜ਼ਾਰਾਂ ਏਕੜ ਫ਼ਸਲ ਅਤੇ ਸੈਂਕੜੇ ਪਿੰਡਾਂ ਨੂੰ ਹੜ੍ਹਾਂ ਦੇ ਖ਼ਤਰੇ ਤੋਂ ਬਚਾਇਆ ਜਾ ਸਕੇਗਾ।
Get all latest content delivered to your email a few times a month.