ਤਾਜਾ ਖਬਰਾਂ
ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿੱਚ ਚੱਲ ਰਹੇ 2017 ਦੇ ਮਾਣਹਾਨੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਨਿੱਜੀ ਤੌਰ ‘ਤੇ ਪੇਸ਼ ਨਹੀਂ ਹੋਏ। ਉਨ੍ਹਾਂ ਦੇ ਵਕੀਲ ਨੇ ਅਦਾਲਤ ਵਿੱਚ ਦਰਖ਼ਾਸਤ ਦੇ ਕੇ ਦੱਸਿਆ ਕਿ ਬਠਿੰਡਾ ਦੇ ਮਲੋਟ ਰੋਡ ‘ਤੇ ਪਾਰਟੀ ਦੀ ਵੱਡੀ ਰੈਲੀ ਹੋਣ ਕਾਰਨ ਉਨ੍ਹਾਂ ਦੀ ਹਾਜ਼ਰੀ ਉੱਥੇ ਜ਼ਰੂਰੀ ਹੈ। ਵਕੀਲ ਵੱਲੋਂ ਇਹ ਵੀ ਦਲੀਲ ਦਿੱਤੀ ਗਈ ਕਿ ਰੈਲੀ ਵਿੱਚ ਦੂਰ-ਦੁਰਾਡੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਲੋਕ ਪਹੁੰਚ ਰਹੇ ਹਨ, ਇਸ ਲਈ ਬਾਦਲ ਦੀ ਗੈਰਹਾਜ਼ਰੀ ਰੈਲੀ ਦੇ ਮਕਸਦ ਨੂੰ ਪ੍ਰਭਾਵਿਤ ਕਰ ਸਕਦੀ ਹੈ। ਅਦਾਲਤ ਨੇ ਇਸ ਅਰਜ਼ੀ ‘ਤੇ ਵਿਚਾਰ ਕਰਦੇ ਹੋਏ ਅਗਲੀ ਸੁਣਵਾਈ ਲਈ 15 ਅਪ੍ਰੈਲ ਦੀ ਤਰੀਖ਼ ਮੁਕੱਰਰ ਕਰ ਦਿੱਤੀ ਅਤੇ ਉਨ੍ਹਾਂ ਨੂੰ ਉਸ ਦਿਨ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ।
ਇਹ ਮਾਮਲਾ ਅਖੰਡ ਕੀਰਤਨੀ ਜਥੇ ਨਾਲ ਜੁੜੇ ਰਜਿੰਦਰ ਪਾਲ ਸਿੰਘ ਵੱਲੋਂ ਦਾਇਰ ਕੀਤੀ ਮਾਣਹਾਨੀ ਦੀ ਸ਼ਿਕਾਇਤ ਨਾਲ ਸੰਬੰਧਿਤ ਹੈ, ਜੋ ਕਿ ਭਾਰਤੀ ਦੰਡ ਸੰਹਿਤਾ ਦੀ ਧਾਰਾ 499 ਅਧੀਨ ਦਰਜ ਕੀਤੀ ਗਈ ਸੀ। ਸ਼ਿਕਾਇਤ ਵਿੱਚ ਦੱਸਿਆ ਗਿਆ ਕਿ 4 ਜਨਵਰੀ 2017 ਨੂੰ ਅਰਵਿੰਦ ਕੇਜਰੀਵਾਲ ਦੇ ਦੌਰੇ ਦੌਰਾਨ ਬਾਦਲ ਵੱਲੋਂ ਦਿੱਤੇ ਬਿਆਨ ਵਿੱਚ ਜਥੇ ਨੂੰ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੋੜਿਆ ਗਿਆ ਸੀ, ਜਿਸ ਨਾਲ ਸੰਗਠਨ ਦੀ ਸਾਖ ਨੂੰ ਨੁਕਸਾਨ ਪਹੁੰਚਿਆ। ਇਸ ਤੋਂ ਪਹਿਲਾਂ ਵੀ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਬਾਦਲ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਹੋ ਚੁੱਕਾ ਹੈ, ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਸੀ। ਹਾਈ ਕੋਰਟ ਵੱਲੋਂ ਕੇਸ ਰੱਦ ਕਰਨ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਮਾਮਲਾ ਹੁਣ ਵੀ ਚੰਡੀਗੜ੍ਹ ਅਦਾਲਤ ਵਿੱਚ ਲੰਬਿਤ ਹੈ।
Get all latest content delivered to your email a few times a month.