ਤਾਜਾ ਖਬਰਾਂ
ਪੰਜਾਬ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਇੱਕ ਅਹਿਮ ਮੋੜ ਆਇਆ ਜਦੋਂ ਸੀਨੀਅਰ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ‘ਅਕਾਲੀ ਦਲ ਪੁਨਰ ਸੁਰਜੀਤ’ ਨੂੰ ਅਲਵਿਦਾ ਕਹਿ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਿੰਡ ਬਾਦਲ ਵਿਖੇ ਹੋਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੱਖਣ ਬਰਾੜ ਨੂੰ ਸਿਰੋਪਾਓ ਭੇਂਟ ਕਰਕੇ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।
ਪਾਰਟੀ ਵਿੱਚ ਸ਼ਾਮਲ ਹੋਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਭਾਵੁਕ ਹੁੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀ 'ਮਾਂ ਪਾਰਟੀ' ਹੈ। ਉਨ੍ਹਾਂ ਸਪੱਸ਼ਟ ਕੀਤਾ:
"ਕੁਝ ਅਜਿਹੇ ਹਾਲਾਤ ਬਣ ਗਏ ਸਨ ਕਿ ਮੈਨੂੰ ਕੁਝ ਸਮੇਂ ਲਈ ਪਾਰਟੀ ਤੋਂ ਲਾਂਭੇ ਹੋਣਾ ਪਿਆ ਸੀ, ਪਰ ਅੱਜ ਮੁੜ ਆਪਣੇ ਪਰਿਵਾਰ ਵਿੱਚ ਵਾਪਸ ਆ ਕੇ ਮੈਨੂੰ ਬਹੁਤ ਤਸੱਲੀ ਮਿਲੀ ਹੈ। ਮੈਂ ਅਹਿਦ ਕਰਦਾ ਹਾਂ ਕਿ ਪੰਜਾਬ ਦੇ ਭਲੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਾਂਗਾ।"
ਇਸ ਮੌਕੇ ਹਾਜ਼ਰ ਸੀਨੀਅਰ ਅਕਾਲੀ ਆਗੂਆਂ ਨੇ ਮੱਖਣ ਬਰਾੜ ਦੀ ਵਾਪਸੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਇਕਲੌਤੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਬੇਹੱਦ ਜ਼ਰੂਰੀ ਹੈ। ਆਗੂਆਂ ਨੇ ਅਪੀਲ ਕੀਤੀ ਕਿ ਜੋ ਵੀ ਲੋਕ ਪੰਜਾਬ ਪ੍ਰਤੀ ਦਰਦ ਰੱਖਦੇ ਹਨ ਅਤੇ ਕਿਸੇ ਕਾਰਨ ਪਾਰਟੀ ਛੱਡ ਗਏ ਸਨ, ਉਨ੍ਹਾਂ ਨੂੰ ਮੁੜ ਇਕਜੁੱਟ ਹੋ ਕੇ ਪੰਜਾਬ ਨੂੰ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਮੱਖਣ ਬਰਾੜ ਵਰਗੇ ਤਜ਼ਰਬੇਕਾਰ ਆਗੂ ਦੀ ਵਾਪਸੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ 'ਤੇ ਨਵੀਂ ਊਰਜਾ ਮਿਲੇਗੀ। ਇਸ ਕਦਮ ਨੂੰ ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀ ਲਾਮਬੰਦੀ ਵਜੋਂ ਦੇਖਿਆ ਜਾ ਰਿਹਾ ਹੈ।
Get all latest content delivered to your email a few times a month.